ਚੰਡੀਗੜ੍ਹ, 25 ਨਵੰਬਰ 2022 – ਸੰਯੁਕਤ ਕਿਸਾਨ ਮੋਰਚਾ (ਐਸਕੇਐਮ) 26 ਨਵੰਬਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪੇਗਾ। ਕਿਸਾਨ ਮੋਰਚਾ ਦੇ ਆਗੂ ਅਤੇ ਹੋਰ ਕਿਸਾਨ 26 ਨਵੰਬਰ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ। ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਫਿਰ ਇੱਥੋਂ 26 ਨਵੰਬਰ ਨੂੰ ਪੰਜਾਬ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਅਤੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦੇ ਕੀਤੇ ਹਨ। ਕਿਸਾਨਾਂ ਵਿਰੁੱਧ ਦਰਜ ਕੇਸ ਵੀ ਰੱਦ ਨਹੀਂ ਕੀਤੇ ਗਏ ਅਤੇ ਨਾ ਹੀ ਲਖਮੀਪੁਰ ਖੇੜੀ ਦੀ ਦਰਦਨਾਕ ਘਟਨਾ ਦਾ ਕੇਂਦਰ ਸਰਕਾਰ ਤੋਂ ਕੋਈ ਇਨਸਾਫ਼ ਮਿਲਿਆ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਸਾਨ-ਮਜ਼ਦੂਰਾਂ ਨੂੰ ਵੀ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਗੁਰਮੀਤ ਸਿੰਘ ਖੂਨੀਮਾਜਰਾ ਅਤੇ ਅਵਤਾਰ ਸਿੰਘ ਆਦਿ ਵੀ ਹਾਜ਼ਰ ਸਨ।