ਵੜਿੰਗ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਡੀਜੀਪੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 7 ਅਕਤੂਬਰ 2022 – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡੀ.ਜੀ.ਪੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਵਰਗੇ ਫਿਰਕੂ ਅਨਸਰਾਂ ਦੀਆਂ ਵੱਧ ਰਹੀਆਂ ਗਤੀਵਿਧੀਆਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ।

ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਨੂੰ ਕਿਸੇ ਵੀ ਵਿਅਕਤੀ ਦੇ ਧਰਮ ਅਤੇ ਵਿਸ਼ਵਾਸ ਦਾ ਪ੍ਰਚਾਰ ਕਰਨ ‘ਤੇ ਕੋਈ ਇਤਰਾਜ਼ ਨਹੀਂ ਹੈ। ਪਰ ਲੋਕਾਂ ਨੂੰ ਹਿੰਸਾ ਲਈ ਉਕਸਾਉਣਾ ਅਸਵੀਕਾਰਨਯੋਗ ਹੈ।

ਡੀਜੀਪੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ 29 ਸਤੰਬਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਉਨ੍ਹਾਂ (ਅੰਮ੍ਰਿਤਪਾਲ) ਨੇ ਜਿਸ ਤਰ੍ਹਾਂ ਦੀ ਗੱਲ ਕਹੀ, ਉਸਨੇ ਸੂਬੇ ਦੇ ਲੋਕਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਸ ਮੌਕੇ ਜਿਸ ਤਰ੍ਹਾਂ ਦੇ ਭਾਸ਼ਣ ਦਿੱਤੇ ਗਏ, ਉਹ ਧਾਰਮਿਕ ਪ੍ਰੋਗਰਾਮ ਤੋਂ ਕੋਹਾਂ ਦੂਰ ਸਨ। ਅੰਮ੍ਰਿਤਪਾਲ ਅਤੇ ਉਸ ਨਾਲ ਮੌਜੂਦ ਲੋਕਾਂ ਵੱਲੋਂ ਦਿੱਤੇ ਗਏ ਭਾਸ਼ਣਾਂ ਵਿੱਚ ਵਰਤੀ ਗਈ ਭਾਸ਼ਾ ਅਤੇ ਲਹਿਜ਼ਾ ਨਿਰੋਲ ਧਾਰਮਿਕ ਨਹੀਂ ਸੀ।

ਉਨ੍ਹਾਂ ਨੂੰ ਕੁਝ ਕਥਨਾਂ ਦੇ ਅਰਥਾਂ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਵੜਿੰਗ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਬਿਆਨ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਸਮਰੱਥਾ ਰੱਖਦੇ ਹਨ। ਸੋਸ਼ਲ ਮੀਡੀਆ ਦੇ ਇਸ ਯੁੱਗ ਵਿੱਚ ਖ਼ਤਰਾ ਹੋਰ ਵੀ ਵੱਧ ਗਿਆ ਹੈ।

ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਪੁਲਿਸ ਪਹਿਲਾਂ ਹੀ ਇਸ ਮਾਮਲੇ ‘ਤੇ ਨਜ਼ਰ ਰੱਖ ਰਹੀ ਹੈ। ਉਹ ਇੱਕ ਜ਼ਿੰਮੇਵਾਰ ਪੰਜਾਬੀ ਅਤੇ ਦੇਸ਼ ਦੇ ਚਿੰਤਤ ਨਾਗਰਿਕ ਹੋਣ ਦੇ ਨਾਤੇ ਤੁਹਾਨੂੰ ਅਪੀਲ ਕਰਦੇ ਹਨ ਕਿ ਅਜਿਹੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇ ਤਾਂ ਜੋ ਸਥਿਤੀ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕੇ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ‘ਵਾਰਿਸ ਪੰਜਾਬ ਦੇ’ ਸੰਸਥਾ ਦਾ ਮਕਸਦ ਕੀ ਹੈ ਅਤੇ ਅੰਮ੍ਰਿਤਪਾਲ ਇੱਥੇ ਕਿਵੇਂ ਪਹੁੰਚਿਆ, ਜੋ ਕਿ ਦੁਬਈ ‘ਚ ਸੈਟਲ ਸੀ। ਜਿੱਥੇ ਉਸਨੇ ਪਲਾਇਣ ਕਰਨ ਤੋਂ ਬਾਅਦ ਆਪਣਾ ਜ਼ਿਆਦਾਤਰ ਸਮਾਂ ਬਿਤਾਇਆ।

ਉਨ੍ਹਾਂ ਕਿਹਾ ਕਿ ਪੰਜਾਬ ਹਿੰਸਾ ਅਤੇ ਖੂਨ-ਖਰਾਬੇ ਦੇ ਇੱਕ ਹੋਰ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਹ ਕਿਸੇ ਨੂੰ ਡਰਾ-ਧਮਕਾ ਨਹੀਂ ਰਹੇ, ਪਰ ਨਾਲ ਹੀ ਇੱਕ ਜ਼ਿੰਮੇਵਾਰ ਪੰਜਾਬੀ ਹੋਣ ਦੇ ਨਾਤੇ ਆਪਣੇ ਆਲੇ-ਦੁਆਲੇ ਦੇ ਹਾਲਾਤਾਂ ਨੂੰ ਦੇਖ ਕੇ ਅੱਖਾਂ ਬੰਦ ਵੀ ਨਹੀਂ ਕਰ ਸਕਦੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਹਾਲੀ ‘ਚ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਦਾਗਣ ਵਾਲਾ ਮੁਲਜ਼ਮ ਗ੍ਰਿਫਤਾਰ

ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਪ੍ਰਮੁੱਖ ਜਾਇਦਾਦਾਂ ਖਰੀਦਣ ਦਾ ਮੌਕਾ: ਅੰਮ੍ਰਿਤਸਰ ਅਤੇ ਜਲੰਧਰ ਵਿਕਾਸ ਅਥਾਰਟੀਆਂ ਵੱਲੋਂ ਕੀਤੀ ਜਾ ਰਹੀ ਹੈ ਜਾਇਦਾਦਾਂ ਦੀ ਈ-ਨਿਲਾਮੀ