- ਸਾਬਕਾ ਕ੍ਰਿਕਟਰ ਅਤੇ ਪੰਜਾਬੀ ਗਾਇਕ ਵਿਚਕਾਰ ਹੈ ਪੁਰਾਣੀ ਦੋਸਤੀ
ਪਟਿਆਲਾ, 16 ਜੁਲਾਈ 2022 – ਸਾਬਕਾ ਕ੍ਰਿਕੇਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੱਧੂ ਅਤੇ ਪੰਜਾਬੀ ਗਾਇਕ ਦਲੇਰ ਮਹਿੰਦੀ ਪੰਜਾਬ ਦੀ ਪਟਿਆਲਾ ਜੇਲ੍ਹ ਵਿੱਚ ਜੋੜੀ ਬਣ ਗਈ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨੂੰ ਇੱਕੋ ਬੈਰਕ ਵਿੱਚ ਰੱਖਿਆ ਹੋਇਆ ਹੈ। ਵੈਸੇ ਸਿੱਧੂ ਅਤੇ ਦਲੇਰ ਮਹਿੰਦੀ ਪੁਰਾਣੇ ਦੋਸਤ ਹਨ। ਉਹ ਕਈ ਟੀਵੀ ਸ਼ੋਅਜ਼ ਵਿੱਚ ਨਜ਼ਰ ਆ ਚੁੱਕੇ ਹਨ। ਸਜ਼ਾ ਮਿਲਣ ਤੋਂ ਬਾਅਦ ਦਲੇਰ ਮਹਿੰਦੀ ਕਾਫੀ ਨਿਰਾਸ਼ ਹੈ। ਜੇਲ੍ਹ ਵਿੱਚ ਸਿੱਧੂ ਨੇ ਗੱਲਬਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ।
ਨਵਜੋਤ ਸਿੱਧੂ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ। ਸਿੱਧੂ ਨੂੰ ਇਸ ਮਾਮਲੇ ਵਿੱਚ ਪਹਿਲਾਂ ਜੁਰਮਾਨਾ ਭਰਨ ਤੋਂ ਬਾਅਦ ਹੀ ਛੱਡ ਦਿੱਤਾ ਗਿਆ ਸੀ। ਪਰਿਵਾਰ ਨੇ ਇਸ ਦੇ ਖਿਲਾਫ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਸੁਪਰੀਮ ਕੋਰਟ ਨੇ ਫੈਸਲਾ ਬਦਲਦਿਆਂ ਸਿੱਧੂ ਨੂੰ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਹੈ। ਉਦੋਂ ਤੋਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।
ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਯਾਨੀ ਮਨੁੱਖੀ ਤਸਕਰੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਹ ਮਾਮਲਾ ਸਾਲ 2003 ਦਾ ਹੈ। ਉਸ ‘ਤੇ 10 ਲੋਕਾਂ ਨੂੰ ਆਪਣੀ ਟੀਮ ਦਾ ਮੈਂਬਰ ਬਣਾ ਕੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਜਾਣ ਦਾ ਦੋਸ਼ ਹੈ। ਉਸ ਦੇ ਭਰਾ ਸ਼ਮਸ਼ੇਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਪਰ ਬਾਅਦ ਵਿੱਚ ਦਲੇਰ ਨੂੰ ਵੀ ਨਾਮਜ਼ਦ ਕਰ ਲਿਆ ਗਿਆ। ਉਸ ਨੂੰ ਹੇਠਲੀ ਅਦਾਲਤ ਨੇ 2018 ਵਿੱਚ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਦੇ ਖਿਲਾਫ ਉਹ ਪਟਿਆਲਾ ਦੀ ਸੈਸ਼ਨ ਕੋਰਟ ਗਿਆ। ਅਦਾਲਤ ਨੇ ਉਸ ਦੀ ਸਜ਼ਾ ਬਰਕਰਾਰ ਰੱਖੀ, ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।

