ਫਿਰੋਜ਼ਪੁਰ, 20 ਦਸੰਬਰ 2022 – ਫਿਰੋਜ਼ਪੁਰ ਦੇ ਜ਼ੀਰਾ ਵਿਖੇ ਸਥਿਤ ਸ਼ਰਾਬ ਫੈਕਟਰੀ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ। ਪੰਜਾਬ ਸਰਕਾਰ ਵੱਲੋਂ ਧਰਨਾ ਚੁੱਕਣ ਲਈ ਕੀਤੀ ਗਈ ਕਾਰਵਾਈ ਸਬੰਧੀ ਹਾਈਕੋਰਟ ਵਿੱਚ ਆਪਣਾ ਪੱਖ ਪੇਸ਼ ਕੀਤਾ ਜਾਵੇਗਾ। ਪੁਲਿਸ ਪ੍ਰਸ਼ਾਸਨ ਨੇ 18 ਦਸੰਬਰ ਨੂੰ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਸੀ। ਪੁਲੀਸ ਨੇ ਫੈਕਟਰੀ ਦੇ ਗੇਟ ਦੇ ਇੱਕ ਪਾਸੇ ਤੋਂ ਧਰਨਾ ਚੁੱਕ ਲਿਆ ਹੈ, ਜਦੋਂਕਿ ਫੈਕਟਰੀ ਦੇ ਦੂਜੇ ਪਾਸੇ ਗੇਟ ਨੇੜੇ ਮੁੱਖ ਧਰਨਾ ਜਾਰੀ ਹੈ। ਇੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪੈਣ ਕਾਰਨ ਪੁਲੀਸ-ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਹੈ ਕਿ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲੀਸ ਦੀਆਂ ਗੱਡੀਆਂ ਨੂੰ ਰੋਕਣ ਵਾਲਿਆਂ ਨੂੰ ਕਾਬੂ ਕਰ ਲਿਆ ਗਿਆ ਹੈ। ਧਰਨਾ ਖਤਮ ਕਰਨ ਲਈ 2 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਹਨ। ਹਾਈ ਕੋਰਟ ਵੱਲੋਂ ਫੈਕਟਰੀ ਤੋਂ 300 ਮੀਟਰ ਦੀ ਦੂਰੀ ’ਤੇ ਧਰਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਦਰਸ਼ਨਕਾਰੀਆਂ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਸੜਕ ’ਤੇ ਜਾਮ ਲਾ ਦਿੱਤਾ। ਇਸ ਦੇ ਨਾਲ ਹੀ ਕਾਰਵਾਈ ਦੌਰਾਨ ਮੌਕੇ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਡਰੋਨ ਰਾਹੀਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਕਟਰੀ ਦੇ ਗੇਟ ਨੇੜੇ ਧਰਨਾਕਾਰੀਆਂ ਨੂੰ ਨਾ ਚੁੱਕਣ ‘ਤੇ ਪੰਜਾਬ ਸਰਕਾਰ ਨੂੰ 20 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਫੈਕਟਰੀ ਤੋਂ 300 ਮੀਟਰ ਦੂਰ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਰਾਜ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨੂੰ ਅੱਜ ਹਾਈ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

ਜੋਗਿੰਦਰ ਸਿੰਘ ਉਗਰਾਹਾਂ ਕਿਸਾਨ ਜਥੇਬੰਦੀ ਵੱਲੋਂ 18 ਦਸੰਬਰ ਨੂੰ ਪੁਲੀਸ ਕਾਰਵਾਈ ਦੇ ਵਿਰੋਧ ਵਿੱਚ 19 ਦਸੰਬਰ ਨੂੰ ਜ਼ੀਰਾ ਵਿਖੇ ਪਹੁੰਚ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਉਗਰਾਹਾਂ ਜਥੇਬੰਦੀ ਦੇ ਕਿਸਾਨਾਂ ਨੂੰ ਪੁਲੀਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਧਰਨਾਕਾਰੀ ਪੁਲੀਸ ਦੇ ਬੈਰੀਕੇਡ ਤੋੜ ਕੇ ਨੈਸ਼ਨਲ ਹਾਈਵੇ ਨੂੰ ਜੋੜਨ ਵਾਲੀ ਲਿੰਕ ਸੜਕ ਵੱਲ ਵਧ ਗਏ। ਇਸ ਤੋਂ ਬਾਅਦ ਮੁੱਖ ਨਾਕੇ ਵਾਲੀ ਥਾਂ ‘ਤੇ ਪਹੁੰਚ ਗਏ, ਜਦਕਿ ਇਲਾਕੇ ‘ਚ ਪੁਲਸ-ਪ੍ਰਸ਼ਾਸਨ ਵੱਲੋਂ ਸੀਆਰਪੀਸੀ ਦੀ ਧਾਰਾ-144 ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ 5 ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ਕਿਸਾਨਾਂ ਦਾ ਧਰਨਾ ਜਾਰੀ ਹੈ।
ਪੁਲੀਸ ਨੇ 18 ਦਸੰਬਰ ਨੂੰ ਮੁੱਖ ਫੈਕਟਰੀ ਦੇ ਗੇਟ ਤੋਂ ਕਰੀਬ 1 ਕਿਲੋਮੀਟਰ ਦੂਰ ਦੂਜੇ ਗੇਟ ਨੇੜੇ ਲਾਇਆ ਧਰਨਾ ਚੁੱਕ ਲਿਆ ਤਾਂ ਜੋ ਫੈਕਟਰੀ ਮਜ਼ਦੂਰਾਂ ਦੀ ਆਵਾਜਾਈ ਅਤੇ ਹੋਰ ਤਰ੍ਹਾਂ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ। ਹਾਈਕੋਰਟ ਵਿੱਚ ਵੀ ਆਪਣਾ ਪੱਖ ਰੱਖਦਿਆਂ ਸੂਬਾ ਸਰਕਾਰ ਇਸ ਗੱਲ ਦਾ ਹਵਾਲਾ ਦੇ ਸਕਦੀ ਹੈ ਕਿ ਫੈਕਟਰੀ ਦੇ ਗੇਟ ਦੇ ਇੱਕ ਪਾਸੇ ਤੋਂ ਕੰਮ ਸੁਚਾਰੂ ਢੰਗ ਨਾਲ ਚੱਲ ਸਕਦਾ ਹੈ।
