ਚੰਡੀਗੜ੍ਹ, 10 ਜੁਲਾਈ 2022 – ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲੇ ਦੀ ਹਿੰਸਾ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਮੌਜੂਦਗੀ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਕਾਂਗਰਸ ਸਰਕਾਰ ‘ਚ ਡਿਪਟੀ ਸੀਐੱਮ ਰਹਿ ਚੁੱਕੇ ਸੁਖਜਿੰਦਰ ਰੰਧਾਵਾ ਨੇ ਰਾਘਵ ਚੱਢਾ ਦੇ ਬਿਆਨ ‘ਤੇ ਆਮ ਆਦਮੀ ਪਾਰਟੀ (ਆਪ) ਨੂੰ ਘੇਰਿਆ ਹੈ।
ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦਾ ਪਾਖੰਡ ਸਾਫ ਹੈ। ਸੁਪਰ ਸੀਐਮ ਰਾਘਵ ਚੱਢਾ ਨੇ ਦੀਪ ਸਿੱਧੂ ਨੂੰ ਦੇਸ਼ ਵਿਰੋਧੀ ਕਿਹਾ ਸੀ। ਪਰ ਹੁਣ ਉਹਨਾਂ ਦੇ ਹੀ ਮੰਤਰੀ ਦੀ ਦੀਪ ਸਿੱਧੂ ਨਾਲ ਲਾਲ ਕਿਲੇ ‘ਤੇ ਕੇਸਰੀ ਝੰਡਾ ਲਗਾਉਣ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ‘ਤੇ ਰੰਧਾਵਾ ਨੇ ਕਿਹਾ ਕੇ ਪਾਰਟੀ ਦਾ ਅੰਤਿਮ ਸਟੈਂਡ ਕੀ ਹੈ ? ਜਨਤਾ ਅਤੇ ਅਸੀਂ ਜਾਣਨਾ ਚਾਹੁੰਦੇ ਹਾਂ। ਹਾਲਾਂਕਿ ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਉਥੇ ਹੀ ਪੰਜਾਬ ਭਾਜਪਾ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਭਾਜਪਾ ਆਗੂ ਜੀਵਨ ਗੁਪਤਾ ਨੇ ਮੰਗ ਕੀਤੀ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਕੌਮੀ ਝੰਡੇ ਦਾ ਅਪਮਾਨ ਕਰਨ ਵਾਲੇ ਲਾਲਜੀਤ ਭੁੱਲਰ ਨੂੰ ਤੁਰੰਤ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਨ।
ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਪੰਜਾਬ ਦੇ ਲੱਖਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਮੰਤਰੀ ਦੀ ਵੀਡੀਓ ਦੀ ਸੱਚਾਈ ਮੈਨੂੰ ਨਹੀਂ ਪਤਾ। ਕੀ ਕਾਰਨ ਹਨ। ਇਹ ਜ਼ਰੂਰ ਜਾਂਚ ਦਾ ਵਿਸ਼ਾ ਹੋ ਸਕਦਾ ਹੈ।