ਚੰਡੀਗੜ੍ਹ, 11 ਸਤੰਬਰ 2022 – ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਆਪਣੇ ਵਾਅਦੇ ਅਨੁਸਾਰ ‘ਆਪ’ ਸਰਕਾਰ ਵੱਖ-ਵੱਖ ਭਰਤੀਆਂ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਨ੍ਹਾਂ ‘ਚੋਂ ਕੁਝ ਭਰਤੀਆਂ ਸ਼ੁਰੂ ਹੋ ਚੁੱਕੀਆਂ ਹਨ ਪਰ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਲਦ ਹੀ 8 ਵਿਭਾਗਾਂ ‘ਚ ਕਲਾਸ-2 ਤੋਂ ਕਲਾਸ-4 ਤੱਕ ਦੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਇਸ ਦੇ ਲਈ ਸਰਕਾਰ ਨੇ ਇੱਕ ਕਮੇਟੀ ਦਾ ਗਠਨ ਕਰਕੇ ਉਕਤ ਵਿਭਾਗਾਂ ਵਿੱਚ ਕਿਹੜੇ-ਕਿਹੜੇ ਰੈਂਕ ਦੀਆਂ ਅਸਾਮੀਆਂ ਖਾਲੀ ਹਨ, ਇਸ ਸਬੰਧੀ ਸਾਰੇ ਪਹਿਲੂਆਂ ‘ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਐਮ ਭਗਵੰਤ ਮਾਨ ਨੇ ਇਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪੋ-ਆਪਣੇ ਵਿਭਾਗਾਂ ਵਿੱਚ ਇਹ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਅਤੇ ਸੀਐਮਓ ਨੂੰ ਰਿਪੋਰਟ ਕਰਨ।
ਸਰਕਾਰ ਨੇ ਇਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਰਿਪੋਰਟ ਪੇਸ਼ ਕਰਨ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ, ਜਿਸ ਵਿੱਚ ਇਹ ਦੱਸਣਾ ਹੋਵੇਗਾ ਕਿ ਉਨ੍ਹਾਂ ਦੇ ਵਿਭਾਗ ਵਿੱਚ ਦਰਜਾ-2 ਤੋਂ ਲੈ ਕੇ ਸ਼੍ਰੇਣੀ-4 ਦੇ ਮੁਲਾਜ਼ਮਾਂ ਦੀਆਂ ਕਿੰਨੀਆਂ ਅਸਾਮੀਆਂ ਖਾਲੀ ਹਨ। ਨਵੀਂ ਭਰਤੀ ਪ੍ਰਕਿਰਿਆ ਅਧੀਨ ਕਿੰਨੀਆਂ ਅਸਾਮੀਆਂ ਹਨ ਅਤੇ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਵੀ ਕਿੰਨੀਆਂ ਅਸਾਮੀਆਂ ਖਾਲੀ ਰਹਿਣਗੀਆਂ। ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਇਸ ਦਾ ਪੂਰਾ ਵੇਰਵਾ ਦੇਣਾ ਹੋਵੇਗਾ।
