21 ਫਰਵਰੀ ਤੋਂ ਪਹਿਲਾਂ ਬੋਰਡਾਂ ‘ਤੇ ਨਾਮ ਅਤੇ ਦਿਸ਼ਾ ਸੂਚਕ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ – ਡਾ. ਬੋਹਾ

  • ਬੋਰਡਾਂ ‘ਤੇ ਉਪਰਲੇ ਪਾਸੇ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਵਿਚ ਲਿਖਿਆ ਜਾਵੇ
  • ਬੋਰਡਾਂ ‘ਤੇ ਨਾਮ ਲਿਖਣ ਸਮੇਂ ਸ਼ਬਦ ਜੋੜਾਂ ਦਾ ਪੂਰਾ-ਪੂਰਾ ਧਿਆਨ ਰੱਖਿਆ ਜਾਵੇ – ਡਾ. ਬੋਹਾ

ਐਸ.ਏ.ਐਸ ਨਗਰ 2 ਫਰਵਰੀ 2023 – ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਮਾਂ-ਬੋਲੀ ਪੰਜਾਬੀ ਦੇ ਮਾਣ-ਸਤਿਕਾਰ ਅਤੇ ਗੌਰਵ ਬਹਾਲੀ ਲਈ ਭਾਸ਼ਾ ਵਿਭਾਗ, ਪੰਜਾਬ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹੋਈਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਾਸ਼ਾ ਐਕਟ-1967 ਸਮੇਤ ਪੰਜਾਬ ਰਾਜ ਭਾਸ਼ਾ ਤਰਮੀਮ ਐਕਟ-2008 ਅਤੇ 2021 ਦੇ ਉਪਬੰਧਾਂ ਅਨੁਸਾਰ ਪੰਜਾਬ ਰਾਜ ਵਿੱਚ ਸਮੁੱਚਾ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵੱਲੋਂ ਪੱਤਰ ਨੰ. 6/41/19-2ਸਿੱ.ਸੈੱਲ/857 ਮਿਤੀ ਚੰਡੀਗੜ੍ਹ 05.12.2022 ਰਾਹੀਂ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ/ ਸੰਸਥਾਵਾਂ/ ਵਿੱਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ/ ਵਿੱਦਿਅਕ ਸੰਸਥਾਵਾਂ/ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ/ ਸੁਸਾਇਟੀ ਐਕਟ/ ਫੈਕਟਰੀ ਐਕਟ ਤਹਿਤ ਰਜਿਸਟਰਡ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ ਨਾਮ ਪੱਟੀਆਂ/ ਮੀਲ ਪੱਥਰ/ ਸਾਈਨ ਬੋਰਡ ਦੇ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਿਆ ਜਾਣਾ ਹੈ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਬੋਰਡ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਤੋਂ ਹੇਠਾਂ ਦੂਜੀ ਭਾਸ਼ਾ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ। ਇਸ ਕੰਮ ਲਈ ਕਿਸੇ ਪ੍ਰਕਾਰ ਦੀ ਕੋਈ ਅਣਗਹਿਲੀ ਨਹੀਂ ਵਰਤੀ ਜਾ ਸਕਦੀ।

ਉਨ੍ਹਾਂ ਇਹ ਵੀ ਕਿਹਾ ਕਿ ਮਾਤ-ਭਾਸ਼ਾ ਪੰਜਾਬੀ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਫਰਜ਼ ਬਣਦਾ ਹੈ। ਇਸ ਲਈ ਪੰਜਾਬ ਸਰਕਾਰ ਦੇ ਹੁਕਮਾਂ ਅਧੀਨ ਆਉਂਦੇ ਸਾਰੇ ਅਦਾਰਿਆਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪੜਤਾਲ ਕਰਕੇ ਸਾਈਨ ਬੋਰਡ, ਸੰਕੇਤਕ ਲਿਪੀਆਂ ਆਦਿ ਜੇਕਰ ਪੰਜਾਬੀ ਵਿੱਚ ਨਹੀਂ ਲਿਖੇ ਹੋਏ ਹਨ ਤਾਂ ਉਨ੍ਹਾਂ ਨੂੰ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖ ਲਿਆ ਜਾਵੇ। ਇਸ ਤੋਂ ਇਲਾਵਾ ਜਨਤਕ ਥਾਵਾਂ ‘ਤੇ ਲਗਾਏ ਜਾਣ ਵਾਲੇ ਅਤੇ ਲੱਗੇ ਹੋਏ ਸੂਚਨਾ ਬੋਰਡਾਂ ‘ਤੇ ਸ਼ਬਦ ਜੋੜਾਂ ਦਾ ਧਿਆਨ ਰੱਖਦਿਆਂ ਇਨ੍ਹਾਂ ਨੂੰ ਸ਼ੁੱਧ ਪੰਜਾਬੀ ਵਿੱਚ ਲਿਖਿਆ ਜਾਵੇ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ 2008 ਅਤੇ 2021 ਵਿੱਚ ਦਰਜ ਉਪਬੰਧਾਂ ਅਨੁਸਾਰ ਵਿਭਾਗ ਵੱਲੋਂ ਜੁਰਮਾਨਾ ਲਗਾਉਣ ਸੰਬਧੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਸਮੂਹ ਵਿਭਾਗਾਂ ਨੂੰ ਅਮਲ ਹਿੱਤ ਭੇਜ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜੇਕਰ ਕਿਸੇ ਨੂੰ ਅਗਵਾਈ ਜਾਂ ਸਹਿਯੋਗ ਦੀ ਜ਼ਰੂਰਤ ਹੈ ਤਾਂ ਉਹ ਕਿਸੇ ਵੀ ਸਮੇਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਅਗਵਾਈ ਜਾਂ ਸਹਿਯੋਗ ਵੀ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਦਾ ਮੂਲ ਮਨੋਰਥ ਪੰਜਾਬ ਵਾਸੀਆਂ ਨੂੰ ਆਪਣੀ ਮਾਤ ਭਾਸ਼ਾ ਨਾਲ ਜੋੜਦਿਆਂ ਪੰਜਾਬੀ ਭਾਸ਼ਾ ਸਬੰਧੀ ਕਮੀਆਂ, ਤਰੁੱਟੀਆਂ ਆਦਿ ਨੂੰ ਦੂਰ ਕਰਨਾ ਹੈ ਅਤੇ ਪੰਜਾਬੀ ਭਾਸ਼ਾ ਦਾ ਬਣਦਾ ਮਾਣ-ਸਤਿਕਾਰ ਕਾਇਮ ਰੱਖਣਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ

ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ ਵਾਲੇ ਸ਼ਰਧਾਲੂਆਂ ਲਈ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਈ