ਫਿਰੋਜ਼ਪੁਰ, ਦਸੰਬਰ 25, 2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ I.T ਸੈੱਲ ਇੰਚਾਰਜ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਲਿਖਤੀ ਪ੍ਰੈਸ ਨੋਟ ਰਾਹੀਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜ਼ੀਰਾ ਦੀ ਮਾਲਬਰੋਜ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਲਈ ਲੱਗੇ ਪੱਕੇ ਮੋਰਚੇ ਵਿੱਚ ਤਹਿਤ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ, ਆਮ ਲੋਕਾਂ ਤੇ ਕਿਸਾਨ ਮਜ਼ਦੂਰ ਜਥੇਬੰਦੀ ਦੇ ਜ਼ੀਰਾ ਜੋਨ ਦੇ ਪ੍ਰਧਾਨ ਬਲਰਾਜ ਸਿੰਘ ਫੇਰੋਕੇ ਸਣੇ ਬਿਨਾਂ ਸ਼ਰਤ 44 ਕਿਸਾਨਾਂ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਲੋਕਾਂ ਦੇ ਰੋਹ ਦੇ ਦਬਾਅ ਹੇਠ ਬਿਨਾਂ ਸ਼ਰਤ ਰਿਹਾਅ ਕਰਕੇ ਅੱਜ ਫਿਰ ਮੂੰਹ ਦੀ ਖਾਣੀ ਪਈ ਹੈ ਤੇ ਰਿਹਾਅ ਕੀਤੇ ਕਿਸਾਨ ਮਜ਼ਦੂਰਾਂ ਨੂੰ ਜੈਕਾਰਿਆਂ ਦੀ ਗੂੰਜ ਵਿਚ ਸਨਮਾਨਿਤ ਕੀਤਾ ਗਿਆ।
ਕਿਸਾਨ ਆਗੂਆਂ ਨੇ ਇਸ ਅੱਗੇ ਕਿਹਾ ਕਿ ਇਸ ਤਰ੍ਹਾਂ ਇਲਾਕੇ ਤੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ, ਕਿਉਂਕਿ ਇਲਾਕੇ ਤੇ ਲੋਕਾਂ ਦੀ ਇੱਕੋ ਮੰਗ ਹੈ ਕਿ ਫੈਕਟਰੀ ਬੰਦ ਕੀਤੀ ਜਾਵੇ ਤੇ ਧਰਤੀ ਹੇਠਲੇ ਦੂਸ਼ਿਤ ਕੀਤੇ ਪਾਣੀ ਤਹਿਤ ਫੈਕਟਰੀ ਮਾਲਕਾਂ ਉੱਤੇ ਪਰਚੇ ਦਰਜ ਕਰਕੇ ਬਣਦੀ ਕਾਰਵਾਈ ਤਹਿਤ ਜੇਲ੍ਹ ਵਿੱਚ ਬੰਦ ਕੀਤਾ ਜਾਵੇ। ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਜਥੇਬੰਦੀ ਵੱਲੋਂ ਡੀਸੀ ਦਫ਼ਤਰ ਫ਼ਿਰੋਜ਼ਪੁਰ ਅੱਗੇ ਲਾਇਆ ਪੱਕਾ ਮੋਰਚਾ 30ਵੇਂ ਦਿਨ ਵਿੱਚ ਤੇ ਟੋਲ ਪਲਾਜ਼ਿਆਂ ਨੂੰ ਫਰੀ ਮੋਰਚਾ 11ਵੇਂ ਦਿਨ ਵਿਚ ਦਾਖਲ ਹੋ ਚੁੱਕੇ ਹਨ, ਜੋ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਜਿਵੇਂ 23 ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਕਾਨੂੰਨ ਬਣਾਉਣ, ਸਾਢੇ ਸਤਾਰਾਂ (17.5) ਏਕੜ ਹੱਦਬੰਦੀ ਕਨੂੰਨ ਲਾਗੂ ਕੀਤਾ ਜਾਵੇ, ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਭਾਰਤ ਮਾਲਾ ਪ੍ਰੋਜੈਕਟ ਤਹਿਤ ਐਕਵਾਇਰ ਕੀਤੀਆਂ ਜਮੀਨਾਂ ਦਾ ਇੱਕ ਸਾਰ ਰੇਟ ਦਿੱਤਾ ਜਾਵੇ, ਕਿਸਾਨਾਂ-ਮਜ਼ਦੂਰਾਂ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਨਾਲ ਮਸਲੇ ਹੱਲ ਕੀਤੇ ਜਾਣ, ਦਫਤਰਾਂ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਬੰਦ ਕੀਤਾ ਜਾਵੇ ਮੌਕੇ ਤੇ ਹਾਜ਼ਰ ਅਫ਼ਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਅਮਨਦੀਪ ਸਿੰਘ ਕੱਚਰਭੰਨ, ਗੁਰਜੰਟ ਸਿੰਘ ਲਹਿਰਾ, ਮੱਖਣ ਸਿੰਘ ਵਾੜਾ ਜਵਾਹਰ ਵਾਲਾ, ਗੁਲਜ਼ਾਰ ਸਿੰਘ ਗੋਗੋਆਣੀ, ਮਨਜੋਤ ਸਿੰਘ ਸ਼ੇਰਗਿੱਲ ਆਦਿ ਆਗੂ ਹਾਜਰ ਸਨ।