ਚੰਡੀਗੜ੍ਹ, 16 ਅਕਤੂਬਰ 2022 – ਕਾਂਗਰਸੀ ਐਮ ਐਲ ਏ ਸੁਖਪਾਲ ਖਹਿਰਾ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਬੀਜੇਪੀ ਲੀਡਰ ਸੁੰਦਰ ਸ਼ਾਮ ਅਰੋੜਾ ਤੇ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ‘ਚ ਕੀਤੀ ਗਈ ਕਾਰਵਾਈ ਦਾ ਸੁਆਗਤ ਕੀਤਾ ਹੈ। ਪਰ ਇਸ ਦੇ ਨਾਲ ਹੀ ਖਹਿਰਾ ਨੇ ਕਿਹਾ ਹੈ ਕਿ ਈ ਡੀ, ਸੀ ਬੀ ਆਈ ਅਤੇ ਆਈ ਟੀ ਭਾਜਪਾ ਦੇ ਹੈਂਡ ਟੂਲ ਕਿੱਥੇ ਹਨ ? ਕੀ ਉਹ ਸਿਰਫ ਭਾਜਪਾ ਦੇ ਵਿਰੋਧੀਆਂ ਦਾ ਹੀ ਦਮਨ ਕਰਨ ਲਈ ਹਨ ?
ਨਾਲ ਹੀ ਖਹਿਰਾ ਨੇ ਸਵਾਲ ਕੀਤਾ ਹੈ ਕਿ, ਕੀ ਹੁਣ ਵਿਜੀਲੈਂਸ ਨੂੰ 50 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਅਰੋੜਾ ਦੇ ਮਾਮਲੇ ‘ਚ ਕੇਂਦਰੀ ਏਜੰਸੀਆਂ ਜਾਂਚ ਕਰਨਗੀਆਂ ?
ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਪੰਜਾਬ ਨੇ ਦੇਰ ਰਾਤ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ ਸੀ ਜਦੋਂ ਉਹ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰ ਰਿਹਾ ਸੀ।
ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਨਿਰਦੇਸ਼ਕ ਵਰਿੰਦਰ ਕੁਮਾਰ ਨੇ ਦੱਸਿਆ ਕਿ ਸੀ ਇਸ ਸਬੰਧੀ ਸਾਬਕਾ ਮੰਤਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਉਡਣ ਦਸਤਾ, ਪੰਜਾਬ, ਮਨਮੋਹਨ ਕੁਮਾਰ ਦੇ ਬਿਆਨਾਂ ‘ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਐਫ.ਆਈ.ਆਰ ਨੰਬਰ 19, ਮਿਤੀ 15-10-2022 ਨੂੰ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।