ਮਾਨ ਨੇ ਬਠਿੰਡਾ ਵਿਖੇ ਲਹਿਰਾਇਆ ਕੌਮੀ ਝੰਡਾ, ਬਠਿੰਡਾ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਐਲਾਨ, ਕਿਹਾ ਇਕ ਸਾਲ ਵਿਚ ਕੋਹਿਨੂਰ ਹੀਰੇ ਵਾਂਗ ਚਮਕੇਗਾ ਪੰਜਾਬ

  • ਹਰੇਕ ਖੇਤਰ ਦਾ ਵਿਆਪਕ ਵਿਕਾਸ ਹੋਣ ਨਾਲ ਇਕ ਸਾਲ ਵਿਚ ਕੋਹਿਨੂਰ ਹੀਰੇ ਵਾਂਗ ਚਮਕੇਗਾ ਪੰਜਾਬ – ਮਾਨ 
  • ਗਣਤੰਤਰ ਦਿਵਸ ਮੌਕੇ ਬਠਿੰਡਾ ਵਿਖੇ ਲਹਿਰਾਇਆ ਕੌਮੀ ਝੰਡਾ
  • ਸਮੂਹ ਪੰਜਾਬੀਆਂ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਧ-ਚੜ੍ਹ ਕੇ ਅੱਗੇ ਆਉਣ ਦਾ ਸੱਦਾ
  • ‘ਮੇਰਾ ਹਰ ਸਾਹ ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਨੂੰ ਸਮਰਪਿਤ’
  • 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਹੋ ਜਾਣਗੇ
  • ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਪੰਜਾਬ ਦੀ ਝਾਕੀ ਜਾਣਬੁੱਝ ਕੇ ਬਾਹਰ ਕੱਢ ਦੇਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ
  • ਬਠਿੰਡਾ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਐਲਾਨ

ਬਠਿੰਡਾ, 26 ਜਨਵਰੀ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਹਰੇਕ ਖੇਤਰ ਦਾ ਵਿਆਪਕ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ।  

ਅੱਜ ਇੱਥੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬਾ ਸਰਕਾਰ ਦੇ ਯਤਨਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਮਦਦ ਤੇ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਭਗਵੰਤ ਮਾਨ ਨੇ ਪੰਜਾਬ ਨੂੰ ਨਵੀਆਂ ਬੁਲੰਦੀਆਂ ਉਤੇ ਲਿਜਾਣ ਦਾ ਅਹਿਦ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਸਾਡੇ ਮਹਾਨ ਸ਼ਹੀਦਾਂ ਤੇ ਕੌਮੀ ਨਾਇਕਾਂ ਵੱਲੋਂ ਹਰੇਕ ਲਈ ਬਰਾਬਰ ਮੌਕਿਆਂ ਵਾਲੇ ਸਮਾਜ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ।  

