ਤਰਨਤਾਰਨ, 23 ਦਸੰਬਰ 2022 – ਤਰਨਤਾਰਨ ‘ਚ ਇਕ ਨਵ-ਵਿਆਹੇ ਨੌਜਵਾਨ ਦਾ ਉਸ ਦੇ ਗੁਆਂਢੀ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਹ ਅਜੇ ਘਰੋਂ ਬਾਹਰ ਨਿਕਲਿਆ ਹੀ ਸੀ ਕਿ ਉਸ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਦਿਲ ਵਿਚੋਂ ਲੰਘ ਗਈ। ਰਿਸ਼ਤੇਦਾਰਾਂ ਨੇ ਤੁਰੰਤ ਨੌਜਵਾਨ ਨੂੰ ਮੋਟਰਸਾਈਕਲ ‘ਤੇ ਬੈਠਾ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਪੱਟੀ ਦੀ ਸਿੰਗਲ ਬਸਤੀ ਵਾਸੀ ਸਾਜਨ ਸਿੰਘ ਵਜੋਂ ਹੋਈ ਹੈ। ਮੌਕੇ ’ਤੇ ਪੁੱਜੇ ਡੀਐਸਪੀ ਸਤਨਾਮ ਸਿੰਘ ਅਤੇ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸਾਜਨ ਨੂੰ ਗੋਲੀ ਮਾਰਨ ਵਾਲੇ ਮੁਲਜ਼ਮਾਂ ਵਿੱਚ ਗੁਆਂਢੀ ਜਰਮਨ ਸਿੰਘ, ਕਰਨ ਅਤੇ ਬੱਬੀ ਹਨ। ਉਹਨਾਂ ਦੀ ਸਾਜਨ ਨਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਸ਼ਾਮ ਨੂੰ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਮੁਲਜ਼ਮਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜੋ ਉਸ ਦੇ ਦਿਲ ਨੂੰ ਵਿੰਨ੍ਹ ਗਈ।
ਮ੍ਰਿਤਕ ਦੇ ਚਚੇਰੇ ਭਰਾ ਵਿਜੇ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਮ੍ਰਿਤਕ ਸਾਜਨ ਨੂੰ ਮੋਟਰਸਾਈਕਲ ’ਤੇ ਬੈਠ ਕੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੋਂ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਹਾਲਤ ਨੂੰ ਦੇਖਦੇ ਹੋਏ ਸਾਜਨ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਚਚੇਰੇ ਭਰਾ ਵਿਜੇ ਨੇ ਦੱਸਿਆ ਕਿ ਮ੍ਰਿਤਕ ਸਾਜਨ ਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਜਦੋਂ ਇਹ ਬੁਰੀ ਖ਼ਬਰ ਆਈ ਤਾਂ ਉਸ ਦੀ ਪਤਨੀ ਦੇ ਹੱਥਾਂ ਦੀ ਮਹਿੰਦੀ ਦਾ ਰੰਗ ਵੀ ਫਿੱਕਾ ਨਹੀਂ ਪਿਆ ਸੀ। ਪੁਲਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।