ਨਵੀਂ ਦਿੱਲੀ, 11 ਜੁਲਾਈ 2022 – ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਜਪਾ ਆਗੂ ਜਗਜੀਤ ਸਿੰਘ ਵਲੋਂ ਪਾਈ ਪਟੀਸ਼ਨ ਤੇ ਅੱਜ 11 ਜੁਲਾਈ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਪਟੀਸ਼ਨ ਨੂੰ ਰੱਦ ਕਰ ਦਿੱਤੀ ਹੈ। ਭਾਜਪਾ ਆਗੂ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ ਅਤੇ ਸੁਪਰੀਮ ਕੋਰਟ ਵਿਚ ਪਟੀਸ਼ਨ ਪਾਈ ਸੀ।
ਇਹ ਪਟੀਸ਼ਨ ਮਾਨਸਾ ਦੇ ਭਾਜਪਾ ਆਗੂ ਜਗਜੀਤ ਮਿਲਖਾ ਨੇ ਦਾਇਰ ਕੀਤੀ ਸੀ। ਮਿਲਖਾ ਦਾ ਤਰਕ ਹੈ ਕਿ ਮੂਸੇਵਾਲਾ ਕੇਸ ਦੀਆਂ ਕੜੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹਨ। ਅਜਿਹੇ ‘ਚ ਪੰਜਾਬ ਪੁਲਿਸ ਇਸ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਪਾ ਰਹੀ ਹੈ। ਮਾਮਲਾ ਕੇਂਦਰੀ ਏਜੰਸੀ ਨੂੰ ਸੌਂਪਿਆ ਜਾਣਾ ਚਾਹੀਦਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੰਜਾਬ ਪੁਲਿਸ ਵੀ ਮੂਸੇਵਾਲਾ ਦੀ ਸੁਰੱਖਿਆ ਨੂੰ ਘੱਟ ਕਰਨ ਨੂੰ ਲੈ ਕੇ ਕਟਹਿਰੇ ‘ਚ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਜਾਂਚ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਸ ਦਾ ਕਹਿਣਾ ਹੈ ਕਿ ਮੂਸੇਵਾਲਾ ਦਾ ਕਤਲ ਕਰਨ ਵਾਲੇ 2 ਪਾਪੀ ਅਜੇ ਤੱਕ ਕਾਨੂੰਨੀ ਪਕੜ ਵਿਚ ਨਹੀਂ ਆਏ ਹਨ। ਕਤਲ ਤੋਂ ਬਾਅਦ ਵੀ ਉਸ ਨੇ ਹਾਈ ਕੋਰਟ ਦੇ ਜਸਟਿਸ ਤੋਂ ਜਾਂਚ ਦੀ ਮੰਗ ਕੀਤੀ ਸੀ। ਜਿਸ ਵਿੱਚ ਸੀਬੀਆਈ ਅਤੇ ਐਨਆਈਏ ਨੂੰ ਵੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ ਸੀ।