- ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼
ਅੰਮ੍ਰਿਤਸਰ, 3 ਮਾਰਚ 2023 – ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ‘ਤੇ ਹੋ ਸਕਦਾ ਹੈ ਹਮਲਾ। ਇਹ ਜਾਣਕਾਰੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਨੂੰ ਮਿਲੀ ਹੈ। ਇਸ ਪਿੱਛੇ ਮਨੋਰਥ ਨਫ਼ਰਤ ਭਰੇ ਭਾਸ਼ਣ ਜਾਂ ਨਿੱਜੀ ਦੁਸ਼ਮਣੀ ਨਹੀਂ ਹੈ। ਅਸਲ ਵਿੱਚ ਰਾਜ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਇਨਪੁਟ ਤੋਂ ਬਾਅਦ ਪੰਜਾਬ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।
ਦਰਅਸਲ ਸਿੱਖ ਕੌਮ ਦਾ ਵੱਡਾ ਹਿੱਸਾ ਅੰਮ੍ਰਿਤਪਾਲ ਸਿੰਘ ਤੋਂ ਪ੍ਰਭਾਵਿਤ ਹੈ। ਅੰਮ੍ਰਿਤਸਰ ਦੇ ਅਜਨਾਲਾ ‘ਚ ਹੋਏ ਹਮਲੇ ਤੋਂ ਬਾਅਦ ਪੰਜਾਬ ਦਾ ਮਾਹੌਲ ਪਹਿਲਾਂ ਹੀ ਗਰਮ ਹੈ। ਅਜਿਹੇ ‘ਚ ਜੇਕਰ ਕੋਈ ਅੰਮ੍ਰਿਤਪਾਲ ਸਿੰਘ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਜਾਵੇਗੀ।
ਖੁਫੀਆ ਏਜੰਸੀਆਂ ਨੂੰ ਇਨਪੁਟ ਮਿਲੇ ਹਨ ਕਿ ਕੁਝ ਸਮਾਜ ਵਿਰੋਧੀ ਅਨਸਰ ਅੰਮ੍ਰਿਤਪਾਲ ‘ਤੇ ਹਮਲਾ ਕਰ ਸਕਦੇ ਹਨ। ਅੰਮ੍ਰਿਤਪਾਲ ‘ਤੇ ਹਮਲਾ ਕਰਕੇ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਨੇ ਇਹ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਹੈ।
ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ‘ਤੇ ਚਮਕੌਰ ਸਾਹਿਬ ਦੇ ਰਹਿਣ ਵਾਲੇ ਬਰਿੰਦਰ ਸਿੰਘ ਨੂੰ ਅਗਵਾ ਕਰਨ ਅਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਹੈ। ਬਰਿੰਦਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਪੁਲੀਸ ਨੂੰ ਦੱਸਿਆ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਉਸ ਨੂੰ ਅਜਨਾਲਾ ਤੋਂ ਅਗਵਾ ਕਰਕੇ ਕਿਸੇ ਅਣਦੱਸੀ ਥਾਂ ’ਤੇ ਲੈ ਗਏ ਸਨ, ਜਿੱਥੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।
ਪੁਲੀਸ ਨੇ ਸ਼ਿਕਾਇਤ ’ਤੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਇਸ ਮਾਮਲੇ ‘ਚ ਪੁਲਸ ਨੇ ਅੰਮ੍ਰਿਤਪਾਲ ਦੇ ਕਰੀਬੀ ਦੋਸਤ ਲਵਪ੍ਰੀਤ ਤੂਫਾਨ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਪਰ 23 ਫਰਵਰੀ ਨੂੰ ਅੰਮ੍ਰਿਤਪਾਲ ਆਪਣੇ ਸਮਰਥਕਾਂ ਨਾਲ ਥਾਣਾ ਅਜਨਾਲਾ ਪਹੁੰਚ ਗਿਆ ਸੀ। ਮਾਮਲਾ ਇੰਨਾ ਵੱਧ ਗਿਆ ਕਿ ਉਸ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਪੁਲੀਸ ਦਾ ਮੰਨਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆੜ ਵਿੱਚ ਪੁਲੀਸ ’ਤੇ ਹਮਲਾ ਕੀਤਾ ਹੈ। ਇਸ ਹਮਲੇ ‘ਚ 6 ਪੁਲਸ ਕਰਮਚਾਰੀ ਜ਼ਖਮੀ ਹੋ ਗਏ ਸਨ।