-ਫਿਲੀਪੀਨਜ਼ ‘ਚ ਮਨਦੀਪ ਮਨੀਲਾ ਦੀ ਗੋਲੀ ਮਾਰ ਕੇ ਹੱਤਿਆ
- ਦਵਿੰਦਰ ਬੰਬੀਹਾ ਗੈਂਗ ਨਾਲ ਜੁੜਿਆ ਹੋਇਆ ਸੀ ਗੈਂਗਸਟਰ
- ਲਾਰੈਂਸ-ਗੋਲਡੀ ਬਰਾੜ ਗੈਂਗ ਨੇ ਲਈ ਜ਼ਿੰਮੇਵਾਰੀ
ਚੰਡੀਗੜ੍ਹ, 26 ਅਗਸਤ 2022 – ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਮਨੀਲਾ ਦੀ ਫਿਲੀਪੀਨਜ਼ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਫਿਲੀਪੀਨਜ਼ ਵਿੱਚ ਬੰਬੀਹਾ ਗੈਂਗ ਚਲਾ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਮਨਦੀਪ ਮਨੀਲਾ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਲੋਪੋ ਦਾ ਰਹਿਣ ਵਾਲਾ ਸੀ ਅਤੇ ਕਰੀਬ 3 ਸਾਲ ਪਹਿਲਾਂ ਮਨੀਲਾ ਗਿਆ ਸੀ ਉੁਹ ਪਿਛਲੇ ਕਈ ਸਾਲਾਂ ਤੋਂ ਮਨੀਲਾ ਵਿੱਚ ਰਹਿ ਰਿਹਾ ਸੀ।
ਗੈਂਗਸਟਰ ਲਾਰੈਂਸ-ਗੋਲਡੀ ਬਰਾੜ ਗੈਂਗ ਨੇ ਮਨੀਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਦਾ ਆਡੀਓ ਵਾਇਰਲ ਹੋ ਗਿਆ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹ ਕਤਲ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਕੀਤਾ ਗਿਆ ਹੈ। ਆਡੀਓ ਵਿੱਚ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਬੰਬੀਹਾ ਗੈਂਗ ਦੇ ਮੈਂਬਰਾਂ ਦਾ ਉਹੀ ਹਾਲ ਹੋਵੇਗਾ ਜੋ ਸਿੱਧੂ ਮੂਸੇਵਾਲਾ ਨੇ ਕੀਤਾ ਸੀ।
ਮਨਦੀਪ ਮਨੀਲਾ ਦੇ ਕਤਲ ਤੋਂ ਬਾਅਦ ਲਾਰੈਂਸ-ਗੋਲਡੀ ਗੈਂਗ ਨੇ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲਿਆਂ ਵਿੱਚ ਮੰਨੂੰ ਅਤੇ ਰੂਪਾ ਵੀ ਸ਼ਾਮਲ ਸਨ। ਜਿਨ੍ਹਾਂ ਨੂੰ ਪੁਲਿਸ ਨੇ ਅੰਮ੍ਰਿਤਸਰ ਵਿੱਚ ਐਨਕਾਊਂਟਰ ਵਿੱਚ ਮਾਰ ਦਿੱਤਾ ਸੀ। ਇਹ ਰਿਕਾਰਡਿੰਗ ਦੀਪਕ ਮੁੰਡੀ ਦੇ ਨਾਂ ‘ਤੇ ਵਾਇਰਲ ਹੋ ਰਹੀ ਹੈ। ਦੀਪਕ ਮੁੰਡੀ ਮੂਸੇਵਾਲਾ ਕਤਲ ਕਾਂਡ ਦਾ ਛੇਵਾਂ ਸ਼ੂਟਰ ਹੈ, ਜਿਸ ਨੂੰ ਪੁਲਿਸ ਅਜੇ ਤੱਕ ਫੜ ਨਹੀਂ ਸਕੀ।
ਦਵਿੰਦਰ ਬੰਬੀਹਾ ਗੈਂਗ ਨੇ ਲਾਰੇਂਸ ਗੈਂਗ ਦਾ ਬਦਲਾ ਲੈਣ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਲਾਰੈਂਸ, ਗੋਲਡੀ ਬਰਾੜ ਅਤੇ ਗਾਇਕ ਮਨਕੀਰਤ ਔਲਖ ਨੂੰ ਨਿਸ਼ਾਨੇ ‘ਤੇ ਰੱਖਿਆ ਹੈ। ਬੰਬੀਹਾ ਗੈਂਗ ਕਈ ਵਾਰ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਇਹ ਧਮਕੀਆਂ ਦੇ ਚੁੱਕਾ ਹੈ। ਇਸ ਦੇ ਨਾਲ ਹੀ ਬੰਬੀਹਾ ਗੈਂਗ ਨੇ ਮਨਦੀਪ ਮਨੀਲਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਵੀ ਦਿੱਤੀ ਹੈ।
ਇਸਤੋਂ ਪਹਿਲਾਂ ਕੇਂਦਰ ਦੀ ਖੁਫੀਆ ਏਜੰਸੀਆਂ ਨੇ ਵੀ ਪੰਜਾਬ ਸਰਕਾਰ ਨੂੰ ਅਲਰਟ ਕੀਤਾ ਹੈ ਕਿ ਜੇਲ ਵਿੱਚ ਗੈਂਗਵਾਰ ਹੋਣ ਦਾ ਖਦਸ਼ਾ ਹੈ। ਕੇਂਦਰੀ ਗ੍ਰਹਿ ਵਿਭਾਗ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਖਦਸ਼ਾ ਜਤਾਇਆ ਹੈ ਕਿ ਪੰਜਾਬ ਵਿੱਚ ਇੱਕ ਵਾਰ ਮੁੜ ਗੈਂਗਵਾਰ ਹੋ ਸਕਦੀ ਹੈ।