ਸਬਸਿਡੀ ਵਾਲੇ ਖੇਤੀ ਸੰਦਾਂ ਉਪਰ ਲੇਜ਼ਰ ਨਾਲ ਲਿਖਿਆ ਜਾਵੇਗਾ ਨੰਬਰ, ਸਬਸਿਡੀ ਦੇ ਨਾਮ ‘ਤੇ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ – ਧਾਲੀਵਾਲ

  • ਖੇਤੀ ਮੰਤਰੀ ਵੱਲੋਂ ਪਟਿਆਲਾ ‘ਚ ਖੇਤੀ ਮਸ਼ੀਨਰੀ ਦਾ ਮੁਆਇਨਾ
  • ਕਿਹਾ, ਖੇਤੀ ਸੰਦਾਂ ‘ਤੇ ਪੰਜਾਬ ਸਰਕਾਰ ਵੱਲੋਂ ਤੈਅ ਮਾਪਦੰਡਾਂ ਨਾਲ ਕੋਈ ਸਮਝੌਤਾ ਨਹੀਂ
  • ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਦੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ-ਕੁਲਦੀਪ ਧਾਲੀਵਾਲ

ਪਟਿਆਲਾ, 1 ਸਤੰਬਰ 2022 – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਉਪਰ ਲੇਜ਼ਰ ਨਾਲ ਵਿਸ਼ੇਸ਼ ਨੰਬਰ ਲਗਾਏ ਜਾਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਸਬਸਿਡੀ ਦੇ ਨਾਮ ‘ਤੇ ਕਿਸੇ ਕਿਸਮ ਦੀ ਕਾਲਾਬਾਜ਼ਾਰੀ ਨਾ ਹੋ ਸਕੇ।

ਧਾਲੀਵਾਲ ਅੱਜ ਪਟਿਆਲਾ ਦੇ ਪਿੰਡ ਦੌਲਤਪੁਰ ਵਿਖੇ ਜੀ.ਐਸ.ਏ.ਆਈ. ਦੀ ਐਗਰੀਜ਼ੋਨ ਯੂਨਿਟ ਵਿਖੇ ਸੁਪਰਸੀਡਰ ਤੇ ਹੋਰ ਮਸ਼ੀਨਰੀ ਦਾ ਪੰਜਾਬ ਸਰਕਾਰ ਵੱਲੋਂ ਰੱਖੇ ਮਾਪਦੰਡਾਂ ‘ਤੇ ਖਰ੍ਹੇ ਉਤਰਨ ਸਬੰਧੀ ਮੁਆਇਨਾ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਡਾ. ਬਲਬੀਰ ਸਿੰਘ, ਗੁਰਲਾਲ ਘਨੌਰ ਤੇ ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਸਨ। ਜੀ.ਐਸ.ਏ.ਆਈ. ਦੇ ਮੈਨੇਜਿੰਗ ਡਾਇਰੈਕਟਰ ਜਤਿੰਦਰਪਾਲ ਸਿੰਘ ਨੇ ਕੈਬਨਿਟ ਮੰਤਰੀ ਨੂੰ ਐਗਰੀਜੋਨ ਯੂਨਿਟ ਦਾ ਦੌਰਾ ਕਰਵਾਇਆ ਅਤੇ ਵੱਖ-ਵੱਖ ਸੰਦਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਸੁਪਰਸੀਡਰ ਅਤੇ ਪਰਾਲੀ ਸਾਂਭਣ ਵਾਲੇ ਸੰਦਾਂ ਉਪਰ ਸਬਸਿਡੀ ਮਾਮਲੇ ਵਿੱਚ ਵੱਡਾ ਘਪਲਾ ਹੋਇਆ ਸੀ, ਇਸ ਲਈ ਭਗਵੰਤ ਮਾਨ ਸਰਕਾਰ ਨੇ ਇਸ ਵਾਰ ਅਜਿਹਾ ਰੋਕਣ ਲਈ ਖੇਤੀ ਮਸ਼ੀਨਰੀ ਉਪਰ ਲੇਜ਼ਰ ਨਾਲ ਇੱਕ ਵਿਸ਼ੇਸ਼ ਨੰਬਰ ਲਗਾਉਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਇਸ ਮਸ਼ੀਨਰੀ ਨੂੰ ਸਬਸਿਡੀ ਲਈ ਦੁਬਾਰਾ ਨਾ ਵਰਤਿਆ ਜਾ ਸਕੇ ਕਿਉਂਕਿ ਇਸ ਉਪਰ ਸਰਕਾਰ 50 ਫ਼ੀਸਦੀ ਸਬਸਿਡੀ ਦਿੰਦੀ ਹੈ।

