ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ SHO ਤੇ ASI ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

ਚੰਡੀਗੜ੍ਹ, 25 ਦਸੰਬਰ 2022 – ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲੇ ਦੇ ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਐਸ.ਐਚ.ਓ ਵਜੋਂ ਤਾਇਨਾਤ ਸਬ ਇੰਸਪੈਕਟਰ (ਐਸਆਈ) ਹਰਪਾਲ ਸਿੰਘ (82/ਜਲੰਧਰ) ਅਤੇ ਉਸ ਦੇ ਅਧੀਨ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਵੰਤ ਸਿੰਘ (405/ਕਪੂਰਥਲਾ) ਨੂੰ 6,500 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਇਕਬਾਲ ਸਿੰਘ ਵਾਸੀ ਪਿੰਡ ਪੰਡੋਰੀ ਕੱਦ, ਜ਼ਿਲ੍ਹਾ ਹੁਸ਼ਿਆਰਪੁਰ ਤੋਂ 6,500 ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸ ਵਿਰੁੱਧ ਐਨਡੀਪੀਐਸ ਤਹਿਤ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਕੋਲੋਂ 6500 ਰੁਪਏ ਰਿਸ਼ਵਤ ਵਜੋਂ ਲੈ ਲਏ ਅਤੇ ਉਸਦੀ ਕਾਰ, ਆਧਾਰ ਕਾਰਡ, ਡਰਾਈਵਿੰਗ ਲਾਇਸੰਸ ਅਤੇ ਏਟੀਐਮ ਕਾਰਡ ਜ਼ਬਤ ਕਰ ਲਿਆ। ਉਹ ਮੁਲਾਜਮ ਉਸਦੀ ਗੱਡੀ ਅਤੇ ਦਸਤਾਵੇਜ਼ ਛੱਡਣ ਬਦਲੇ ਉਸ ਕੋਲੋਂ 50,000 ਰੁਪਏ ਦੀ ਹੋਰ ਮੰਗ ਕਰ ਰਹੇ ਹਨ। ਇਸ ਬਾਰੇ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਵੀ ਸ਼ਿਕਾਇਤ ਦਰਜ ਕਰਵਾ ਦਿੱਤੀ। ਉਕਤ ਦੋਸ਼ੀ ਪੁਲਿਸ ਮੁਲਾਜਮਾਂ ਨੇ ਉਸਦੀ ਗੱਡੀ ਨੂੰ ਦਸ ਦਿਨਾਂ ਤੱਕ ਆਪਣੇ ਕਬਜੇ ਵਿੱਚ ਰੱਖਿਆ ਅਤੇ ਜਦੋਂ ਉਸਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਤਾਂ ਉਸਨੂੰ ਗੱਡੀ ਸਮੇਤ ਸਾਰੇ ਦਸਤਾਵੇਜ ਵਾਪਸ ਕਰ ਦਿੱਤੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਦੋਵੇਂ ਦੋਸ਼ੀ ਪੁਲਿਸ ਮੁਲਾਜਮਾਂ ਨੂੰ ਸ਼ਿਕਾਇਤਕਰਤਾ ਕੋਲੋਂ 6,500 ਰੁਪਏ ਦੀ ਰਿਸ਼ਵਤ ਹਾਸਲ ਕਰਨ ਅਤੇ 50,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਸਬੰਧ ਵਿੱਚ ਉਪਰੋਕਤ ਦੋਵਾਂ ਪੁਲਿਸ ਮੁਲਾਜਮਾਂ ਦੇ ਖਿਲਾਫ ਆਈਪੀਸੀ ਦੀ ਧਾਰਾ 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ‘ਚ ਕੁੱਤਿਆਂ ‘ਤੇ ਫਾਇਰਿੰਗ ਦੀ VIDEO ਆਈ ਸਾਹਮਣੇ, ਪੜ੍ਹੋ ਪੂਰੀ ਖ਼ਬਰ

ਕਾਂਗਰਸ ਦੇ ਡਰੋਂ ਭਾਜਪਾ ਦਾ ਸਮਰਥਨ ਕਰ ਰਹੀ ‘ਆਪ’: ਵੜਿੰਗ