ਐਡਮਿੰਟਨ, 11 ਦਸੰਬਰ 2022 – ਕੈਨੇਡਾ ਦੇ ਐਡਮਿੰਟਨ ਸ਼ਹਿਰ ‘ਚ ਇੱਕ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਨਰਾਜ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ 3 ਦਸੰਬਰ ਦੀ ਰਾਤ ਨੂੰ ਵਾਪਰੀ ਸੀ।
ਮੀਡੀਆ ਦੀਆਂ ਖਬਰਾਂ ਅਨੁਸਾਰ 3 ਦਸੰਬਰ ਨੂੰ 51 ਸਟਰੀਟ ਤੇ 13 ਐਵੇਨਿਊ ਦੇ ਖੇਤਰ ਵਿੱਚ ਗੋਲੀਬਾਰੀ ਦੀ ਖਬਰ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਐਡਮਿੰਟਨ ਪੁਲਿਸ ਨੂੰ ਸਨਰਾਜ ਜ਼ਖਮੀ ਹਾਲਤ ਵਿੱਚ ਮਿਲਿਆ। ਉਸਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਸ ਮਾਮਲੇ ਵਿੱਚ ਪੁਲਿਸ ਦੀ ਜਾਂਚ ਟੀਮ ਵੱਲੋਂ ਇੱਕ ਸ਼ੱਕੀ ਕਾਰ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ, ਜੋ ਕਤਲ ਦੇ ਸਮੇਂ ਉਸੇ ਇਲਾਕੇ ‘ਚੋਂ ਲੰਘੀ ਸੀ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਸ ਗੱਡੀ ਅਤੇ ਇਸ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਕਰ ਸਕਦਾ ਹੈ ਜਾਂ ਗੋਲੀਬਾਰੀ ਬਾਰੇ ਜਾਣਕਾਰੀ ਰੱਖਦਾ ਹੈ, ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।

