- ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ
ਨਵੀਂ ਦਿੱਲੀ, 12 ਅਕਤੂਬਰ 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਨਰੇਸ਼ ਸਹਿਰਾਵਤ ਨੂੰ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ।
ਕਾਲਕਾ ਤੇ ਕਾਹਲੋਂ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲਗਾਤਾਰ ਪੈਰਵੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਨਰੇਸ਼ ਸਹਿਰਾਵਤ ਨਾਂ ਦੇ ਦੋਸ਼ੀ ਨੂੰ ਮਹਿਪਾਲਪੁਰ ਦੇ ਕੇਸ ਵਿਚ ਉਮਰ ਕੈਦ ਦੀ ਸਜ਼ਾ ਮਿਲੀ ਹੈ ਜਦੋਂ ਕਿ ਇਸ ਮਾਮਲੇ ਵਿਚ ਯਸ਼ਪਾਲ ਨੁੰ ਫਾਂਸੀ ਦੀ ਸਜ਼ਾ ਮਿਲੀ ਹੋਈ ਹੈ।
ਉਹਨਾਂ ਦੱਸਿਆ ਕਿ ਜਿਵੇਂ ਸੱਜਣ ਕੁਮਾਰ ਵਾਰ ਵਾਰ ਜੇਲ੍ਹ ਵਿਚੋਂ ਬਾਹਰ ਆਉਣ ਲਈ ਲਗਾਤਾਰ ਜ਼ਮਾਨਤ ਦੀਆਂ ਅਰਜ਼ੀਆਂ ਲਗਾਉਂਦਾ ਹੈ, ਉਸਦੇ ਤਰੀਕੇ ਨਰੇਸ਼ ਸਹਿਰਾਵਤ ਨੇ ਲਗਾਤਾਰ ਅਰਜ਼ੀਆਂ ਲਗਾ ਰਿਹਾ ਹੈ। ਹੁਣ ਉਸਨੇ ਲੀਵਲ ਖਰਾਬ ਹੋਣ ਦਾ ਬਹਾਨਾ ਲਗਾ ਕੇ ਦਿੱਲੀ ਹਾਈ ਕੋਰਟ ਵਿਚ ਜ਼ਮਾਨਤ ਅਰਜ਼ੀ ਲਗਾਈ ਜਿਸ ’ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਲੀਵਲ ਦੀ ਮੈਡੀਕਲ ਰਿਪੋਰਟ ਮੰਗਵਾ ਕੇ ਚੈਕ ਕਰਨ ਤੋਂ ਬਾਅਦ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਅਦਾਲਤ ਨੇ ਇਲਾਜ ਦੀ ਸਹੂਲਤ ਲਈ ਖੁੱਲ੍ਹ ਭਾਂਵੇ ਕਰ ਦਿੱਤੀ ਹੈ ਪਰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ।
ਉਹਨਾਂ ਕਿਹਾ ਕਿ ਉਹ ਸੁਪਰੀਮ ਕੋਰਟ ਅਤੇ ਦਿੱਲੀ ਹਾਈ ਕੋਰਟ ਦੇ ਧੰਨਵਾਦੀ ਹਨ ਜੋ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਅਜਿਹੇ 1984 ਦੇ ਕਾਤਲਾਂ ਨੁੰ ਆਨ ਬਹਾਲੇ ਜ਼ਮਾਨਤਾਂ ਦੇਣ ਤੋਂ ਇਨਕਾਰ ਕਰਰਹੇ ਹਨ ਜਿਸ ਲਈ ਸਮੁੱਚੀ ਕੌਮ ਉਹਨਾਂ ਦੀ ਧੰਨਵਾਦੀ ਹੈ।
ਸਰਕਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਸਾਰੇ ਕੇਸਾਂ ਨੂੰ ਅੰਜਾਮ ਤੱਕ ਲਿਜਾਣ ਤੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਲਈ ਦ੍ਰਿੜ੍ਹ ਸੰਕਲਪ ਤੇ ਵਚਨਬੱਧ ਹੈ।