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਬਸਤੀ ਹੋਣ ਦੇ ਨਾਤੇ ਸਾਡੇ ਦੇਸ਼ ਨੇ ਬਹੁਤ ਦੁੱਖ ਝੱਲੇ ਪਰ ਸਾਡੇ ਆਜ਼ਾਦੀ ਸੰਘਰਸ਼ ਦੇ ਬਹਾਦਰ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਤੋੜਨ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਜਿਹੜੇ ਮਹਾਨ ਦੇਸ਼ ਭਗਤ  ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ ਜਾਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਬਹੁਤ ਸਾਰੇ ਨਾਇਕਾਂ ਨੇ ਸਾਡੇ ਆਜ਼ਾਦੀ ਲੈ ਕੇ ਦੇਣ ਲਈ ਆਪਣਾ ਖੂਨ ਵਹਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਪੰਜਾਬੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਿਚ ਸਭ ਤੋਂ ਮੋਹਰੀ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲਿਆਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਤੱਥ ਇਹ ਹੈ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਮੁਲਕ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸਾਡੇ ਆਜ਼ਾਦੀ ਘੁਲਾਟੀਆਂ, ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵਰਗੇ ਮਹਾਨ ਕੌਮੀ ਸ਼ਖਸੀਅਤਾਂ ਦੇ ਸੁਪਨੇ ਅਜੇ ਵੀ ਅਧੂਰੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਕਈ ਦਹਾਕਿਆਂ ਦੌਰਾਨ ਸੂਬੇ ਦੀ ਵਾਗਡੋਰ ਸੰਭਾਲਣ ਵਾਲੀਆਂ ਸਰਕਾਰਾਂ ਤੋਂ ਬਹੁਤ ਉਮੀਦਾਂ ਸਨ, ਪਰ ਬਹੁਤੀਆਂ ਸਰਕਾਰਾਂ ਨੇ ਲੋਕਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਕਿਉਂਕਿ ਭ੍ਰਿਸ਼ਟਾਚਾਰ, ਗਰੀਬੀ, ਬੇਰੋਜ਼ਗਾਰੀ ਅਤੇ ਹੋਰ ਬਹੁਤ ਸਾਰੀਆਂ ਅਲਾਮਤਾਂ ਨੇ ਅਜੇ ਵੀ ਸੂਬੇ ਵਿਚ ਪੈਰ ਪਸਾਰੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਸੱਤਾ ਵਿਚ ਆਈ ਆਮ ਆਦਮੀ ਦੀ ਸਰਕਾਰ ਪੰਜਾਬ ਵਿੱਚ ਤਾਜ਼ੀ ਹਵਾ ਦੇ ਬੁੱਲੇ ਵਾਂਗ ਆਈ ਹੈ ਕਿਉਂਕਿ ਇਹ ਸਰਕਾਰ ਸੂਬੇ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ਪੂਰੀਆਂ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ, “ਹੁਣ ਸਮਾਂ ਆ ਗਿਆ ਹੈ ਜਦੋਂ ਹਰ ਪੰਜਾਬੀ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਪੰਜਾਬ ਭਾਗਾਂ ਵਾਲੀ ਧਰਤੀ ਹੈ ਅਤੇ ਹੁਣ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦਾ ਆਗਾਜ਼ ਕਰਨ ਲਈ ਇਸ ਨੂੰ ਮੁੜ ਸੁਰਜੀਤ ਕਰਨ ਦਾ ਸਮਾਂ ਆ ਗਿਆ ਹੈ। ਅਜਿਹਾ ਕਰਨ ਨਾਲ ਸੂਬੇ ਅੰਦਰ ਨੌਜਵਾਨਾਂ ਲਈ ਨਵੇਂ ਰਾਹ ਖੁੱਲ੍ਹਣਗੇ ਅਤੇ ਉਨ੍ਹਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਇਕਮਾਤਰ ਉਦੇਸ਼ ਨੇਕ ਨੀਅਤ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨਾ ਹੈ। ਭਗਵੰਤ ਮਾਨ ਨੇ ਕਿਹਾ, “ਰੱਬ ਨਾ ਕਰੇ ਜੇਕਰ ਮੈਂ ਕਦੇ ਆਪਣੇ ਪਰਿਵਾਰ ਜਾਂ ਰਿਸ਼ਤੇਦਾਰਾਂ ਨੂੰ ਨਾਜਾਇਜ਼ ਫਾਇਦਾ ਦੇਣ ਲਈ ਦਸਤਖ਼ਤ ਕਰਦਾਂ ਹਾਂ ਤਾਂ ਇਹ ਦਸਤਖ਼ਤ ਮੇਰੇ ਲਈ ਮੌਤ ਦਾ ਵਾਰੰਟ ਹੋਣਗੇ। ਮੇਰਾ ਹਰ ਸਾਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਸਮਰਪਿਤ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨ ਅਤੇ ਸਾਡੇ ਮਹਾਨ ਕੌਮੀ ਨੇਤਾਵਾਂ ਦੀਆਂ ਖਾਹਿਸ਼ਾਂ ਪੂਰਾ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 10 ਮਹੀਨਿਆਂ ਵਿੱਚ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹੁਣ ਤੱਕ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ 27 ਜਨਵਰੀ ਨੂੰ 400 ਤੋਂ ਵੱਧ ਕਲੀਨਿਕ ਖੋਲ੍ਹੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਇਕ ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੀ ਗਰੰਟੀ ਵੀ ਪੂਰੀ ਕਰ ਦਿੱਤੀ ਗਈ ਹੈ ਅਤੇ ਨਵੰਬਰ-ਦਸੰਬਰ, 2022 ਦੇ ਮਹੀਨਿਆਂ ਦੌਰਾਨ ਸੂਬੇ ਦੇ 87 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦੇ ਗਠਨ ਦੇ ਪਹਿਲੇ ਕੁਝ ਮਹੀਨਿਆਂ ਦੌਰਾਨ ਹੀ 25,886 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਸਾਰੀ ਭਰਤੀ ਨਿਰੋਲ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਪੁਲਿਸ ਵਿੱਚ 2100 ਅਸਾਮੀਆਂ ਭਰਨ ਦੀ ਪ੍ਰਕਿਰਿਆ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਚਾਰ ਸਾਲਾਂ ਵਿੱਚ ਹਰ ਸਾਲ 300 ਸਬ-ਇੰਸਪੈਕਟਰਾਂ ਅਤੇ 1800 ਕਾਂਸਟੇਬਲਾਂ ਦੀਆਂ ਅਸਾਮੀਆਂ ਭਰਨ ਦਾ ਫੈਸਲਾ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬੇ ਨੂੰ ਉਦਯੋਗਿਕ ਵਿਕਾਸ ਦੀਆਂ ਬੁਲੰਦੀਆਂ ਉਤੇ ਲਿਜਾਣ ’ਤੇ ਜ਼ੋਰ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਆਪਕ ਯਤਨਾਂ ਸਦਕਾ ਉੱਦਮੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ ਵਿੱਚ 27,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਜਿਸ ਨਾਲ ਨੌਜਵਾਨਾਂ ਲਈ 1.25 ਲੱਖ ਨੌਕਰੀਆਂ ਪੈਦਾ ਹੋਈਆਂ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਉਨ੍ਹਾਂ ਦੇ ਘਰ-ਘਰ ਜਾ ਕੇ ਦੇਣ ਦਾ ਫੈਸਲਾ ਕੀਤਾ।

