ਪਟਿਆਲਾ, 10 ਸਤੰਬਰ 2022 – ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਸ਼ਿਕਾਇਤ ’ਤੇ ਥਾਣਾ ਜੁਲਕਾ ਦੀ ਪੁਲੀਸ ਨੇ ਉਨ੍ਹਾਂ ਦੀ ਦੂਜੀ ਪਤਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਵਿਧਾਇਕ ਪਠਾਨਮਾਜਰਾ ਦੀ ਵੀਡੀਓ ਵਾਇਰਲ ਕਰਨ ਦੇ ਦੋਸ਼ ਵਿੱਚ ਉਸ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਉਰਫ਼ ਗੁਰੀ ਗਿੱਲ ਖ਼ਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਵਿਧਾਇਕ ਨੇ ਦੋਸ਼ ਲਾਇਆ ਕਿ ਉਸ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਅਸ਼ਲੀਲ ਵੀਡੀਓ ਵਾਇਰਲ ਕਰਕੇ ਉਸ ਦਾ ਅਕਸ ਖਰਾਬ ਕੀਤਾ ਹੈ। ਉਨ੍ਹਾਂ ਗੁਰਪ੍ਰੀਤ ਕੌਰ ’ਤੇ ਦੋਸ਼ ਲਾਇਆ ਹੈ ਕਿ ਵਿਧਾਇਕ ਬਣਨ ਤੋਂ ਬਾਅਦ ਉਸ ’ਤੇ ਸਰਕਾਰ ਵਿੱਚ ਗਲਤ ਕੰਮ ਕਰਨ ਲਈ ਦਬਾਅ ਪਾਇਆ ਗਿਆ ਅਤੇ ਇੱਕ ਕਰੋੜ ਰੁਪਏ ਦੀ ਮੰਗ ਵੀ ਕੀਤੀ ਗਈ। ਅਜਿਹਾ ਨਾ ਕਰਨ ‘ਤੇ ਗੁਰਪ੍ਰੀਤ ਕੌਰ ਲਾਇਸੈਂਸੀ ਰਿਵਾਲਵਰ ਨਾਲ ਖੁਦਕੁਸ਼ੀ ਕਰਨ ਦੀ ਧਮਕੀ ਦਿੰਦੀ ਸੀ। ਫਿਲਹਾਲ ਥਾਣਾ ਜੁਲਕਾ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਉਸ ਦੀ ਗ੍ਰਿਫਤਾਰੀ ਸਬੰਧੀ ਕਾਰਵਾਈ ਅਜੇ ਸ਼ੁਰੂ ਨਹੀਂ ਹੋਈ ਹੈ।
ਗੌਰਤਲਬ ਹੈ ਕਿ ਗੁਰਪ੍ਰੀਤ ਕੌਰ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਹੈ। ਇਸ ਤੋਂ ਪਹਿਲਾਂ ਉਸ ਨੇ ਜ਼ੀਰਕਪੁਰ ਪੁਲੀਸ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਸ਼ਿਕਾਇਤ ਦਿੱਤੀ ਸੀ। ਇੰਨਾ ਹੀ ਨਹੀਂ ਉਸ ਨੇ ਅਦਾਲਤ ‘ਚ ਇਕ ਪਟੀਸ਼ਨ ਵੀ ਦਾਇਰ ਕੀਤੀ ਹੈ, ਜਿਸ ‘ਚ ਗੁਰਪ੍ਰੀਤ ਕੌਰ ਨੇ ਖੁਦ ਵਿਧਾਇਕ ਤੋਂ ਆਪਣੀ ਜਾਨ ਨੂੰ ਖਤਰੇ ਦਾ ਜ਼ਿਕਰ ਕੀਤਾ ਹੈ।