ਆਰਐਸਐਸ ਤੇ ਭਾਜਪਾ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ ’ਚ ਦਖ਼ਲਅੰਦਾਜ਼ੀ ਬੰਦ ਕਰਨ -ਐਡਵੋਕੇਟ ਧਾਮੀ

  • ਕਿਹਾ, ਸ. ਇਕਬਾਲ ਸਿੰਘ ਲਾਲਪੁਰਾ ਭਾਜਪਾ ਦੇ ਇਸ਼ਾਰੇ ’ਤੇ ਸੰਵਿਧਾਨਕ ਅਹੁਦੇ ਦੀ ਕਰ ਰਹੇ ਹਨ ਦੁਰਵਰਤੋਂ

ਅੰਮ੍ਰਿਤਸਰ, 4 ਨਵੰਬਰ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੇ ਕੋਝੇ ਯਤਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਭਾਜਪਾ ਦੇ ਆਗੂ ਅਤੇ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਭਾਜਪਾ ਦੀ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੀ ਨੀਤੀ ਤਹਿਤ ਮੈਂਬਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਰੁੱਧ ਭੁਗਤਣ ਲਈ ਆਖ ਰਹੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਪਾਰਟੀਆਂ ਤੋਂ ਭਾਜਪਾ ਵਿਚ ਗਏ ਆਗੂਆਂ ਵੱਲੋਂ ਵੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਖਰੀਦਣ ਲਈ ਵੱਡੇ ਲਾਲਚ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਨੇ ਉਨ੍ਹਾਂ ਨੂੰ ਖੁਦ ਦੱਸਿਆ ਹੈ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਵਾਰਤਾ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਕਾਂਗਰਸ ਜਮਾਤ ਲੰਮੇ ਸਮੇਂ ਤੋਂ ਦਖ਼ਲਅੰਦਾਜ਼ੀ ਕਰਕੇ ਸਿੱਖ ਮਸਲੇ ਉਲਝਾਉਂਦੀ ਆ ਰਹੀ ਹੈ ਅਤੇ ਹੁਣ ਭਾਜਪਾ ਵੀ ਉਸੇ ਰਾਹ ’ਤੇ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਆਰਐਸਐਸ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਨੂੰ ਆਪਣੇ ਅਨੁਸਾਰ ਚਲਾਉਣ ਮਗਰੋਂ ਹਰਿਆਣਾ ਕਮੇਟੀ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਖੰਡਤ ਕਰਨ ਦੇ ਕੋਝੇ ਯਤਨ ਕੀਤੇ ਗਏ ਅਤੇ ਹੁਣ ਇਸ ਤੋਂ ਵੀ ਅੱਗੇ ਜਾਂਦਿਆਂ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਵਿਚ ਮੈਂਬਰਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂ ਸ. ਇਕਬਾਲ ਸਿੰਘ ਲਾਲਪੁਰਾ ਜੋ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਹਨ ਆਪਣੇ ਸੰਵਿਧਾਨਕ ਅਹੁਦੇ ਦੀ ਮਾਣ ਮਰਯਾਦਾ ਨੂੰ ਭੁੱਲ ਕੇ ਸਿੱਖ ਸੰਸਥਾ ਦਾ ਨੁਕਸਾਨ ਕਰਨਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਘਟਗਿਣਤੀ ਕਮਿਸ਼ਨ ਦੇਸ਼ ਅੰਦਰ ਵੱਸਦੀਆਂ ਘਟਗਿਣਤੀਆਂ ਦੀਆਂ ਸੁਰੱਖਿਆ ਅਤੇ ਉਨ੍ਹਾਂ ਦੇ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਜ਼ੁੰਮੇਵਾਰ ਹੁੰਦਾ ਹੈ, ਪਰ ਇਸ ਦੇ ਚੇਅਰਮੈਨ ਆਪਣੀ ਪਾਰਟੀ ਦੀ ਨੀਤੀ ਅਨੁਸਾਰ ਘਟਗਿਣਤੀਆਂ ਦੇ ਵਿਰੁੱਧ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਸੰਗਤ ਵੱਲੋਂ ਚੁਣੇ ਗਏ ਮੈਂਬਰਾਂ ਦਾ ਮਸਲਾ ਹੈ, ਜਿਸ ਵਿਚ ਕਿਸੇ ਦੀ ਬਾਹਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ. ਲਾਲਪੁਰਾ ਨੂੰ ਨਸੀਹਤ ਦਿੱਤੀ ਕਿ ਉਹ ਆਪਣੇ ਦਾਇਰੇ ਅੰਦਰ ਰਹਿਣ ਅਤੇ ਸਿੱਖ ਸੰਸਥਾ ਦੀ ਚੋਣ ਵਿਚ ਭਾਜਪਾਈ ਦਖ਼ਲ ਨਾ ਦੇਣ।

ਐਡਵੋਕੇਟ ਧਾਮੀ ਨੇ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਅਹੁਦੇ ਲਈ ਮੁੜ ਉਮੀਦਵਾਰ ਐਲਾਨਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੇ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਕਿ ਉਹ ਬੇਹੱਦ ਸਤਿਕਾਰਤ ਹਨ ਅਤੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਨਾਲ ਚੱਲਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਸਮਾਗਮਾਂ ਮੌਕੇ ਸਹਿਯੋਗ ਕਰਨ ਲਈ ਸਿੱਖ ਜਥੇਬੰਦੀਆਂ ਅਤੇ ਪਾਕਿਸਤਾਨ ਕਮੇਟੀ ਸਮੇਤ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਰਾਮ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ

ਹਿੰਦੂ ਨੇਤਾ ਦੇ ਕਤਲ ‘ਤੇ ਪਾਕਿਸਤਾਨ ਅਤੇ ਵਿਦੇਸ਼ਾਂ ਤੋਂ ਵਧਾਈਆਂ: ਅੱਤਵਾਦੀ ਗੋਪਾਲ ਚਾਵਲਾ ਨੇ ਕਿਹਾ- ਹੁਣ ਹੋਰ ਵੀ ਕਈ ਮਰਨਗੇ