ਚੰਡੀਗੜ੍ਹ, 15 ਸਤੰਬਰ 2022 – ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ ਖਰੀਦਣ ਦੇ ਮਾਮਲੇ ‘ਚ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਕੁਝ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 8 ਅਤੇ ਆਈਪੀਸੀ ਦੀ ਧਾਰਾ 171ਬੀ ਅਤੇ 120ਬੀ ਤਹਿਤ ਪੁਲਿਸ ਸਟੇਸ਼ਨ ਸਟੇਟ ਕ੍ਰਾਈਮ ਮੁਹਾਲੀ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।
ਮਿਆਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ। ਇਸ ‘ਚ ਖਾਸ ਗੱਲ ਇਹ ਹੈ ਕਿ ‘ਆਪ’ ਨੇ ਭਾਜਪਾ ‘ਤੇ ਦੋਸ਼ ਲਗਾਏ ਸਨ ਪਰ ਅਣਪਛਾਤੇ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇੱਧਰ ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ 18 ਸਤੰਬਰ ਨੂੰ ਦਿੱਲੀ ਤਲਬ ਕੀਤਾ ਹੈ। ਸੀਐਮ ਭਗਵੰਤ ਮਾਨ ਵੀ ਉਸੇ ਦਿਨ ਜਰਮਨੀ ਤੋਂ ਪਰਤਣਗੇ।
ਐਫਆਈਆਰ ਦਰਜ ਹੁੰਦੇ ਹੀ ‘ਆਪ’ ਵਿਧਾਇਕਾਂ ਦੀ ਸ਼ਿਕਾਇਤ ਨਾਲ ਸਬੰਧਤ ਸਾਰੇ ਦਸਤਾਵੇਜ਼ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ ਸੌਂਪ ਦਿੱਤੇ ਗਏ ਹਨ। ‘ਆਪ’ ਨੇ ਡੀਜੀਪੀ ਨੂੰ ਕੁਝ ਕਾਲ ਰਿਕਾਰਡਿੰਗਾਂ ਵੀ ਸੌਂਪੀਆਂ ਗਈਆਂ ਹਨ। ਇਸ ਨੂੰ ਵੀ ਵਿਜੀਲੈਂਸ ਨੂੰ ਸੌਂਪ ਦਿੱਤਾ ਗਿਆ ਹੈ।
ਇਹ ਸ਼ਿਕਾਇਤ ‘ਆਪ’ ਵਿਧਾਇਕਾਂ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਾਰਜ, ਰਜਨੀਸ਼ ਦਹੀਆ, ਰੁਪਿੰਦਰ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਵਿਲਾਸਪੁਰ, ਲਾਭ ਸਿੰਘ ਉਗੋਕੇ ਅਤੇ ਕੁਲਜੀਤ ਰੰਧਾਵਾ ਨੇ ਦਿੱਤੀ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ 11 ਵਿਧਾਇਕਾਂ ਨੇ ਬੀਤੀ ਦੇਰ ਸ਼ਾਮ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਗੂਆਂ ਤੇ ਉਨ੍ਹਾਂ ਦੇ ਏਜੰਟਾਂ ਨੇ ਪਾਰਟੀ ਬਦਲਣ ਲਈ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਇਨਕਾਰ ਕਰਨ ‘ਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।