- ਡੀਸੀ ਤੇ ਹੋਰ ਸਰਕਾਰੀ ਦਫ਼ਤਰਾਂ ਦਾ ਕੰਮ ਪ੍ਰਭਾਵਿਤ
ਅੰਮ੍ਰਿਤਸਰ, 20 ਅਕਤੂਬਰ 2022 – ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਯੂਨੀਅਨ ਦੀ ਕਲਮ ਛੋੜ ਹੜਤਾਲ ਜਾਰੀ ਹੈ। ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ‘ਤੇ ਹੁਣ ਉਨ੍ਹਾਂ ਨੇ ਆਪਣੀ ਹੜਤਾਲ 26 ਅਕਤੂਬਰ ਤੱਕ ਵਧਾ ਦਿੱਤੀ ਹੈ। ਹੁਣ ਡੀਸੀ ਦਫ਼ਤਰ ਮੁਲਾਜ਼ਮ 26 ਅਕਤੂਬਰ ਤੱਕ ਹੜਤਾਲ ’ਤੇ ਰਹਿਣਗੇ। ਇਸ ਦੇ ਨਾਲ ਹੀ ਪਟਵਾਰੀ ਯੂਨੀਅਨ ਵੀ ਮਨਿਸਟੀਰੀਅਲ ਸਟਾਫ ਦੀ ਹੜਤਾਲ ਦਾ ਸਮਰਥਨ ਕਰਨ ਦੀ ਤਿਆਰੀ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਮਨਿਸਟਰੀਅਲ ਸਟਾਫ਼ ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਹੈ। ਜਿਸ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਦੂਰ-ਦੂਰ ਤੋਂ ਆਉਣ ਵਾਲੇ ਲੋਕ ਨਿਰਾਸ਼ ਹੋ ਕੇ ਪਰਤ ਰਹੇ ਹਨ। ਸੁਵਿਧਾ ਕੇਂਦਰਾਂ ਦੀ ਗੱਲ ਕਰੀਏ ਤਾਂ ਹਰ ਰੋਜ਼ 2000 ਤੋਂ ਵੱਧ ਅਰਜ਼ੀਆਂ ਆ ਰਹੀਆਂ ਹਨ, ਪਰ ਕੰਮ ਨਹੀਂ ਹੋ ਰਿਹਾ। ਇਨ੍ਹਾਂ ਵਿੱਚ ਜਾਤੀ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਆਧਾਰ ਕਾਰਡ ਆਦਿ ਲਈ ਅਰਜ਼ੀਆਂ ਸ਼ਾਮਲ ਹਨ। ਸੁਵਿਧਾ ਕੇਂਦਰ ਵਿੱਚ ਅਰਜ਼ੀਆਂ ਦਿੱਤੀਆਂ ਜਾ ਰਹੀਆਂ ਹਨ, ਪਰ ਕੰਮ ਨਹੀਂ ਹੋ ਰਿਹਾ। ਅਜਿਹੇ ‘ਚ ਸਰਟੀਫਿਕੇਟ ਨਹੀਂ ਬਣ ਰਹੇ ਹਨ ਅਤੇ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ।
ਅਜਿਹਾ ਹੀ ਹਾਲ ਆਰਟੀਏ ਦਫ਼ਤਰ ਅਤੇ ਰਜਿਸਟਰੀ ਵਿਭਾਗ ਦਾ ਹੈ। ਜਿੱਥੇ ਕੰਮਕਾਜ ਪੂਰੀ ਤਰ੍ਹਾਂ ਵਿਘਨ ਪਿਆ ਹੋਇਆ ਹੈ। ਇਸ ਸਹੂਲਤ ਲਈ ਆਉਣ ਵਾਲੇ ਲੋਕਾਂ ਨੂੰ ਨਾ ਤਾਂ ਉਨ੍ਹਾਂ ਦਾ ਡਰਾਈਵਿੰਗ ਲਾਇਸੈਂਸ ਮਿਲ ਰਿਹਾ ਹੈ ਅਤੇ ਨਾ ਹੀ ਕੋਈ ਸਰਟੀਫਿਕੇਟ ਦਿੱਤਾ ਜਾ ਰਿਹਾ ਹੈ। ਨਵਾਂ ਆਧਾਰ ਕਾਰਡ ਬਣਵਾਉਣ ਲਈ ਲੋਕ ਪਿਛਲੇ ਹਫ਼ਤੇ ਤੋਂ ਚੱਕਰ ਲਗਾ ਰਹੇ ਹਨ। ਹੜਤਾਲ ਚੱਲ ਰਹੀ ਹੈ, ਫਿਰ ਦੀਵਾਲੀ ਦੇ ਤਿਉਹਾਰ ਕਾਰਨ ਦਫ਼ਤਰਾਂ ਵਿੱਚ ਛੁੱਟੀਆਂ ਸ਼ੁਰੂ ਹੋ ਜਾਣਗੀਆਂ।
ਮਨਿਸਟੀਰੀਅਲ ਸਟਾਫ਼ ਪੁਰਾਣੀ ਪੈਨਸ਼ਨ ਸਕੀਮ, ਨਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਅਤੇ ਡੀਏ ਦੇਣ ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ‘ਤੇ ਅੜੇ ਹੋਏ ਹਨ। ਮਨਿਸਟੀਰੀਅਲ ਸਟਾਫ਼ ਯੂਨੀਅਨ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਉਹ ਹੜਤਾਲ ਖ਼ਤਮ ਨਹੀਂ ਕਰਨਗੇ। ਯੂਨੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਨਾ ਮਿਲਣ ਕਾਰਨ ਹੁਣ ਉਨ੍ਹਾਂ ਦਾ ਅੰਦੋਲਨ 26 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ।