CM ਮਾਨ ਨੇ 1971 ਦੀ ਜੰਗ ਦੇ ਨਾਇਕ ਦੇ ਜੱਦੀ ਪਿੰਡ ਵਿੱਚ ਲੱਗੇ ਬੁੱਤ ਤੋਂ ਪਰਦਾ ਹਟਾਇਆ

  • ਬ੍ਰਿਗੇਡੀਅਰ ਚਾਂਦਪੁਰੀ ਦੀ ਬਹਾਦਰੀ ਨੌਜਵਾਨਾਂ ਨੂੰ ਦੇਸ਼ ਲਈ ਆਪਾ ਵਾਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮਾਨ
  • ਮਹਾਨ ਸ਼ਹੀਦਾਂ ਵੱਲੋਂ ਦੇਖੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਵਚਨਬੱਧ
  • ਭ੍ਰਿਸ਼ਟਾਚਾਰ ਤੇ ਭ੍ਰਿਸ਼ਟ ਲੀਡਰਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ

ਚਾਂਦਪੁਰ ਰੁੜਕੀ (ਐਸ.ਬੀ.ਐਸ. ਨਗਰ), 17 ਫਰਵਰੀ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਬਹਾਦਰੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਆਪਾ ਵਾਰਨ ਵਾਸਤੇ ਪ੍ਰੇਰਿਤ ਕਰੇਗੀ।

ਇੱਥੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਉਣ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੇ ਇਸ ਨਾਇਕ ਨੇ ਪਾਕਿਸਤਾਨ ਵਿਰੁੱਧ ਦੇਸ਼ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੇ ਬਲੀਦਾਨ ਨਾਲ ਕੌਮੀ ਸੁਤੰਤਰਤਾ ਅੰਦੋਲਨ ਵਿੱਚ ਵੱਡਾ ਯੋਗਦਾਨ ਪਾਇਆ। ਇਸੇ ਤਰ੍ਹਾਂ ਦੇਸ਼ ਦੀ ਆਜ਼ਾਦੀ ਨੂੰ ਬਚਾਉਣ ਦੇ ਸੰਘਰਸ਼ ਵਿੱਚ ਵੀ ਪੰਜਾਬੀ ਅਣਗਿਣਤ ਕੁਰਬਾਨੀਆਂ ਨਾਲ ਮੋਹਰੀ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬਹਾਦਰ ਫੌਜੀਆਂ ਨੇ ਅੱਤ ਦੀ ਗਰਮੀ ਤੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕੀਤੀ ਹੈ ਤਾਂ ਕਿ ਲੋਕ ਆਪਣੇ ਘਰਾਂ ਵਿੱਚ ਆਰਾਮ ਨਾਲ ਸੌਂ ਸਕਣ। ਉਨ੍ਹਾਂ ਚੇਤੇ ਕੀਤਾ ਕਿ 1971 ਵਿੱਚ ਪਾਕਿਸਤਾਨ ਨੇ ਭਾਰਤ ਵਿੱਚ ਦਾਖ਼ਲ ਹੋਣ ਲਈ ਲੌਂਗੇਵਾਲਾ ਨੂੰ ਆਸਾਨ ਸ਼ਿਕਾਰ ਸਮਝਿਆ ਸੀ ਕਿਉਂਕਿ ਉੱਥੇ ਤਾਇਨਾਤ ਬ੍ਰਿਗੇਡੀਅਰ ਚਾਂਦਪੁਰੀ ਕੋਲ ਸਿਰਫ਼ 120 ਫੌਜੀਆਂ ਦੀ ਕੰਪਨੀ ਸੀ। ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਭਾਰਤ ਦੇ ਪੱਖ ਵਿੱਚ ਨਾ ਹੋਣ ਦੇ ਬਾਵਜੂਦ ਬ੍ਰਿਗੇਡੀਅਰ ਚਾਂਦਪੁਰੀ ਵੱਲੋਂ ਦਿਖਾਈ ਬਹਾਦਰੀ ਨਾਲ ਦੇਸ਼ ਜਿੱਤ ਦੇ ਰਾਹ ਉਤੇ ਪੈ ਸਕਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਵੱਲੋਂ ਦੇਖੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਰਾਹ ਉਤੇ ਚੱਲਦਿਆਂ 500 ਆਮ ਆਦਮੀ ਕਲੀਨਿਕਾਂ ਰਾਹੀਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ‘ਸਕੂਲਜ਼ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਜਾ ਰਹੀ ਹੈ ਤਾਂ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਾਨਵੈਂਟ ਵਿੱਚ ਪੜ੍ਹਦੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਦੇ 87 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਸਪਲਾਈ ਮਿਲ ਰਹੀ ਹੈ। ਇਸੇ ਤਰ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀਆਂ ਮਿਸਾਲੀ ਪਹਿਲਕਦਮੀਆਂ ਰਾਹੀਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨੀ ਯਕੀਨੀ ਬਣਾਏਗੀ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਜਨਤਕ ਫੰਡ ਖੁਰਦ-ਬੁਰਦ ਕੀਤੇ ਹਨ, ਉਨ੍ਹਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕਈ ਭ੍ਰਿਸ਼ਟ ਲੀਡਰਾਂ ਨੂੰ ਪਹਿਲਾਂ ਹੀ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ ਅਤੇ ਅਜਿਹੇ ਘਿਨਾਉਣੇ ਅਪਰਾਧ ਦੇ ਬਾਕੀ ਦੋਸ਼ੀ ਵੀ ਬਖ਼ਸ਼ੇ ਨਹੀਂ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰੀ ਭਾਵੇਂ ਸੱਤਾਧਾਰੀ ਪਾਰਟੀ ਨਾਲ ਸਬੰਧਤ ਹੋਵੇ ਜਾਂ ਹੋਰ ਪਾਰਟੀ ਨਾਲ, ਉਸ ਨਾਲ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਇਸ ਨੇਕ ਕਾਰਜ ਲਈ ਆਮ ਲੋਕਾਂ ਨੂੰ ਸਰਕਾਰ ਦਾ ਸਹਿਯੋਗ ਕਰਨ ਦਾ ਵੀ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਗੁਰੂ ਸਾਹਿਬਾਨ ਨੇ ਸਾਨੂੰ ਬੇਇਨਸਾਫ਼ੀ, ਜ਼ੁਲਮ ਅਤੇ ਦਮਨ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਰਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਗਾਂ ਵਾਲੇ ਹਨ, ਜਿਨ੍ਹਾਂ ਨੇ ਮਿਹਨਤ ਤੇ ਸਮਰਪਿਤ ਭਾਵਨਾ ਨਾਲ ਹਰੇਕ ਖੇਤਰ ਵਿਚ ਸਫ਼ਲਤਾ ਹਾਸਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਹਰੇਕ ਖੇਤਰ ਵਿਚ ਵਿਆਪਕ ਵਿਕਾਸ ਦੇਖਣ ਨੂੰ ਮਿਲੇਗਾ।

ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਲਾਕੇ ਦੇ ਕਿਸਾਨਾਂ ਦੀ ਸਹੂਲਤ ਲਈ ਕੰਢੀ ਨਹਿਰ ਨੂੰ ਛੇਤੀ ਹੀ ਚਾਲੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨ ਤੇਲੰਗਾਨਾ ਵਿਚ ਸਿੰਜਾਈ ਸਿਸਟਮ ਦਾ ਵੀ ਜਾਇਜ਼ਾ ਲਿਆ ਸੀ, ਜੋ ਉਥੋਂ ਦੇ ਸੂਬੇ ਲਈ ਬਹੁਤ ਲਾਭਕਾਰੀ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖਾਸ ਕਰਕੇ ਕੰਢੀ ਖੇਤਰ ਵਿਚ ਤੇਲੰਗਾਨਾ ਮਾਡਲ ਨੂੰ ਇੱਥੇ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ। ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨੂੰ ਪ੍ਰਵਾਨ ਕਰਦੇ ਹੋਏ ਡੱਲੇਵਾਲ ਤੋਂ ਚਾਂਦਪੁਰ ਰੁੜਕੀ ਸੜਕ ਨੂੰ 18 ਫੁੱਟੀ ਸੜਕ ਵਜੋਂ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਖਜ਼ਾਨੇ ਦੀ ਕੋਈ ਘਾਟ ਨਹੀਂ ਹੈ। ਭਗਵੰਤ ਮਾਨ ਨੇ ਵਿਰੋਧੀਆਂ ਨੂੰ ਨਿਸ਼ਾਨੇ ਉਤੇ ਲੈਂਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਖਾਲੀ ਖਜ਼ਾਨੇ ਦੀ ਦੁਹਾਈ ਪਾਉਂਦੀਆਂ ਸਨ ਤਾਂ ਕਿ ਆਪਣੀਆਂ ਮਨਪਸੰਦ ਕੰਪਨੀਆਂ ਨੂੰ ਫਾਇਦੇ ਦਿੱਤੇ ਜਾ ਸਕਣ।

ਇਸ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ। ਮੁੱਖ ਮੰਤਰੀ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਵੀ ਨਤਮਸਤਕ ਹੋਏ।
ਮੁੱਖ ਮੰਤਰੀ ਨੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਨਾਮ ਉਤੇ ਬਣੇ ਪਾਰਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਮਿਊਜ਼ੀਅਮ ਵਿਖੇ ਵੀ ਗਏ, ਜਿੱਥੇ ਲੌਂਗੇਵਾਲਾ ਜੰਗ ਦੀ ਸੂਰਮਗਤੀ ਅਤੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀਆਂ ਦੁਰਲੱਭ ਤਸਵੀਰਾਂ ਨੂੰ ਦਰਸਾਇਆ ਗਿਆ ਹੈ।

ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਵਚਨਬੱਧ: ਮੀਤ ਹੇਅਰ

4 Lakh ਰਿਸ਼ਵਤ ਕੇਸ ਮਾਮਲਾ: ਮੁਲਜ਼ਮ ਨੂੰ ਅਦਾਲਤ ਨੇ ਭੇਜਿਆ ਵਿਜੀਲੈਂਸ ਰਿਮਾਂਡ ‘ਤੇ