- ਕੈਬਨਿਟ ਮੰਤਰੀ ਚੀਮਾ ਨੇ ਪਿੰਡ ਗੁੱਜਰਾਂ ਵਿਖੇ ਅੱਖਾਂ ਦੇ ਮੈਡੀਕਲ ਚੈਕਅੱਪ ਕੈਂਪ ’ਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ
ਦਿੜ੍ਹਬਾ/ਸੰਗਰੂਰ, 28 ਸਤੰਬਰ, 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਚੀਮਾ ਅੱਜ ਇੱਥੇ ਪਿੰਡ ਗੁੱਜਰਾਂ ਵਿਖੇ ਲਗਵਾਏ ਗਏ ਅੱਖਾਂ ਦੇ ਮੈਡੀਕਲ ਚੈਕਅੱਪ ਕੈਂਪ ’ਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ। ਉਨਾਂ ਕਿਹਾ ਕਿ ਗੁੱਜਰਾਂ ਪਿੰਡ ਦੇ ਕਲੱਬ ਵੱਲੋਂ ਵੀ ਨਿਰੰਤਰ ਸਮਾਜ ਭਲਾਈ ਦੇ ਖੇਤਰ ’ਚ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ ਅਤੇ ਅੱਜ ਕਲੱਬ ਵੱਲੋਂ ਚੁੱਕੀਆਂ ਗਈਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇਗਾ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਲਗਾਤਾਰ ਵਿਰੋਧੀ ਧਿਰਾਂ ਨੂੰ ਮੌਕਾ ਦਿੱਤਾ ਜਾ ਰਿਹਾ ਹੈ ਕਿ ਸੂਬੇ ਦੇ ਲੋਕਾਂ ਦੀਆਂ ਮੰਗਾਂ ’ਤੇ ਵਿਚਾਰ ਕਰਕੇ ਉਨਾਂ ਦੇ ਮਸਲੇ ਹੱਲ ਕੀਤੇ ਜਾਣ। ਉਨਾਂ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਦੀਆਂ ਵਿਰੋਧੀ ਧਿਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ। ਉਨਾਂ ਕਿਹਾ ਕਿ ਲੋਕਾਂ ਵੱਲੋਂ ਚੁਣ ਕੇ ਵਿਧਾਨ ਸਭਾ ’ਚ ਭੇਜੇ ਗਏ ਸਮੂਹ ਨੁਮਾਇੰਦਿਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਪਵਿੱਤਰ ਸਦਨ ’ਚ ਲੋਕਾਂ ਦੀ ਆਵਾਜ਼ ਬਣ ਕੇ ਉਨਾਂ ਦੇ ਮਸਲੇ ਹੱਲ ਕਰਵਾਉਣ। ਉਨਾਂ ਕਿਹਾ ਕਿ ਇਸ ਦੇ ਉਲਟ ਵਿਰੋਧੀ ਪਾਰਟੀਆਂ ਦੇ ਲੀਡਰ ਵਿਧਾਨ ਸਭਾ ਦੇ ਬਾਹਰ ਡਰਾਮੇਬਾਜ਼ੀ ਕਰ ਰਹੇ ਹਨ ਜਿਸਦਾ ਸਮਾਂ ਆਉਣ ’ਤੇ ਲੋਕ ਮੂੰਹ ਤੋੜ ਜਵਾਬ ਦੇਣਗੇ।
ਇਸ ਮੌਕੇ ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਾਹਲ, ਕਲੱਬ ਦੇ ਅਹੁਦੇਦਾਰ ਤੇ ਮੈਂਬਰ ਅਤੇ ਵੱਡੀ ਗਿਣਤੀ ’ਚ ਜ਼ਿਲਾ ਵਾਸੀ ਹਾਜ਼ਰ ਸਨ।