ਅੰਮ੍ਰਿਤਸਰ, 8 ਅਗਸਤ 2022 – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਬਿਜਲੀ ਮੁਲਾਜ਼ਮਾਂ ਵੱਲੋਂ ਬਿਜਲੀ ਸੋਧ ਬਿੱਲ 2022 ਨੂੰ ਸੰਸਦ ਵਿੱਚ ਪੇਸ਼ ਕੀਤੇ ਜਾਣ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬਿਜਲੀ ਬਿੱਲ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਹੈ। ਦੂਜੇ ਪਾਸੇ ਬਿਜਲੀ ਵਿਭਾਗ ਨੇ ਅੱਜ ਸੋਮਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਪਬਲਿਕ ਡੀਲਿੰਗ ਤੋਂ ਇਨਕਾਰ ਕੀਤਾ ਹੈ। ਕਿਸਾਨਾਂ ਨੇ ਗੋਲਡਨ ਗੇਟ ਨੇੜੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬਿੱਲ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਸੂਬਾ ਪੱਧਰੀ ਅੰਦੋਲਨ ਸ਼ੁਰੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਿੱਲ ਪੂਰੀ ਤਰ੍ਹਾਂ ਲੋਕ ਵਿਰੋਧੀ ਹੈ। ਬਿੱਲ ਪਾਸ ਕਰਨ ਸਮੇਂ ਆਮ ਲੋਕਾਂ ਦਾ ਕੋਈ ਖਿਆਲ ਨਹੀਂ ਰੱਖਿਆ ਗਿਆ। ਬਿਜਲੀ ਮੁਲਾਜ਼ਮਾਂ ਤੇ ਇੰਜਨੀਅਰਾਂ ਦੇ ਬੈਨਰ ਹੇਠ ਅਧਿਕਾਰੀ ਤੇ ਮੁਲਾਜ਼ਮ ਹੜਤਾਲ ’ਤੇ ਹਨ। ਪਾਵਰਕੌਮ ਆਗੂਆਂ ਨੇ ਦੱਸਿਆ ਕਿ ਬਿਜਲੀ ਸੋਧ ਬਿੱਲ ਸੋਮਵਾਰ ਨੂੰ ਸਦਨ ਵਿੱਚ ਰੱਖਿਆ ਜਾਵੇਗਾ। ਇਸ ਦੇ ਵਿਰੋਧ ਵਿੱਚ ਸੂਬੇ ਭਰ ਵਿੱਚ ਬਿਜਲੀ ਕਾਮਿਆਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ।
ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਇਸ ਮੁੱਦੇ ’ਤੇ ਸੂਬਾ ਪੱਧਰੀ ਅੰਦੋਲਨ ਸ਼ੁਰੂ ਕਰਨ ਲਈ ਸੋਮਵਾਰ ਸ਼ਾਮ ਨੂੰ ਵਰਕਿੰਗ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਫੈਸਲਾ ਲੈਣ ਉਪਰੰਤ ਸੰਘਰਸ਼ ਦੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਬਿੱਲ ਵਿਰੁੱਧ ਅੱਜ ਪੰਜਾਬ ਭਰ ਦੇ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ।
ਬਿਜਲੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਦੇਸ਼ ਭਰ ਦੀਆਂ ਬਿਜਲੀ ਕੰਪਨੀਆਂ ਦਾ ਨਿੱਜੀਕਰਨ ਹੋ ਜਾਵੇਗਾ। ਰਾਸ਼ਟਰੀ ਸੰਸਥਾ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ‘ਚ ਕਿਹਾ ਗਿਆ ਹੈ ਕਿ ਸੰਸਦ ‘ਚ ਬਿਜਲੀ ਸੋਧ ਬਿੱਲ 2022 ਪੇਸ਼ ਕਰਨ ਤੋਂ ਪਹਿਲਾਂ ਇਸ ‘ਤੇ ਸਾਰਿਆਂ ਨਾਲ ਵਿਸਤ੍ਰਿਤ ਚਰਚਾ ਕੀਤੀ ਜਾਣੀ ਜ਼ਰੂਰੀ ਹੈ। ਇਲੈਕਟ੍ਰੀਸਿਟੀ ਐਕਟ 2003 ਬਣਾਉਂਦੇ ਸਮੇਂ ਜਿਸ ਵਿਧੀ ਦਾ ਪਾਲਣ ਕੀਤਾ ਗਿਆ ਸੀ, ਉਹ ਨਵਾਂ ਐਕਟ ਬਣਾਉਣ ਵੇਲੇ ਅਪਣਾਇਆ ਜਾਣਾ ਚਾਹੀਦਾ ਹੈ।
ਇਕੱਲੇ ਅੰਮ੍ਰਿਤਸਰ ਸ਼ਹਿਰ ਵਿੱਚ ਹੀ ਰੋਜ਼ਾਨਾ 100 ਤੋਂ ਵੱਧ ਨੁਕਸ ਨਿਕਲਦੇ ਹਨ। ਜੇਕਰ ਸਮੇਂ ਸਿਰ ਬਿਜਲੀ ਸਪਲਾਈ ਠੀਕ ਨਹੀਂ ਹੁੰਦੀ ਤਾਂ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਿਜਲੀ ਕਾਮਿਆਂ ਦਾ ਕਹਿਣਾ ਹੈ ਕਿ ਜੇਕਰ ਅੱਜ ਕੋਈ ਨੁਕਸ ਨਿਕਲਦਾ ਹੈ ਤਾਂ ਉਸ ਨੂੰ ਠੀਕ ਨਹੀਂ ਕੀਤਾ ਜਾਵੇਗਾ। ਅੱਜ ਪਬਲਿਕ ਡੀਲਿੰਗ ਪੂਰੀ ਤਰ੍ਹਾਂ ਬੰਦ ਰਹੀ। ਇਸ ਤੋਂ ਇਲਾਵਾ ਅੱਜ ਨਾ ਤਾਂ ਮੀਟਰ ਰੀਡਿੰਗ ਹੋਵੇਗੀ ਅਤੇ ਨਾ ਹੀ ਬਿੱਲ ਜਨਰੇਟ ਹੋਣਗੇ।