ਚੰਡੀਗੜ੍ਹ, 10 ਨਵੰਬਰ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਅੱਜ ਸੇਵਰੇ ਕੋਟਕਪੁਰਾ ਵਿਚ ਡੇਰਾ ਸਿਰਸਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਸਬੰਧ ਵਿਚ ਗੈਂਗਸਟਰ ਗੋਲਡੀ ਬਰਾੜ ਦੀ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ‘ਚ ਉਸਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸਨੇ ਲਿਖਿਆ ਹੈ ਕਿ 7 ਸਾਲ ਹੋ ਗਏ ਸੀ ਵੇਖਦੇ ਨੂੰ 3 ਸਰਕਾਰਾਂ ਬਦਲ ਗਈਆਂ ਪਰ ਇਨਸਾਫ ਨਹੀਂ ਮਿਲਿਆ ਸੀ।
ਗੋਲਡੀ ਬਰਾੜ ਦੇ ਨਾਂ ‘ਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਗਿਆ ਸੀ ਕਿ ਬੇਅਦਬੀ ਮਾਮਲੇ ‘ਚ ਇਨਸਾਫ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਉਸ ਨੇ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ‘ਤੇ ਅਫਸੋਸ ਪ੍ਰਗਟ ਕੀਤਾ, ਪਰ ਇਹ ਵੀ ਕਿਹਾ ਕਿ ਇੱਕ ਤਨਖਾਹ ਖਾਤਰ ਬੇਅਦਬੀ ਦੇ ਦੋਸ਼ੀ ਦੀ ਕਰਨ ਵਾਲੇ ਲਈ ਲਾਹਨਤ ਤਾਂ ਬਣਦੀ ਸੀ। ਇਹ ਪੋਸਟ ਗੋਲਡੀ ਬਰਾੜ ਨੇ ਕੀਤੀ ਹੈ ਜਾਂ ਕਿਸੇ ਹੋਰ ਨੇ, ਪੰਜਾਬ ਪੁਲਿਸ ਦਾ ਸਾਈਬਰ ਸੈੱਲ ਇਸ ਦੀ ਜਾਂਚ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ। ਉਸੇ ਸਮੇਂ 2 ਮੋਟਰਸਾਈਕਲ ਸਵਾਰ 5 ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪ੍ਰਦੀਪ ਜ਼ਮਾਨਤ ‘ਤੇ ਬਾਹਰ ਆਇਆ ਸੀ। ਜਿਸ ਤੋਂ ਬਾਅਦ ਉਸ ਨੂੰ ਸੁਰੱਖਿਆ ਦਿੱਤੀ ਗਈ। ਮੌਕੇ ‘ਤੇ ਪ੍ਰਦੀਪ ਸਿੰਘ ਡੇਰਾ ਪ੍ਰੇਮੀ ਦਾ ਗੰਨਮੈਨ ਵੀ ਉਸ ਦੇ ਨਾਲ ਸੀ। ਹਮਲਾਵਰਾਂ ਨੇ ਉਸ ‘ਤੇ ਵੀ ਗੋਲੀਆਂ ਚਲਾ ਦਿੱਤੀਆਂ।
ਗੋਲੀਬਾਰੀ ਦੌਰਾਨ ਨੇੜੇ ਦੀ ਇੱਕ ਹੋਰ ਦੁਕਾਨਡਾਰ ਨੂੰ ਵੀ ਗੋਲੀਆਂ ਲੱਗੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।