ਮੁਕੇਰੀਆਂ, 8 ਅਕਤੂਬਰ 2022 – ਮੁਕੇਰੀਆਂ ਦੇ ਪਿੰਡ ਬਿਸ਼ਨਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਨ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ ਗੁਰਦੁਆਰੇ ਦੇ ਪ੍ਰਧਾਨ ਵੱਲੋਂ ਦੱਸਿਆ ਗਿਆ 8:45 ਮਿੰਟ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ ਅਤੇ ਇਸ ਦੀ ਘਟਨਾ ਸਾਰੀ ਗੁਰਦੁਆਰੇ ਦੀ ਵਿਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਇੱਕ ਅੱਠ-ਨੌਂ ਸਾਲ ਦਾ ਬੱਚਾ ਪਹਿਲਾਂ ਮੱਥਾ ਟੇਕਦਾ ਹੈ ਤੇ ਉਸ ਤੋਂ ਬਾਅਦ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹਨ ਉੱਥੇ ਬੈਠ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਛੇੜਦਾ ਹੈ ਇਸ ਦੀ ਘਟਨਾ ਸਾਰੀ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।
ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਿਸ਼ਨਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਸੁਚੱਜਾ ਜੀਵਨ ਜਿਊਣ ਦਾ ਰਾਹ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਦੋਸ਼ੀ ਸਜ਼ਾਵਾਂ ਤੋਂ ਬਚ ਨਿਕਲਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਤਾਜ਼ਾ ਘਟਨਾ ਵਿਚ ਇਕ 9 ਸਾਲ ਦਾ ਪ੍ਰਵਾਸੀ ਬੱਚਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਦੀ ਬੇਅਦਬੀ ਕਰਦਾ ਹੈ, ਜੋ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਲਗਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਕਰਵਾਉਣ ਵਾਲੇ ਲੋਕਾਂ ਦੀ ਪਛਾਣ ਜ਼ਰੂਰੀ ਹੈ, ਤਾਂ ਜੋ ਗੁੱਝੇ ਰੂਪ ਵਿਚ ਕੰਮ ਕਰਦੀਆਂ ਸ਼ਕਤੀਆਂ ਸਾਹਮਣੇ ਆ ਸਕਣ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤਹਿਕੀਕਾਤ ਗੰਭੀਰਤਾ ਨਾਲ ਕੀਤੀ ਜਾਵੇ ਅਤੇ ਘਟਨਾ ਪਿੱਛੇ ਕੰਮ ਕਰਦੇ ਲੋਕਾਂ ਨੂੰ ਨਸ਼ਰ ਕਰਕੇ ਉਨ੍ਹਾਂ ਵਿਰੁੱਧ ਕਰੜੀ ਕਾਨੂੰਨੀ ਕਾਰਵਾਈ ਕੀਤੀ ਜਾਵੇ।