ਕੈਲੀਫੋਰਨੀਆ, 2 ਦਸੰਬਰ, 2022: ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆਂ ਵਿਚ ਹਿਰਾਸਤ ਵਿਚ ਲਏ ਜਾਣ ਦੀ ਖਬਰ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਬਾਰੇ ਰਸਮੀ ਤੌਰ ‘ਤੇ ਕੋਈ ਬਿਆਨ ਨਹੀਂ ਦਿੱਤਾ ਹੈ।
ਹਾਲਾਂਕਿ ਇਸ ਦੀ ਜਾਣਕਾਰੀ ਭਾਰਤੀ ਖੁਫੀਆ ਏਜੰਸੀਆਂ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਉਹ ਅਮਰੀਕੀ ਏਜੰਸੀਆਂ ਨਾਲ ਸੰਪਰਕ ਕਰ ਰਹੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ ‘ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਉਹ ਸਿਆਸੀ ਸ਼ਰਨ ਲੈ ਕੇ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਕੈਲੀਫੋਰਨੀਆ ਭੱਜ ਗਿਆ ਸੀ।
ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਸੀ। ਸਿੰਗਰ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ ‘ਤੇ ਆ ਗਿਆ ਸੀ। ਉਸਨੂੰ ਡਰ ਸੀ ਕਿ ਕਿਤੇ ਕੋਈ ਉਸਦਾ ਠਿਕਾਣਾ ਨਾ ਦੱਸ ਦੇਵੇ। ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਫਰਿਜ਼ਨੋ ਸ਼ਹਿਰ, ਕੈਲੀਫੋਰਨੀਆ, ਅਮਰੀਕਾ ਵਿੱਚ ਭੱਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ।
ਉਧਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੋਲਡੀ ਬਰਾੜ ਨੂੰ ਹਿਰਾਸਤ ਵਿਚ ਲਏ ਜਾਣ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਗੋਲਡੀ ਬਰਾੜ ਕੈਨੇਡਾ ਛੱਡ ਕੇ ਅਮਰੀਕਾ ਚਲਾ ਗਿਆ ਸੀ।
ਦੱਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਬਿਆਨ ਦਿੱਤਾ ਸੀ ਕਿ ਗੋਲਡੀ ਬਰਾੜ ਨੂੰ ਫੜਾ ਦਿਓ ਇਸ ਦੇ ਬਦਲੇ ਮੈਂ 2 ਕਰੋੜ ਰੁਪਏ ਦੇਵਾਂਗਾ ਇਸ ਲਈ ਭਾਵੇਂ ਮੈਨੂੰ ਆਪਣੀ ਜ਼ਮੀਨ ਕਿਉਂ ਨਾ ਵੇਚਣੀ ਪਵੇ। ਤੇ ਅਗਲੇ ਹੀ ਦਿਨ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿਚ ਨਜ਼ਰਬੰਦ ਕੀਤਾ ਗਿਆ ਹੈ। ਅਜੇ ਤੱਕ ਕੈਲੀਫੋਰਨੀਆ ਸਰਕਾਰ ਵੱਲੋਂ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਗਿਆ ਹੈ।