ਚੰਡੀਗੜ੍ਹ, 30 ਜੁਲਾਈ 2022 – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ਨੂੰ ਭੰਗ ਕਰਨ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸੁਖਬੀਰ ਬਾਦਲ ਨੇ ਜਥੇਬੰਦਕ ਢਾਂਚੇ ਨੂੰ ਭੰਗ ਕਰਕੇ ਹੇਠਲੇ ਪੱਧਰ ਦੇ ਨੁਮਾਇੰਦਿਆਂ ਨੂੰ ਸਜ਼ਾ ਦੇ ਕੇ ਆਪਣੇ ਆਪ ਨੂੰ ਠੀਕ ਕਰਨ ਦੀ ਸਾਜ਼ਿਸ਼ ਰਚੀ ਹੈ। ਭਾਵੇਂ ਉਹਨਾਂ ਦਾ ਕੋਈ ਕਸੂਰ ਨਹੀਂ ਸੀ। ਸਿੱਖ ਸੰਗਤ ਨੂੰ ਇਤਰਾਜ਼ ਤਾਂ ਬਾਦਲ ਪਰਿਵਾਰ ਦੇ ਖਿਲਾਫ ਹੈ। ਇਸ ਸਾਜ਼ਿਸ਼ ਤਹਿਤ ਇਹ ਫੈਸਲਾ ਅਕਾਲੀ ਵਰਕਰਾਂ ਅਤੇ ਨੁਮਾਇੰਦਿਆਂ ਦੀਆਂ ਭਾਵਨਾਵਾਂ ਦੇ ਉਲਟ ਦਿੱਤਾ ਗਿਆ ਹੈ।
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਦੀ ਵੱਡੀ ਹਾਰ ਦਾ ਜਾਇਜ਼ਾ ਲੈਣ ਲਈ ਬਣਾਈ ਕਮੇਟੀ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਲੋਕਾਂ ਨੇ ਸੁਖਬੀਰ ਬਾਦਲ ਦਾ ਅਸਤੀਫਾ ਮੰਗਿਆ ਸੀ। ਉਨ੍ਹਾਂ ਕਿਹਾ ਕਿ ਸਭ ਜਾਣਦੇ ਹਨ ਕਿ ਸੁਖਬੀਰ ਬਾਦਲ ਦੀ ਕਮਜ਼ੋਰ ਲੀਡਰਸ਼ਿਪ ਕਾਰਨ ਪੰਥ ਦਾ ਬਹੁਤ ਨੁਕਸਾਨ ਹੋਇਆ ਹੈ। ਅਕਾਲੀ ਸੋਚ ਵਾਲੇ ਲੋਕ ਪੰਥ ਅਤੇ ਪੰਜਾਬ ਦੀ ਬੇਹਤਰੀ ਲਈ ਸੁਖਬੀਰ ਬਾਦਲ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ ਪਰ ਅਸਤੀਫਾ ਦੇਣ ਦੀ ਬਜਾਏ ਉਸ ਨੇ ਜਥੇਬੰਦਕ ਢਾਂਚੇ ਨੂੰ ਹੀ ਭੰਗ ਕਰ ਦਿੱਤਾ ਹੈ।