ਚੰਡੀਗੜ੍ਹ, 24 ਅਗਸਤ 2022 – ਸਰਕਾਰ ਨੇ ਸੂਬੇ ਭਰ ਵਿੱਚ ਸਬ-ਡਵੀਜ਼ਨ ਪੱਧਰ ‘ਤੇ 1 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਖੇਡ ਮੇਲੇ ਲਈ ਰਜਿਸਟ੍ਰੇਸ਼ਨ ਦੀ ਮਿਤੀ ਤਬਦੀਲ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾ ਰਹੇ ਖੇਡ ਮੇਲੇ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਦੀ ਆਖਰੀ ਮਿਤੀ 25 ਅਗਸਤ ਤੈਅ ਕੀਤੀ ਸੀ। ਪਰ ਹੁਣ ਸਰਕਾਰ ਨੇ ਇਸ ਨੂੰ ਵਧਾ ਕੇ 30 ਅਗਸਤ ਕਰ ਦਿੱਤਾ ਹੈ। ਇਹ ਫੈਸਲਾ ਅੱਜ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨਾਲ ਹੋਈ ਵਰਚੁਅਲ ਮੀਟਿੰਗ ਵਿੱਚ ਲਿਆ ਗਿਆ।
ਬੇਸ਼ੱਕ ਖੇਡ ਮੇਲੇ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 30 ਅਗਸਤ ਤੱਕ ਵਧਾ ਦਿੱਤੀ ਗਈ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਖੇਡ ਮੇਲੇ ਦਾ ਉਦਘਾਟਨ ਕਰਨਗੇ। ਕੌਮੀ ਖੇਡ ਦਿਵਸ ਮੌਕੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾ ਰਹੇ ਖੇਡ ਮੇਲੇ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਤੋਂ ਕਰਨਗੇ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਤਿਆਰੀਆਂ ਨੂੰ ਲੈ ਕੇ ਜੁਟਿਆ ਹੋਇਆ ਹੈ।
ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਸਮੇਤ ਹਾਕੀ, ਓਲੰਪੀਅਨ ਖਿਡਾਰੀ, ਮੁੱਕੇਬਾਜ਼ੀ ਅਤੇ ਹੋਰ ਖਿਡਾਰੀਆਂ ਨੂੰ ਖੇਡ ਮੇਲੇ ਪ੍ਰਤੀ ਉਤਸ਼ਾਹਿਤ ਕਰਨ ਦੀ ਅਪੀਲ ਵੀ ਕੀਤੀ ਹੈ। ਇਸ ਵੀਡੀਓ ਵਿੱਚ ਸਾਬਕਾ ਓਲੰਪੀਅਨ, ਪੁਲਿਸ ਅਧਿਕਾਰੀ ਅਤੇ ਜਲੰਧਰ ਕੈਂਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰਿੰਦਰ ਸਿੰਘ ਸੋਢੀ ਵੀ ਅਪੀਲ ਕਰਦੇ ਨਜ਼ਰ ਆ ਰਹੇ ਹਨ। ਸਰਕਾਰ ਉਸ ਦੀ ਅਪੀਲ ਨੂੰ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਕਰ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਆ ਕੇ ਇਸ ਖੇਡ ਵਿਚ ਆਪਣੀ ਪ੍ਰਤਿਭਾ ਦਿਖਾ ਸਕਣ। ਖੇਡ ਵਿਭਾਗ ਨੇ ਇਸ ਖੇਡ ਮੇਲੇ ਸਬੰਧੀ ਆਪਣਾ ਲੋਗੋ ਵੀ ਜਾਰੀ ਕੀਤਾ ਹੈ।