ਚੰਡੀਗੜ੍ਹ, 4 ਜਨਵਰੀ 2022 – ਸਾਲ 2020 ਵਿੱਚ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਦੋਸ਼ ਵਿੱਚ ਧਾਰਾ-188 ਤਹਿਤ ਚੰਡੀਗੜ੍ਹ ਵਿੱਚ ਦਰਜ ਹੋਏ ਕੇਸ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ 8 ਆਗੂਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ‘ਚ ਦਾਇਰ ਪਟੀਸ਼ਨ ‘ਤੇ 20 ਫਰਵਰੀ ਨੂੰ ਸੁਣਵਾਈ ਹੋਣੀ ਹੈ। ਅਜਿਹੇ ‘ਚ ਹਾਈਕੋਰਟ ਨੇ ਚੰਡੀਗੜ੍ਹ ਦੀ ਹੇਠਲੀ ਅਦਾਲਤ ਨੂੰ ਇਸ ਤੋਂ ਪਹਿਲਾਂ ਸੁਣਵਾਈ ਨਾ ਕਰਨ ਦੇ ਹੁਕਮ ਦਿੱਤੇ ਹਨ। ਆਗੂਆਂ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਨੋਟਿਸ ਜਾਰੀ ਕੀਤਾ ਹੈ।
ਕੇਸ ਦਰਜ ਕੀਤੇ ਗਏ ਆਗੂਆਂ ਵਿੱਚ ਭਾਜਪਾ ਆਗੂ ਵਿਜੇ ਸਾਂਪਲਾ, ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ, ਤਰੁਣ ਚੁੱਘ, ਮਨੋਰੰਜਨ ਕਾਲੀਆ, ਜੀਵਨ ਗੁਪਤਾ, ਬਲਦੇਵ ਚਾਵਲਾ ਅਤੇ ਸੁਭਾਸ਼ ਸ਼ਰਮਾ ਤੋਂ ਇਲਾਵਾ ‘ਆਪ’ ਆਗੂ ਤੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਸ਼ਾਮਲ ਹਨ।
ਹਾਈ ਕੋਰਟ ਨੇ ਇਸ ਤੋਂ ਪਹਿਲਾਂ ਤੀਕਸ਼ਨ ਸੂਦ, ਮਾਸਟਰ ਮੋਹਨ ਲਾਲ, ਸੁਰਜੀਤ ਕੁਮਾਰ ਜਿਆਣੀ, ਕੇਡੀ ਭੰਡਾਰੀ ਅਤੇ ਅਰੁਨੇਸ਼ ਸ਼ੰਕਰ ਨੂੰ ਵੀ ਇਸੇ ਮਾਮਲੇ ਵਿੱਚ ਰਾਹਤ ਦਿੱਤੀ ਸੀ। ਹੁਣ ਸਾਰੇ ਆਗੂਆਂ ਦੀ ਪਟੀਸ਼ਨ ‘ਤੇ ਹਾਈਕੋਰਟ ਵੱਲੋਂ 20 ਫਰਵਰੀ ਨੂੰ ਸੁਣਵਾਈ ਕੀਤੀ ਜਾਵੇਗੀ।