ਚੰਡੀਗੜ੍ਹ, 20 ਅਗਸਤ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੁਹਾਲੀ ਦੇ ਚੰਡੀਗੜ੍ਹ ਨਾਲ ਲੱਗਦੇ ਨਿਊ ਚੰਡੀਗੜ੍ਹ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀਆਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।
ਪ੍ਰਧਾਨ ਮੰਤਰੀ ਮੋਦੀ ਨਿਊ ਚੰਡੀਗੜ੍ਹ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਪਹੁੰਚ ਰਹੇ ਹਨ। ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਦੇ ਆਉਣ ‘ਤੇ ਜਿੱਥੇ ਪ੍ਰਸ਼ਾਸਨ ਵੱਲੋਂ ਇਲਾਕੇ ਦੇ ਕਈ ਤਰ੍ਹਾਂ ਦੇ ਪੈਂਡਿੰਗ ਪਏ ਕੰਮਾਂ ਨੂੰ ਪੂਰਾ ਕਰਨ ‘ਚ ਰੁੱਝਿਆ ਹੋਇਆ ਹੈ, ਉਥੇ ਹੀ ਗਮਾਡਾ ਵੱਲੋਂ ਸੜਕ ਦੇ ਕਿਨਾਰਿਆਂ ‘ਤੇ ਲੱਗੇ ਵੱਡੇ-ਵੱਡੇ ਸਾਈਨ ਬੋਰਡ ਹਟਾਏ ਜਾ ਰਹੇ ਹਨ ਅਤੇ ਇਸ ਦੇ ਨਾਲ-ਨਾਲ ਸਫ਼ਾਈ ਦਾ ਕੰਮ ਕੀਤਾ ਜਾ ਰਿਹਾ ਹੈ | ਨਿਊ ਚੰਡੀਗੜ੍ਹ ਤੋਂ ਸਿਸਵਾਂ ਸੜਕ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਪਿਛਲੇ ਕਈ ਮਹੀਨਿਆਂ ਤੋਂ ਨਹੀਂ ਹੋ ਰਿਹਾ ਸੀ।
ਸ਼ੁੱਕਰਵਾਰ ਨੂੰ, ਅਧਿਕਾਰੀਆਂ ਨੇ ਮੈਡੀਸਿਟੀ, ਨਿਊ ਚੰਡੀਗੜ੍ਹ ਵਿੱਚ ਨਵੇਂ ਬਣੇ ਹੋਮੀ ਭਾਭਾ ਕੈਂਸਰ ਹਸਪਤਾਲ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਆਈਜੀ ਡੀਸੀ ਮੁਹਾਲੀ ਅਮਿਤ ਤਲਵਾੜ, ਰੋਪੜ ਦੇ ਡੀਆਈਜੀ ਅਤੇ ਹੋਰ ਉੱਚ ਅਧਿਕਾਰੀ ਪੁੱਜੇ ਹੋਏ ਸਨ। ਦੱਸ ਦੇਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਫਿਰੋਜ਼ਪੁਰ ਵਿੱਚ ਸੁਰੱਖਿਆ ਵਿੱਚ ਢਿੱਲਮੱਠ ਦੇਖਣ ਨੂੰ ਮਿਲੀ ਸੀ। ਇਸ ਕਾਰਨ ਪੀਐਮ ਮੋਦੀ ਨੂੰ ਅੱਧ ਵਿਚਕਾਰ ਹੀ ਦਿੱਲੀ ਪਰਤਣਾ ਪਿਆ। ਇਸ ਦੇ ਨਾਲ ਹੀ ਉਨ੍ਹਾਂ ਦੇ ਕਾਫਲੇ ਨੂੰ ਸੜਕ ‘ਤੇ ਕੁਝ ਸਮੇਂ ਲਈ ਰੋਕਣਾ ਪਿਆ।
ਹੁਣ ਇਸ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਹੁਣ ਤੋਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਿਸਾਨ ਨੇਤਾਵਾਂ ‘ਤੇ ਵੀ ਨਜ਼ਰ ਰੱਖੀ ਜਾਵੇਗੀ ਅਤੇ ਅਜਿਹੇ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਜੋ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਪ੍ਰਭਾਵਿਤ ਕਰ ਸਕਦੇ ਹਨ।
ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਸੁਰੱਖਿਆ ਵਿਵਸਥਾ ਦੀਆਂ ਤਿਆਰੀਆਂ ਨੂੰ ਬਰੀਕ ਛੋਹ ਦੇਣ ਲਈ ਡੀਜੀਪੀ ਗੌਰਵ ਯਾਦਵ ਨੇ ਅੱਜ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਨੂੰ ਦੇਖਦੇ ਹੋਏ ਇਲਾਕੇ ਵਿੱਚ 7500 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਸੁਰੱਖਿਆ ਪ੍ਰਣਾਲੀ 3 ਤੋਂ 5 ਲੇਅਰਾਂ ਦੀ ਹੋਵੇਗੀ। ਇਸ ਵਿੱਚ ਕਿਸੇ ਵੀ ਬਾਹਰੀ ਵਿਅਕਤੀ ਨੂੰ ਬਿਨਾਂ ਇਜਾਜ਼ਤ ਦੇ ਦਾਖ਼ਲ ਹੋਣ ਦੀ ਮਨਾਹੀ ਹੋਵੇਗੀ। ਇਸ ਤੋਂ ਇਲਾਵਾ ਇਲਾਕੇ ਵਿੱਚ 5 ਕਿਲੋਮੀਟਰ ਦੇ ਘੇਰੇ ਵਿੱਚ ਧਾਰਾ 144 ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।