ਗਣਤੰਤਰ ਦਿਵਸ ਦੀ ਪਰੇਡ ਤੋਂ ਪੰਜਾਬ ਦੀ ਝਾਕੀ ਨੂੰ ਜਾਣਬੁੱਝ ਕੇ ਬਾਹਰ ਕੱਢਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਕੇਂਦਰ ਦੀ ਸੱਤਾਧਾਰੀ ਧਿਰ ਦੀ ਸੌੜੀ ਮਾਨਸਿਕਤਾ ਦਾ ਪਤਾ ਲਗਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਹਾਨ ਯੋਗਦਾਨ ਦਾ ਪ੍ਰਗਟਾਵਾ ਕੀਤੇ ਬਿਨਾਂ ਕਿਸੇ ਵੀ ਕੌਮੀ ਦਿਹਾੜੇ ਦੇ ਜਸ਼ਨਾਂ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪ੍ਰਤੀ ਅਜਿਹੀ ਘੋਰ ਵਿਤਕਰੇਬਾਜ਼ੀ ਅਣ-ਉਚਿਤ ਤੇ ਗੈਰ-ਵਾਜਬ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਬਠਿੰਡਾ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਦੇ ਬਾਹਰਵਾਰ ਅਤਿ-ਆਧੁਨਿਕ ਬੱਸ ਸਟੈਂਡ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸ਼ਹਿਰ ਵਿੱਚ ਲੋਕਲ ਬੱਸ ਸੇਵਾ ਵੀ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਬਠਿੰਡਾ ਵਿੱਚ 260 ਕਰੋੜ ਰੁਪਏ ਦੀ ਲਾਗਤ ਨਾਲ ਅਰਬਨ ਅਸਟੇਟ- ਫੇਜ਼ ਛੇ ਨੂੰ ਵੀ ਵਿਕਸਤ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਦਰਪਣ ਆਹਲੂਵਾਲੀਆ, ਆਈ.ਪੀ.ਐਸ.  ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲਿਸ, ਐਨ.ਸੀ.ਸੀ. ਕੈਡਿਟ, ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬ੍ਰਾਸ ਬੈਂਡ ਅਤੇ ਹੋਰ ਸਕੂਲੀ ਬੈਂਡਾਂ ਦੀ ਟੁਕੜੀ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗਣਤੰਤਰਤਾ ਦਿਵਸ ਮੌਕੇ ਬੇਅੰਤ ਸਿੰਘ ਮੈਮੋਰੀਅਲ ‘ਤੇ ਲਿਖੇ ਗਏ ‘ਖਾਲਿਸਤਾਨੀ ਨਾਅਰੇ’

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