ਅੰਮ੍ਰਿਤਸਰ, 17 ਨਵੰਬਰ 2022 – ਅੰਮ੍ਰਿਤਸਰ ਪੁਲਿਸ ਨੇ ਵੀਰਵਾਰ ਸਵੇਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਗ੍ਰਨੇਡ, ਇੱਕ ਲੱਖ ਦੀ ਭਾਰਤੀ ਕਰੰਸੀ ਅਤੇ ਬਰੇਜ਼ਾ ਕਾਰ ਬਰਾਮਦ ਹੋਈ ਹੈ। ਮੁਲਜ਼ਮ ਕਾਰ ਵਿੱਚ ਮਕਬੂਲਪੁਰਾ ਵੱਲ ਜਾ ਰਹੇ ਸਨ। ਫਿਲਹਾਲ ਪੁਲਿਸ ਇਸ ਘਟਨਾ ਬਾਰੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਡੀਜੀਪੀ ਗੌਰਵ ਯਾਦਵ ਕੁਝ ਸਮੇਂ ਵਿੱਚ ਇੱਥੇ ਪਹੁੰਚ ਸਕਦੇ ਹਨ ਅਤੇ ਇਸ ਸਬੰਧੀ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਪੁਲੀਸ ਸੂਤਰਾਂ ਨੇ ਮੁਲਜ਼ਮਾਂ ਦੀ ਪਛਾਣ ਫ਼ਿਰੋਜ਼ਪੁਰ ਦੇ ਪਿੰਡ ਬੇਰੇਕੇ ਦੇ ਰਹਿਣ ਵਾਲੇ ਪ੍ਰਕਾਸ਼ ਸਿੰਘ ਉਰਫ਼ ਮਿੰਟੂ ਅਤੇ ਸਦਰ ਥਾਣਾ ਅਧੀਨ ਪੈਂਦੇ ਪਿੰਡ ਅਲੀਕੇ ਦੇ ਰਹਿਣ ਵਾਲੇ ਅੰਗਰੇਜ਼ ਸਿੰਘ ਉਰਫ਼ ਗੇਜਾ ਵਜੋਂ ਕੀਤੀ ਹੈ। ਪੁਲੀਸ ਨੇ ਨਾਕਾਬੰਦੀ ਕਰ ਕੇ ਉਪਰੋਕਤ ਮੁਲਜ਼ਮਾਂ ਨੂੰ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਗ੍ਰਨੇਡਾਂ ਦੀ ਖੇਪ ਜੰਮੂ-ਕਸ਼ਮੀਰ ਤੋਂ ਭੇਜੀ ਗਈ ਹੈ।
ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਖੇਪ ਜੰਮੂ ਵਿੱਚ ਸਰਗਰਮ ਅੱਤਵਾਦੀ ਸੰਗਠਨਾਂ ਰਾਹੀਂ ਇੱਥੇ ਭੇਜੀ ਗਈ ਹੈ। ਦੂਜੇ ਪਾਸੇ ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਡਰੋਨ ਰਾਹੀਂ ਇਹ ਖੇਪ ਇੱਥੇ ਸੁੱਟੀ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਅੱਤਵਾਦੀਆਂ ਦੇ ਮਨਸੂਬਿਆਂ ‘ਤੇ ਪਾਣੀ ਫੇਰਦੇ ਹੋਏ ਗ੍ਰਿਫਤਾਰ ਹੋ ਚੁੱਕੇ ਹਨ। ਸੁਰੱਖਿਆ ਏਜੰਸੀਆਂ ਲਗਾਤਾਰ ਚੌਕਸ ਹਨ।