ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਭਾਰਤ ਸਰਕਾਰ ਤੋਂ ਦਖ਼ਲ ਦੀ ਕੀਤੀ ਮੰਗ

  • ਕੇਂਦਰੀ ਗ੍ਰਹਿ ਮੰਤਰੀ ਨੂੰ ਕਿਸਾਨਾਂ ਦੇ ਵਡੇਰੇ ਹਿੱਤ ਵਿੱਚ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸੀਮਾ ਵੱਲ ਤਬਦੀਲ ਕਰਨ ਦੀਆਂ ਸੰਭਾਵਨਾ ਤਲਾਸ਼ਣ ਲਈ ਕਿਹਾ
  • ਨਵੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਰਾਜ ਪੁਲਿਸ ਬਲ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹਦਿਲੀਂ ਨਾਲ ਫੰਡਾਂ ਦੀ ਕੀਤੀ ਮੰਗ

ਨਵੀਂ ਦਿੱਲੀ, 9 ਦਸੰਬਰ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਰਾਜ ਦੇ ਦੋ ਮਹੱਤਵਪੂਰਨ ਬਕਾਇਆ ਬਿੱਲਾਂ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਲੈਣ ਵਾਸਤੇ ਭਾਰਤ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ।

ਇੱਥੇ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸੂਬੇ ਵਿੱਚ ਇਕ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿੱਚ ਇਹ ਮਹਿਸੂਸ ਕੀਤਾ ਗਿਆ ਹੈ ਕਿ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ 295 ਅਤੇ 295-ਏ ਦੀਆਂ ਮੌਜੂਦਾ ਵਿਵਸਥਾਵਾਂ ਅਨੁਸਾਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਸਜ਼ਾ ਦੀ ਮਿਆਦ ਨਾਕਾਫ਼ੀ ਹੈ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ‘ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018’ ਅਤੇ ‘ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018’ ਪਾਸ ਕਰ ਦਿੱਤਾ ਹੈ, ਜਿਸ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ ਜਾਂ ਨੁਕਸਾਨ ਪਹੁੰਚਾਉਣ ਉਤੇ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੋਧ ਸਾਡੇ ਸੰਵਿਧਾਨ ਵਿੱਚ ਦਰਜ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਅਕਤੂਬਰ, 2018 ਤੋਂ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੰਬਿਤ ਪਏ ਹਨ। ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਇਹ ਬਿੱਲ ਜ਼ਰੂਰੀ ਹੋਣ ਉਤੇ ਜ਼ੋਰ ਦਿੰਦੇ ਹੋਏ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ ਕਿਉਂਕਿ ਰਾਜ ਵਿੱਚ ਫਿਰਕੂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਅਪਰਾਧੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਇਨ੍ਹਾਂ ਬਿੱਲਾਂ ਲਈ ਰਾਸ਼ਟਰਪਤੀ ਦੀ ਛੇਤੀ ਮਨਜ਼ੂਰੀ ਦੀ ਲੋੜ ਹੈ।

ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਸਰਹੱਦ ਉਤੇ ਜ਼ੀਰੋ ਲਾਈਨ ਤੋਂ 150 ਮੀਟਰ ਤੱਕ ਉਸਾਰੀ ਕੀਤੀ ਜਾ ਸਕਦੀ ਹੈ ਪਰ ਪੰਜਾਬ ਵਿੱਚ ਕੁਝ ਥਾਵਾਂ ਤੇ ਕੰਡਿਆਲੀ ਤਾਰ ਜ਼ੀਰੋ ਲਾਈਨ ਤੋਂ ਕਾਫ਼ੀ ਦੂਰੀਤੇ ਭਾਰਤ ਵਾਲੇ ਪਾਸੇ ਹੈ। ਉਨ੍ਹਾਂ ਇੱਕ ਮਿਸਾਲ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਏ.ਓ.ਆਰ. 121 ਬਟਾਲੀਅਨ ਬੀ.ਐਸ.ਐਫ. ਮਾਧੋਪੁਰ ਵਿੱਚ ਬਾਰਡਰ ਪਿੱਲਰ ਨੰਬਰ 2/ਐਮ ਤੋਂ ਬਾਰਡਰ ਪਿੱਲਰ ਨੰਬਰ 10/12 ਤੱਕ ਦੇ ਖੇਤਰ ਵਿੱਚ ਕੰਡਿਆਲੀ ਤਾਰ ਅੰਤਰਰਾਸ਼ਟਰੀ ਸਰਹੱਦ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਉਂਕਿ ਖੇਤੀ ਵਾਲੀ ਜ਼ਮੀਨ ਦਾ ਵੱਡਾ ਹਿੱਸਾ ਅੰਤਰਰਾਸ਼ਟਰੀ ਸਰਹੱਦ ਅਤੇ ਮੌਜੂਦਾ ਵਾੜ ਦੇ ਵਿਚਕਾਰ ਆਉਂਦਾ ਹੈ, ਇਸ ਲਈ ਬਹੁਤ ਸਾਰੇ ਕਿਸਾਨਾਂ ਨੂੰ ਇਸ ਜ਼ਮੀਨ `ਤੇ ਖੇਤੀ ਕਰਨ ਲਈ ਕੰਡਿਆਲੀ ਤਾਰ ਤੋਂ ਪਾਰ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੀਮਾ ਸੁਰੱਖਿਆ ਬਲ ਦੇ ਕੰਮ ਦਾ ਬੋਝ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਨੂੰ ਵੀ ਕਾਫ਼ੀ ਮੁਆਵਜ਼ਾ ਦੇਣਾ ਪੈਂਦਾ ਹੈ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦੇ ਵਡੇਰੇ ਹਿੱਤ ਵਿੱਚ ਜਿੱਥੇ ਵੀ ਸੰਭਵ ਹੋਵੇ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਉਤੇ ਵੱਧ ਤੋਂ ਵੱਧ ਜ਼ੀਰੋ ਲਾਇਨ ਵੱਲ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਨਵੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾਈ ਪੁਲਿਸ ਬਲ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹਦਿਲੀਂ ਨਾਲ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਰਾਜ ਬਲ ਨੂੰ ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਇਹ ਸਭ ਤੋਂ ਜ਼ਿਆਦਾ ਜ਼ਰੂਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ

ਮਲੇਰਕੋਟਲਾ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਨੂੰ ਸਾਲ ਦੇ ਅੰਤ ਤੱਕ ਅਧਿਕਾਰੀਆਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ : ਡਾ. ਨਿੱਜਰ