ਚੰਡੀਗੜ੍ਹ, 21 ਸਤੰਬਰ 2022 – ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਹੋਸਟਲ ਵਿੱਚ ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਦੇ ਵਕੀਲ ਨੇ ਅਰਜ਼ੀ ਦਾਖਲ ਕਰਕੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਯੂਨੀਵਰਸਿਟੀ ਦੀ ਇਕ ਵਿਦਿਆਰਥਣ ‘ਤੇ ਦੋਸ਼ ਹਨ ਕਿ ਉਹ ਵੀਡੀਓ ਬਣਾ ਕੇ ਆਪਣੇ ਸਾਥੀਆਂ ਨੂੰ ਭੇਜਦੀ ਸੀ। ਇਸ ਮਾਮਲੇ ‘ਚ ਪੁਲਿਸ ਨੇ ਹੁਣ ਤੱਕ ਲੜਕੀ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ ਅਤੇ ਇਸ ਕਾਰਨ ਵਿਦਿਆਰਥੀਆਂ ‘ਚ ਡਰ ਦਾ ਮਾਹੌਲ ਹੈ। ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ‘ਤੇ ਦੋਸ਼ ਹਨ ਕਿ ਉਹ ਕੁੜੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਿਹਾ ਹੈ। ਇਸ ਮਾਮਲੇ ‘ਤੇ ਸੁਣਵਾਈ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ ਅਤੇ ਅਗਲੇ ਕੁਝ ਦਿਨਾਂ ‘ਚ ਮਾਮਲਾ ਸੁਣਵਾਈ ਲਈ ਆ ਸਕਦਾ ਹੈ।