ਖੇਤੀ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਚਾਹੁੰਦੀ ਹੈ ਕਿ ਕਿਸਾਨ ਇਸ ਮਸ਼ੀਨਰੀ ਦਾ ਪੂਰਾ ਲਾਭ ਉਠਾਉਣ ਤਾਂ ਕਿ ਪੰਜਾਬ ‘ਚ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੰਭਾਲ ਕੀਤੀ ਜਾਵੇ ਅਤੇ ਨਾਲ-ਨਾਲ ਛੋਟੀਆਂ ਸਨਅਤਾਂ ਨੂੰ ਵੀ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਜਮੀਨ ਵਿੱਚ ਹੀ ਦਬਾਉਣ ਲਈ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਕਰਨ।

ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਕੋਲ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਰਵਾਸੀ ਮਾਮਲੇ ਵਿਭਾਗ ਵੀ ਹਨ, ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣਾ ਅਤੇ ਖੇਤੀਬਾੜੀ ਰਹਿੰਦ-ਖੂੰਹਦ ਅਤੇ ਪਰਾਲੀ ਪ੍ਰਬੰਧਨ ਇੱਕ ਵੱਡੀ ਚੁਣੌਤੀ ਹੈ, ਜਿਸ ਨਾਲ ਨਜਿੱਠਣ ਵਾਸਤੇ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕਰ ਲਏ ਹਨ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਨੂੰ ਬਿਹਤਰ ਖੇਤੀ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ ਤਾਂ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ।

ਇੱਕ ਸਵਾਲ ਦੇ ਜਵਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾਂ ਦੀ ਵੰਡ ਵਿੱਚ ਮੁਢਲੇ ਤੌਰ ‘ਤੇ 150 ਕਰੋੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੋਂ ਆਗਿਆ ਮੰਗੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਫ਼-ਸੁਥਰਾ ਤੇ ਭ੍ਰਿਸ਼ਟਾਚਾਰ ਰਹਿਤ ਪ੍ਰਸਾਸ਼ਨ ਦੇਣ ਲਈ ਵਚਨਬੱਧ ਹੈ, ਜਿਸ ਲਈ ਇਸ ਮਾਮਲੇ ਵਿੱਚ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਇਹ ਵੀ ਸੁਨੇਹਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਖੇਤੀਬਾੜੀ ਸੰਦਾਂ ਉਪਰ ਸਬਸਿਡੀ ਦੇ ਨਾਮ ‘ਤੇ ਕੀਤੀ ਜਾਂਦੀ ਕਾਲਾਬਾਜ਼ਾਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਖੇਤੀ ਸੰਦਾਂ ‘ਤੇ ਸਬਸਿਡੀ ਦਾ ਲਾਭ ਸਿੱਧਾ ਕਿਸਾਨਾਂ ਨੂੰ ਹੀ ਦਿੱਤਾ ਜਾਵੇਗਾ।ਉਨ÷ ਾਂ ਖੇਤੀ ਸੰਦ ਬਣਾਉਣ ਵਾਲੀਆਂ ਕੰਪਨੀਆਂ ਨੂੰ ਅਪੀਲ ਕੀਤੀ ਕਿ ਖੇਤੀ ਸੰਦ ਬਣਾਉਣ ਅਤੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਸਮੇਂ ਸਰਕਾਰ ਵਲੋਂ ਤੈਅ ਮਾਪਦੰਡਾਂ ਦੀ ਇੰਨ ਬਿਨ ਪਾਲਣਾ ਯਕੀਨੀ ਬਣਾਉਣ ਤਾਂਕਿ ਸਰਕਾਰ ਨੂੰ ਸਬਸਿਡੀ ਦੇਣ ਵਿਚ ਕੋਈ ਦਿੱਕਤ ਨਾ ਆਵੇ।

ਇਸ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ, ਗੁਰਲਾਲ ਘਨੌਰ ਤੇ ਜਸਵੰਤ ਸਿੰਘ ਗੱਜਣਮਾਜਰਾ, ਆਪ ਦੇ ਲੋਕ ਸਭਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਖੇਤੀਬਾੜੀ ਡਾ. ਗੁਰਵਿੰਦਰ ਸਿੰਘ, ਏਡੀਸੀ ਦਿਹਾਤੀ ਵਿਕਾਸ ਈਸ਼ਾ ਸਿੰਘਲ, ਐੱਸਡੀਐੱਮ ਡਾ. ਇਸਮਤ ਵਿਜੇ ਸਿੰਘ, ਐਸ.ਪੀ ਰਕੇਸ਼ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰ ਸਿੰਘ, ਡੀਡੀਪੀਓ ਸੁਖਚੈਨ ਸਿੰਘ ਪਾਪੜਾ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀਈਓ ਵਿਨੀਤ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਵੱਲੋਂ ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

ਪੰਜਾਬ ਦੇ 10 ਜ਼ਿਲ੍ਹਿਆ ‘ਚ ਖੋਲ੍ਹੇ ਜਾਣਗੇ ਬਿਰਧ ਘਰ