CM ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਸਮਾਜਿਕ ਬੁਰਾਈਆਂ ਜੜ੍ਹੋਂ ਖ਼ਤਮ ਕਰਨ ਦਾ ਸੱਦਾ

  • ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਾਬੂ ਜਗਜੀਵਨ ਰਾਮ ਚੌਕ ਤੋਂ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
  • ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿਖਾਏ ਰਸਤੇ ‘ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਉਪਰਾਲੇ ਕਰ ਰਹੀ ਹੈ ਸੂਬਾ ਸਰਕਾਰ
  • ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਛੇਤੀ ਹੀ ਸਲਾਖਾਂ ਪਿੱਛੇ ਡੱਕਿਆ ਜਾਵੇਗਾ
  • ਜਿਨ੍ਹਾਂ ਆਗੂਆਂ ਕੋਲ ਅਜਿਹੇ ਸਮਾਗਮਾਂ ਵਿੱਚ ਹਿੱਸਾ ਲੈਣ ਦਾ ਸਮਾਂ ਨਹੀਂ ਸੀ, ਉਨ੍ਹਾਂ ਨੂੰ ਹੁਣ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਾਹ ਵਿਖਾ ਦਿੱਤਾ

ਜਲੰਧਰ, 4 ਫਰਵਰੀ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਵਿਸ਼ਵ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਾਣੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਦਿਖਾਏ ਰਸਤੇ ‘ਤੇ ਚੱਲਦਿਆਂ ਸੂਬਾ ਸਰਕਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਵੱਲੋਂ ਦਰਸਾਏ ਬਰਾਬਰੀ ਦੇ ਮਾਰਗ ਅਨੁਸਾਰ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਗਰੀਬੀ ਨੂੰ ਦੂਰ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਇਹ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਬਦਕਿਸਮਤੀ ਨਾਲ ਸੂਬੇ ਦੀ ਸੱਤਾ ‘ਤੇ ਕਾਬਜ਼ ਲੋਕਾਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਫੰਡਾਂ ਦੀ ਵੀ ਲੁੱਟ ਕੀਤੀ ਗਈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਲੁੱਟਿਆ ਗਿਆ ਇੱਕ-ਇੱਕ ਪੈਸਾ ਉਨ੍ਹਾਂ ਕੋਲੋਂ ਵਸੂਲ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਇਸ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰਤਾ ਵਾਲੇ ਸਮਾਜ ਵੱਲ ਸੇਧ ਦਿੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ–ਇੱਕ ਮਹਾਨ ਅਧਿਆਤਮਿਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਤਬਕਿਆਂ ਦੇ ਮਸੀਹਾ, ਨੇ ਸਾਨੂੰ ਨੇਕ ਜੀਵਨ ਜਿਊਣ ਦਾ ਉਪਦੇਸ਼ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਦੇ ਕਾਰਜ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਗੁਰੂ ਜੀ ਦਾ ਪ੍ਰਕਾਸ਼ ਉਤਸਵ ਮਨਾਉਣ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਨਿਮਰਤਾ ਅਤੇ ਮਾਨਵੀ ਸਨਮਾਨ ਦੀ ਭਾਵਨਾ ਨੂੰ ਮੂਰਤੀਮਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਸੰਦੇਸ਼ ਸਦੀਆਂ ਤੋਂ ਸਮੁੱਚੇ ਸਮਾਜ ਲਈ ਗਿਆਨ ਦਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹੇ ਮਾਨਵਤਾ ਭਰਪੂਰ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜਿੱਥੇ ਹਰੇਕ ਵਿਅਕਤੀ ਨੂੰ ਉਸ ਦੀ ਜਾਤ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਗਿਆ ਪਿਆਰ, ਦਇਆ ਅਤੇ ਬਰਾਬਰੀ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਸਾਨੂੰ ਸਮਰਪਣ ਅਤੇ ਸ਼ਰਧਾ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਮਹਾਨ ਗੁਰੂਆਂ, ਸ਼ਹੀਦਾਂ, ਸੰਤਾਂ ਅਤੇ ਪੀਰਾਂ ਨਾਲ ਸਬੰਧਤ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕਰਦੇ ਹਨ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਹੈਰਾਨੀ ਹੋਈ ਹੈ ਕਿ ਅਜਿਹੀਆਂ ਜ਼ਿਆਦਾਤਰ ਥਾਵਾਂ ‘ਤੇ ਉਨ੍ਹਾਂ ਦਾ ਇਹ ਕਹਿ ਕੇ ਸਵਾਗਤ ਕੀਤਾ ਜਾਂਦਾ ਹੈ ਕਿ ਉਹ ਇਸ ਸਮਾਗਮ ਦਾ ਹਿੱਸਾ ਬਣਨ ਵਾਲੇ ਪਹਿਲੇ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਕੋਲ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸਮਾਂ ਵੀ ਨਹੀਂ ਸੀ, ਉਨ੍ਹਾਂ ਨੂੰ ਹੁਣ ਲੋਕਾਂ ਨੇ ਬਾਹਰ ਦਾ ਰਾਹ ਵਿਖਾ ਦਿੱਤਾ।

ਇਸ ਤੋਂ ਪਹਿਲਾਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ, ਬਲਕਾਰ ਸਿੰਘ, ਰਮਨ ਅਰੋੜਾ ਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੇ ਹੋਰ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੌਜਵਾਨ ਨੇ ਪੁਲਿਸ ਦੇ ਸਾਹਮਣੇ ਪਾਏ ਬੁਲੇਟ ਦੇ ਪਟਾਕੇ ਫੇਰ ਭੱਜਣ ਦੀ ਕੀਤੀ ਕੋਸ਼ਿਸ਼, ਮੁਲਾਜ਼ਮਾਂ ਨੇ ਫੜ ਕੇ ਲਾਹਿਆ ਭੂਤ

ਭਗਵੰਤ ਮਾਨ ਨੇ ਝੰਡੀ ਦਿਖਾ ਕੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਕੀਤਾ ਰਵਾਨਾ