- ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਚੰਡੀਗੜ੍ਹ, 1 ਜਨਵਰੀ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੇ ਪਹਿਲੇ ਦਿਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਸੂਬੇ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਲਈ ਨਵਾਂ ਸਾਲ-2023 ਖ਼ੁਸ਼ੀਆਂ-ਖੇੜੇ, ਅਮਨ ਅਤੇ ਖ਼ੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਨਵਾਂ ਵਰ੍ਹਾ ਸਾਰੇ ਪੰਜਾਬੀਆਂ ਲਈ ਖ਼ੁਸ਼ੀਆਂ, ਅਮਨ ਅਤੇ ਸਫ਼ਲਤਾ ਦੇ ਨਵੇਂ ਮੌਕੇ ਲੈ ਕੇ ਆਉਣ ਦੀ ਆਸ ਪ੍ਰਗਟਾਉਂਦਿਆਂ ਭਗਵੰਤ ਮਾਨ ਨੇ ਪੰਜਾਬ ਨੂੰ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਸੰਕਲਪ ਲੈਣ ਦਾ ਵੀ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਤਾਂ ਜੋ ਵਿਕਾਸ ਦਾ ਅਸਰ ਜ਼ਮੀਨੀ ਪੱਧਰ ‘ਤੇ ਦਿਸੇ ਅਤੇ ਖ਼ਾਸ ਕਰਕੇ ਗਰੀਬ ਵਰਗ ਦੇ ਜੀਵਨ ਨੂੰ ਸੁਖਾਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਰਵਪੱਖੀ ਤਰੱਕੀ ਅਤੇ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕਰਨ ਦੀਆਂ ਬਰੂਹਾਂ ‘ਤੇ ਹੈ, ਜਿਸ ਲਈ ਸਾਰੇ ਪੰਜਾਬੀਆਂ ਨੂੰ ਆਉਣ ਵਾਲੇ ਸਾਲ ਵਿਚ ਪੂਰੇ ਜੋਸ਼ ਨਾਲ ਕੰਮ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸੂਬੇ ਦੀ ਸਰਬਪੱਖੀ ਤਰੱਕੀ ਅਤੇ ਵਿਕਾਸ ਦੇ ਯੁੱਗ ਨੂੰ ਨਿਰੰਤਰ ਜਾਰੀ ਰੱਖਣ ਲਈ ਹੋਰ ਜ਼ੋਰਦਾਰ ਹੰਭਲਾ ਮਾਰੀਏ।
ਮੁੱਖ ਮੰਤਰੀ ਨੇ ਲੋਕਾਂ ਨੂੰ ਧਰਮ ਨਿਰਪੱਖਤਾ, ਪ੍ਰਭੂਸੱਤਾ, ਫਿਰਕੂ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਸਮੂਹਿਕ ਜੋਸ਼ ਨਾਲ ਕੰਮ ਕਰਨ ਦੀ ਵਚਨਬੱਧਤਾ ਨਾਲ ਸਾਲ 2023 ਦਾ ਸੁਆਗਤ ਕਰਨ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਨਵਾਂ ਸਾਲ ਸਾਰਿਆਂ ਲਈ ਖ਼ੁਸ਼ਹਾਲੀ ਅਤੇ ਖ਼ੁਸ਼ੀਆਂ-ਖੇੜੇ ਲੈ ਕੇ ਆਉਣ ਦੀ ਕਾਮਨਾ ਕਰਦਿਆਂ ਕਿਹਾ ਕਿ ਆਉਣ ਵਾਲਾ ਸਾਲ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਨੇ ਲੋਕਾਂ ਨੂੰ ਕੌਮੀ ਏਕਤਾ, ਸ਼ਾਂਤੀ, ਪਿਆਰ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ।