ਨਵੀਂ ਦਿੱਲੀ, 2 ਜਨਵਰੀ 2023 – 8 ਨਵੰਬਰ 2016 ਨੂੰ ਕੇਂਦਰ ਸਰਕਾਰ ਨੇ ਅਚਾਨਕ ਦੇਸ਼ ਵਿੱਚ ਨੋਟਬੰਦੀ ਲਾਗੂ ਕਰ ਦਿੱਤੀ। ਇਸ ਤਹਿਤ 1000 ਅਤੇ 500 ਰੁਪਏ ਦੇ ਨੋਟਾਂ ਨੂੰ ਵਰਤੋਂ ਤੋਂ ਬਾਹਰ ਕਰ ਦਿੱਤਾ ਗਿਆ ਸੀ। ਇਸ ਫੈਸਲੇ ਤੋਂ ਬਾਅਦ ਪੂਰੇ ਦੇਸ਼ ਨੂੰ ਨੋਟ ਬਦਲਣ ਲਈ ਕਤਾਰਾਂ ‘ਚ ਖੜ੍ਹਨਾ ਪਿਆ। ਨੋਟਬੰਦੀ ਦੇ ਫੈਸਲੇ ਖਿਲਾਫ 58 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਸ ‘ਤੇ ਸੁਪਰੀਮ ਕੋਰਟ ਨੇ 2 ਜਨਵਰੀ ਯਾਨੀ ਅੱਜ ਵੱਡਾ ਫੈਸਲਾ ਸੁਣਾਇਆ ਹੈ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਵੱਡਾ ਫੈਸਲਾ ਦਿੰਦੇ ਹੋਏ ਕੇਂਦਰ ਸਰਕਾਰ ਦੇ 2016 ‘ਚ 500 ਅਤੇ 1000 ਰੁਪਏ ਦੇ ਨੋਟ ਬੰਦ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਮੋਦੀ ਸਰਕਾਰ ਦੇ ਨੋਟਬੰਦੀ ਨੂੰ ਚੁਣੌਤੀ ਦੇਣ ਵਾਲੀਆਂ 58 ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ ਦਿੱਤਾ ਹੈ। ਜਸਟਿਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਕਿਹਾ ਕਿ ਆਰਥਿਕ ਫੈਸਲਿਆਂ ਨੂੰ ਬਦਲਿਆ ਨਹੀਂ ਜਾ ਸਕਦਾ।
ਇਸ ਤੋਂ ਪਹਿਲਾਂ, ਜਸਟਿਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਪੰਜ ਦਿਨਾਂ ਦੀ ਬਹਿਸ ਤੋਂ ਬਾਅਦ 7 ਦਸੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਅਬਦੁਲ ਨਜ਼ੀਰ, ਜਸਟਿਸ ਬੀਆਰ ਗਵਈ, ਜਸਟਿਸ ਏ.ਐਸ. ਬੋਪੰਨਾ, ਜਸਟਿਸ ਵੀ. ਰਾਮਾਸੁਬਰਾਮਨੀਅਨ ਅਤੇ ਜਸਟਿਸ ਬੀ.ਵੀ. ਨਗਰਰਤਨ ਸ਼ਾਮਲ ਸਨ।