ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ 23200 CRM ਮਸ਼ੀਨਾਂ ਮੁਹੱਈਆ ਕਰਵਾਈਆਂ: ਧਾਲੀਵਾਲ

  • ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫ਼ੀਸਦੀ ਕਮੀ ਆਈ
  • ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਪੈਦਾ ਕਰਨ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਸਬੰਧੀ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ

ਚੰਡੀਗੜ੍ਹ, 15 ਜਨਵਰੀ 2023 – ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਠੋਸ ਉਪਰਾਲਿਆਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ‘ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ ‘ਤੇ ਹੀ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ’ ਸਬੰਧੀ ਸਕੀਮ ਅਧੀਨ ਕਿਸਾਨਾਂ, ਸੂਬੇ ਦੀਆਂ ਕਿਸਾਨ ਉਤਪਾਦਕ ਸੰਸਥਾਵਾਂ (ਐਫ.ਪੀ.ਓਜ਼), ਪੰਚਾਇਤਾਂ, ਪ੍ਰਾਇਮਰੀ ਐਗਰੀਕਲਚਰਲ ਸੋਸਾਇਟੀਆਂ (ਪੀ.ਏ.ਸੀ.ਐਸ.) ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ 23200 ਤੋਂ ਵੱਧ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫੀਸਦੀ ਕਮੀ ਆਈ ਹੈ।

ਖੇਤੀਬਾੜੀ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 113622 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੇ ਇਸ ਸਕੀਮ ਤਹਿਤ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਕ੍ਰਮਵਾਰ 50 ਫ਼ੀਸਦੀ ਅਤੇ 80 ਫ਼ੀਸਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਲਈ ਅਰਜ਼ੀਆਂ ਆਨਲਾਈਨ ਪੋਰਟਲ ਰਾਹੀਂ ਮੰਗੀਆਂ ਗਈਆਂ ਹਨ ਤਾਂ ਜੋ ਇਸ ਸਬਸਿਡੀ ਦਾ ਲਾਭ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕੇ।

ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਰੀ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਨੂੰ ਉਜਾਗਰ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਵਿਭਾਗ ਵੱਲੋਂ ਹਰੇਕ ਬਲਾਕ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿੱਥੇ ਖ਼ਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀ.ਆਰ.ਐਮ. ਮਸ਼ੀਨਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਿਆਂ ਨੂੰ 7.4 ਕਰੋੜ ਰੁਪਏ ਦੀ ਰਾਸ਼ੀ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੀ.ਆਰ.ਐਮ. ਮਸ਼ੀਨਾਂ ਦੀ ਬੁਕਿੰਗ ਲਈ ਆਈ-ਖੇਤ ਐਪ ਵੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਿੰਡ ਪੱਧਰੀ ਕੈਂਪਾਂ, ਕੰਧ ਚਿੱਤਰਾਂ, ਬੈਨਰ ਅਤੇ ਪ੍ਰਚਾਰ ਵੈਨਾਂ ਰਾਹੀਂ ਜਾਣਕਾਰੀ, ਸਿੱਖਿਆ ਅਤੇ ਸੰਚਾਰ ਸਬੰਧੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸ. ਧਾਲੀਵਾਲ ਨੇ ਕਿਹਾ ਕਿ ਸੂਬੇ ਵਿੱਚ 3000 ਤੋਂ ਵੱਧ ਪਿੰਡ ਪੱਧਰੀ ਕੈਂਪ ਲਗਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਨੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਾਗਰੂਕ ਕਰਨ ਲਈ 9 ਵਿਸ਼ੇਸ਼ ਜ਼ਿਲ੍ਹਿਆਂ ਵਿੱਚ ਆਸ਼ਾ ਵਰਕਰਾਂ ਨੂੰ ਵੀ ਸ਼ਾਮਲ ਕੀਤਾ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ ‘ਤੇ ਅਤੇ ਬਾਅਦ ਵਿੱਚ ਪ੍ਰਬੰਧਨ ਸਬੰਧੀ ਉਪਕਰਨਾਂ ਦੀ ਵੱਧ ਉਪਲਬਧਤਾ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਵਿੱਚ ਮਦਦ ਮਿਲੀ ਹੈ। ਝੋਨੇ ਦੇ ਵਾਢੀ ਸੀਜ਼ਨ ਦੌਰਾਨ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 2021 ਵਿੱਚ 71159 ਦੇ ਮੁਕਾਬਲੇ 2022 ਵਿੱਚ ਘਟ ਕੇ 49922 ਰਹਿ ਗਈਆਂ ਹਨ ਜਿਸ ਨਾਲ 29.84 ਫੀਸਦੀ ਦੀ ਕਮੀ ਆਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਸੂਮ ਬੱਚੀ ਨਾਲ ਬਲਾਤਕਾਰ: ਮੁਲਜ਼ਮ ਨੇ ਬਹਾਨੇ ਨਾਲ ਕਮਰੇ ‘ਚ ਲਿਜਾ ਕੀਤਾ ਗ਼ਲਤ ਕੰਮ

ਪੰਜਾਬ ਸੂਬੇ ‘ਚ ਜਲ ਸਰੋਤ, ਇਤਿਹਾਸਕ ਤੇ ਸਭਿਆਚਾਰਕ ਇਮਾਰਤਾਂ ਨੂੰ ਸੈਰ ਸਪਾਟੇ ਵਜੋਂ ਪ੍ਰਫੁੱਲਤ ਕੀਤਾ ਜਾਵੇਗਾ – ਅਨਮੋਲ ਗਗਨ ਮਾਨ