ਪਟਿਆਲਾ, 15 ਜੁਲਾਈ 2022 – ਕੁਝ ਅਣਪਛਾਤੇ ਵਿਅਕਤੀਆਂ ਨੇ ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਿਰ ਦੀ ਕੰਧ ‘ਤੇ ਖਾਲਿਸਤਾਨ ਦਾ ਪੋਸਟਰ ਲਗਾ ਦਿੱਤਾ ਹੈ। ਜਿਸ ਦੀ ਜਾਣਕਾਰੀ ਸ਼ੁੱਕਰਵਾਰ ਸਵੇਰੇ ਮਿਲੀ। ਸੂਚਨਾ ਮਿਲਦੇ ਹੀ ਪੁਲਸ ਨੇ ਪੋਸਟਰ ਪਾੜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸ ਦੇਈਏ ਕਿ 29 ਅਪ੍ਰੈਲ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਮੰਦਰ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਸਨ। ਇਸ ਦੇ ਬਾਵਜੂਦ ਮੰਦਰ ਦੀ ਕੰਧ ‘ਤੇ ਅਜਿਹੇ ਪੋਸਟਰ ਲਗਾਉਣਾ ਪੁਲਸ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕਰਦਾ ਹੈ।
ਸੂਤਰਾਂ ਮੁਤਾਬਕ ਸਵੇਰੇ 5 ਵਜੇ ਤੱਕ ਮੰਦਰ ਦੇ ਸੁਰੱਖਿਆ ਕਰਮਚਾਰੀ ਮੌਜੂਦ ਸਨ, ਉਦੋਂ ਤੱਕ ਕਿਸੇ ਵੀ ਕੰਧ ‘ਤੇ ਕੋਈ ਪੋਸਟਰ ਨਹੀਂ ਸੀ। ਪਟਿਆਲਾ ਪੁਲਿਸ ਦੀ ਤਰਫੋਂ ਮੰਦਰ ਦੇ ਮੁੱਖ ਗੇਟ ਦੇ ਬਾਹਰ ਬੈਰੀਕੇਡ ਲਗਾਉਣ ਦੇ ਨਾਲ-ਨਾਲ ਸੁਰੱਖਿਆ ਲਈ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਦਿਰ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਪਹਿਰਾ ਵੀ ਹੈ। ਇੰਨੇ ਵੱਡੇ ਪੱਧਰ ‘ਤੇ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾਣ ਦੇ ਬਾਵਜੂਦ ਮੰਦਰ ਦੀ ਕੰਧ ‘ਤੇ ਖਾਲਿਸਤਾਨ ਦਾ ਪੋਸਟਰ ਕਿਸੇ ਵੱਡੀ ਸਾਜ਼ਿਸ਼ ਦਾ ਸੰਕੇਤ ਦਿੰਦਾ ਹੈ। ਇਸ ਸਬੰਧੀ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ 30 ਜੂਨ ਨੂੰ ਜਲੰਧਰ ‘ਚ ਪੰਜਾਬ ਆਰਮਡ ਪੁਲਸ (ਪੀ.ਏ.ਪੀ.) ਦੀਆਂ ਕੰਧਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਸਨ। ਨਾਅਰਾ ਲਿਖਣ ਵਾਲੇ ਨੇ ਸਾਕਾ ਨੀਲਾ ਤਾਰਾ ਦੀ ਤਰੀਕ ਵੀ ਲਿਖੀ। ਇਸ ਦੇ ਨਾਲ ਹੀ 26 ਜਨਵਰੀ ਨੂੰ ਆਜ਼ਾਦ ਪੰਜਾਬ ਦੀ ਗੱਲ ਲਿਖੀ। ਪੁਲੀਸ ਨੇ ਸਪਰੇਅ ਨਾਲ ਲਿਖੀਆਂ ਲਾਈਨਾਂ ਮਿਟਾ ਦਿੱਤੀਆਂ ਸਨ। ਇਸ ਦੇ ਨਾਲ ਹੀ ਵਿਦੇਸ਼ ‘ਚ ਬੈਠੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਜਾਰੀ ਕਰਕੇ ਪੰਜਾਬ ਪੁਲਿਸ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲਿਖਣ ਵਾਲੇ ਨੇ ਬਹੁਤ ਵਧੀਆ ਕੰਮ ਕੀਤਾ ਹੈ।