ਲੁਧਿਆਣਾ, 19 ਅਕਤੂਬਰ 2022 – ਲੁਧਿਆਣਾ ਦੇ ਸ਼ੇਰਪੁਰ ਵਿੱਚ ਇੱਕ ਮੁਟਿਆਰ ਪਾਣੀ ਦੀ ਟੈਂਕੀ ’ਤੇ ਚੜ੍ਹ ਗਈ। ਇੱਥੇ ਲੜਕੀ ਨੇ ਪੁਲਸ ਨੂੰ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਚਿਤਾਵਨੀ ਵੀ ਦਿੱਤੀ। ਲੜਕੀ ਨੇ ਪੁਲੀਸ ’ਤੇ ਦੋਸ਼ ਲਾਇਆ ਕਿ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਕੇਸ ਵਿੱਚ ਫਸਾਇਆ ਗਿਆ ਹੈ।
ਲੜਕੀ ਨੇ ਕਿਹਾ ਕਿ ਜੇਕਰ ਪੁਲਿਸ ਨੇ ਉਸਦੇ ਖਿਲਾਫ ਦਰਜ ਕੀਤਾ ਮਾਮਲਾ ਰੱਦ ਨਾ ਕੀਤਾ ਤਾਂ ਉਹ ਟੈਂਕੀ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਵੇਗੀ। ਉਨ੍ਹਾਂ ਕਿਹਾ ਕਿ ਕੁਝ ਲੋਕ ਸਥਾਨਕ ਸ਼ਰਾਰਤੀ ਅਨਸਰਾਂ ਦੀ ਮਦਦ ਨਾਲ ਉਨ੍ਹਾਂ ਦੀਆਂ ਦੁਕਾਨਾਂ ’ਤੇ ਕਬਜ਼ਾ ਕਰਨਾ ਚਾਹੁੰਦੇ ਸਨ। ਉਨ੍ਹਾਂ ਪੁਲੀਸ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਸੂਚਨਾ ਮਿਲਣ ’ਤੇ ਮੋਤੀ ਨਗਰ ਪੁਲੀਸ ਮੌਕੇ ’ਤੇ ਪੁੱਜੀ ਅਤੇ ਪਾਣੀ ਵਾਲੀ ਟੈਂਕੀ ਕੋਲ ਬੈਠੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਮੋਤੀ ਨਗਰ ਥਾਣੇ ਦੇ ਐਸਐਚਓ ਇੰਸਪੈਕਟਰ ਸੰਜੀਵ ਕਪੂਰ ਨੇ ਲੜਕੀ ਅਤੇ ਉਸ ਦੇ ਮਾਪਿਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਵੀ ਦਿੱਤਾ।
ਲੜਕੀ ਲਵਪ੍ਰੀਤ ਕੌਰ ਨੇ ਦੱਸਿਆ ਕਿ ਉਹ ਟਰਾਂਸਪੋਰਟ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਆਪਣੇ ਮਾਤਾ-ਪਿਤਾ ਨਾਲ ਰਹਿੰਦੀ ਹੈ ਅਤੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਦੀ ਹੈ। ਉਸ ਦੀਆਂ ਘੱਟੋ-ਘੱਟ 10 ਦੁਕਾਨਾਂ ਹਨ, ਜੋ ਕਿਰਾਏ ‘ਤੇ ਦਿੱਤੀਆਂ ਗਈਆਂ ਸਨ।
ਉਨ੍ਹਾਂ ਦੱਸਿਆ ਕਿ ਕਿਰਾਏਦਾਰ ਦੁਕਾਨ ਨੂੰ ਹੜੱਪਣਾ ਚਾਹੁੰਦੇ ਸਨ ਜਿਸ ਤੋਂ ਬਾਅਦ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਹੈ। ਕਰੀਬ ਦੋ ਮਹੀਨੇ ਪਹਿਲਾਂ ਗੁਰਦੁਆਰਾ ਸਾਹਿਬ ‘ਚ ਦਾਖ਼ਲ ਹੋ ਕੇ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ ਸੀ। ਉਸ ਨੇ ਮੁਲਜ਼ਮ ਖ਼ਿਲਾਫ਼ ਕਈ ਵਾਰ ਸ਼ਿਕਾਇਤ ਕੀਤੀ ਪਰ ਕੋਈ ਫਾਇਦਾ ਨਹੀਂ ਹੋਇਆ।
ਐਸਐਚਓ ਨੇ ਦੱਸਿਆ ਕਿ ਉਨ੍ਹਾਂ ਨੇ ਲੜਕੀ ਨੂੰ ਟੈਂਕੀ ਤੋਂ ਹੇਠਾਂ ਆਉਣ ਲਈ ਕਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕਰੇਗੀ। ਲੜਕੀ ਨੇ ਪੱਤਰਕਾਰਾਂ ਨਾਲ ਵੀਡੀਓ ਕਾਲ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕਾਨੂੰਨ ਦੀ ਪੜ੍ਹਾਈ ਕਰ ਰਹੀ ਹੈ। ਪੁਲੀਸ ਉਸ ਦੀ ਗੱਲ ਨਹੀਂ ਸੁਣ ਰਹੀ ਸੀ, ਜਿਸ ਕਾਰਨ ਉਸ ਨੂੰ ਟੈਂਕੀ ’ਤੇ ਚੜ੍ਹਨਾ ਪਿਆ।