ਪੰਜਾਬ ਸਰਕਾਰ ਸਿੱਖਿਆ, ਸਿਹਤ, ਮਾਲ, ਸਮਾਜ ਭਲਾਈ, ਪੰਜਾਬ ਪੁਲਿਸ, ਲੋਕਲ ਬਾਡੀ, ਪਬਲਿਕ ਹੈਲਥ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿੱਚ ਇਹ ਭਰਤੀ ਕਰ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਵਿਭਾਗਾਂ ਵਿੱਚ ਕਲਾਸ-2 ਤੋਂ ਲੈ ਕੇ ਕਲਾਸ-4 ਤੱਕ ਵੱਖ-ਵੱਖ ਅਸਾਮੀਆਂ ਖਾਲੀ ਪਈਆਂ ਹਨ। ਲੋਕਾਂ ਨੂੰ ਆਪਣੇ ਕੰਮ ਲਈ ਇੱਕ ਤੋਂ ਵੱਧ ਵਾਰ ਜਾਣਾ ਪੈਂਦਾ ਹੈ ਅਤੇ ਜੇਕਰ ਕੋਈ ਮੁਲਾਜ਼ਮ ਛੁੱਟੀ ’ਤੇ ਹੋਵੇ ਤਾਂ ਸਬੰਧਤ ਫਾਈਲ ਦਾ ਕੰਮ ਕਈ-ਕਈ ਦਿਨ ਲਟਕ ਜਾਂਦਾ ਹੈ, ਕਿਉਂਕਿ ਛੁੱਟੀ ’ਤੇ ਗਏ ਮੁਲਾਜ਼ਮ ਦੇ ਕੰਮ ਨੂੰ ਦੇਖਣ ਵਾਲਾ ਕੋਈ ਨਹੀਂ ਹੁੰਦਾ। ਇਸੇ ਲਈ ਸਰਕਾਰ ਹੁਣ ਉਕਤ ਭਰਤੀਆਂ ਕਰਨ ਜਾ ਰਹੀ ਹੈ।
ਸਬੰਧਤ 8 ਵਿਭਾਗਾਂ ਦੇ ਜ਼ਿਲ੍ਹਾ ਪੱਧਰ ’ਤੇ ਕਰੀਬ 16 ਹਜ਼ਾਰ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਪਬਲਿਕ ਡੀਲਿੰਗ ਦੀਆਂ ਖਾਲੀ ਪਈਆਂ ਅਸਾਮੀਆਂ ’ਤੇ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਕਿਉਂਕਿ ਜ਼ਿਆਦਾਤਰ ਵਿਧਾਇਕਾਂ ਨੇ ਵੱਖ-ਵੱਖ ਸਮੇਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਿਆਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਬੇਨਤੀ ਕੀਤੀ ਸੀ। ਕਈ ਵਿਧਾਇਕਾਂ ਨੇ ਤਾਂ ਆਪਣੇ ਸਬ-ਡਵੀਜ਼ਨ, ਬਲਾਕ ਪੱਧਰ ਤੱਕ ਖਾਲੀ ਪਈਆਂ ਅਸਾਮੀਆਂ ਦੀ ਸੂਚੀ ਵੀ ਲਿਖਤੀ ਰੂਪ ਵਿੱਚ ਮੁਲਾਜ਼ਮਾਂ ਨੂੰ ਮੁਹੱਈਆ ਕਰਵਾਈ ਸੀ। ਇਹ ਭਰਤੀ ਜ਼ਿਲ੍ਹਿਆਂ ਵਿੱਚ ਸਿਰਫ਼ ਪਬਲਿਕ ਡੀਲਿੰਗ ਅਸਾਮੀਆਂ ਲਈ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਤਹਿਸੀਲਾਂ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਸਮੇਤ ਹੋਰ ਪਬਲਿਕ ਡੀਲਿੰਗ ਵਿੰਡੋਜ਼ ਵੱਧ ਤੋਂ ਵੱਧ ਲੋਕ ਕੰਮ ਕਰਵਾਉਣ ਲਈ ਆਉਂਦੇ ਹਨ। ਸਟਾਫ਼ ਦੀ ਘਾਟ ਬਾਰੇ ਸਥਾਨਕ ਆਗੂਆਂ ਕੋਲ ਵੀ ਸ਼ਿਕਾਇਤਾਂ ਆਉਂਦੀਆਂ ਰਹਿੰਦੀਆਂ ਹਨ।
ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ, ਪੰਜਾਬ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਿਆਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦਾ ਫੈਸਲਾ ਕੀਤਾ ਗਿਆ ਹੈ। ਖਾਲੀ ਅਸਾਮੀਆਂ ਦਾ ਵੇਰਵਾ ਮੰਗਿਆ ਗਿਆ ਹੈ। ਰਿਪੋਰਟ ਮਿਲਦੇ ਹੀ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।