ਚੰਡੀਗੜ੍ਹ, 3 ਨਵੰਬਰ 2022 – ਬਲਾਤਕਾਰ ਦੇ ਕੇਸ ਵਿੱਚ ਫਸੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ਵਿੱਚ ਸੁਣਵਾਈ ਨਹੀਂ ਹੋ ਸਕੀ। ਹਾਈ ਕੋਰਟ ਦੇ ਵਕੀਲਾਂ ਦੀ ਹੜਤਾਲ ਕਾਰਨ ਕੇਸ ਦੀ ਸੁਣਵਾਈ ਮੁਲਤਵੀ ਕਰਨੀ ਪਈ। ਹੁਣ ਹਾਈ ਕੋਰਟ ਨੇ ਸੁਣਵਾਈ ਲਈ 4 ਨਵੰਬਰ ਤੈਅ ਕੀਤੀ ਹੈ। ਬੈਂਸ ਨੇ ਇਸ ਮਾਮਲੇ ‘ਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਉਸ ਨੇ ਲੁਧਿਆਣਾ ਦੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ। ਬੈਂਸ ਇਸ ਸਮੇਂ ਬੈਂਸ ਬਲਾਤਕਾਰ ਦੇ ਕੇਸ ਵਿੱਚ ਹਿਰਾਸਤ ਵਿੱਚ ਹੈ।
10 ਜੁਲਾਈ 2021 ਨੂੰ ਬੈਂਸ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਡਵੀਜ਼ਨ ਨੰ. 6 ‘ਚ ਬੈਂਸ ਅਤੇ ਉਸ ਦੇ ਸਾਥੀਆਂ ‘ਤੇ ਬਲਾਤਕਾਰ ਦਾ ਕੇਸ ਦਰਜ ਹੋਇਆ ਸੀ। ਇਸ ਮਾਮਲੇ ‘ਚ ਪੀੜਤਾ ਨੇ ਸਾਬਕਾ ਵਿਧਾਇਕ ਬੈਂਸ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਬੈਂਸ ਖ਼ਿਲਾਫ਼ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਸ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਛੇ ਹੋਰ ਮੁਲਜ਼ਮ ਨਾਮਜ਼ਦ ਹਨ। ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਮੁਲਜ਼ਮਾਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਮੁਲਜ਼ਮਾਂ ਵਿੱਚ ਬੈਂਸ ਤੋਂ ਇਲਾਵਾ ਕਰਮਜੀਤ ਸਿੰਘ, ਪਰਮਜੀਤ ਸਿੰਘ ਬੈਂਸ, ਸੁਖਚੈਨ ਸਿੰਘ, ਪ੍ਰਦੀਪ ਕੁਮਾਰ ਉਰਫ਼ ਗੋਗੀ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਸ਼ਾਮਲ ਹਨ। 10 ਜੁਲਾਈ ਨੂੰ ਕੇਸ ਨੰਬਰ 180 ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਸਿਮਰਜੀਤ ਸਿੰਘ ਬੈਂਸ ‘ਤੇ ਦੋਸ਼ ਲਗਾਉਣ ਵਾਲੀ ਔਰਤ ਦੋਸ਼ੀ ਵਿਧਾਇਕ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਨ ਅਤੇ ਫਿਰ ਉਸ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪੁਲਸ ਕਮਿਸ਼ਨਰ ਦਫਤਰ ਦੇ ਬਾਹਰ ਕਈ ਮਹੀਨਿਆਂ ਤੋਂ ਧਰਨੇ ‘ਤੇ ਬੈਠੀ ਸੀ। ਕਿਤੇ ਵੀ ਕੋਈ ਸੁਣਵਾਈ ਨਾ ਹੋਣ ਕਾਰਨ ਔਰਤ ਨੂੰ ਅਦਾਲਤ ਦਾ ਰੁਖ ਕਰਨਾ ਪਿਆ ਸੀ।