ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਕਾਂਗਰਸ ਤੇ ਭਾਜਪਾ ਪਹਿਲਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰਨ – ਮਾਨ

  • ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਪੰਜਾਬ ਬਿਹਤਰ
  • ਪੰਜਾਬ ਵਿਰੋਧੀ ਸਟੈਂਡ ਲਈ ਰਵਾਇਤੀ ਪਾਰਟੀਆਂ ਦੀ ਕੀਤੀ ਆਲੋਚਨਾ
  • ਬ੍ਰਿਟਿਸ਼ ਸ਼ਾਸਨ ਦੌਰਾਨ ਬੰਦੂਕ ਦੀਆਂ ਗੋਲੀਆਂ ਤੇ ਹੁਣ ਨਸ਼ਿਆਂ ਦੀਆਂ ਗੋਲੀਆਂ ਨਾਲ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ
  • ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਵਰਤੋਂ ਕਰ ਕੇ ਸਾਨੂੰ ਆਪਣੇ ਰਾਹ ਤੋਂ ਭਟਕਾ ਨਹੀਂ ਸਕਦੀ
  • ਇਕ ਆਮ ਆਦਮੀ ਦੇ ਪੁੱਤਰ ਦੇ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਕਾਰਨ ਰਵਾਇਤੀ ਪਾਰਟੀਆਂ ਮੇਰੇ ਨਾਲ ਖਾਰ ਖਾ ਰਹੀਆਂ ਹਨ: ਭਗਵੰਤ ਮਾਨ

ਚੰਡੀਗੜ੍ਹ, 8 ਮਾਰਚ 2023 – ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਕਾਂਗਰਸ ਤੇ ਭਾਜਪਾ ਆਗੂਆਂ ਦੇ ਗੁਮਰਾਹਕੁਨ ਬਿਆਨਾਂ ਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਨਾਲ ਤੁਲਨਾ ਕਰਨ ਉਤੇ ਪੰਜਾਬ ਦੀ ਸਥਿਤੀ ਕਿਤੇ ਬਿਹਤਰ ਹੈ।

ਇੱਥੇ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ `ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਉਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਥਾਂ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਆਪਣੀਆਂ ਸਰਕਾਰਾਂ ਵਾਲੇ ਸੂਬਿਆਂ ਦੇ ਤੱਥਾਂ ਬਾਰੇ ਪਤਾ ਹੋਣਾ ਚਾਹੀਦਾ ਹੈ ਕਿ ਉਹ ਕਾਨੂੰਨ-ਵਿਵਸਥਾ ਦੇ ਮੁੱਦੇ ਉਤੇ ਪੰਜਾਬ ਤੋਂ ਕਿਤੇ ਥੱਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖੇਗੀ ਅਤੇ ਕਿਸੇ ਨੂੰ ਵੀ ਇਸ ਨਾਲ ਛੇੜਛਾੜ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਆਉਣ ਵਾਲੇ ਛੇ ਮਹੀਨਿਆਂ ਦੌਰਾਨ ਹਰੇਕ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਸਥਾਪਤ ਕਰੇਗਾ।

ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ-ਵਿਰੋਧੀ ਸਟੈਂਡ ਬਾਰੇ ਚੇਤੇ ਕਰਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਗੱਦਾਰ ਹਨ, ਜਿਹੜੇ ਕਦੇ ਵੀ ਪੰਜਾਬ ਤੇ ਇਸ ਦੇ ਲੋਕਾਂ ਦੇ ਵਫ਼ਾਦਾਰ ਨਹੀਂ ਰਹੇ। ਉਨ੍ਹਾਂ ਲੋਕਾਂ ਨੂੰ ਯਾਦ ਦਿਵਾਇਆ ਕਿ ਜਿਨ੍ਹਾਂ ਲੋਕਾਂ ਨੇ ਐਸ.ਵਾਈ.ਐਲ. ਸਮਝੌਤੇ ਤੇ ਦਸਤਖ਼ਤ ਕੀਤੇ ਸਨ, ਉਨ੍ਹਾਂ ਦੇ ਹਰਿਆਣਾ ਵਿੱਚ ਵੱਡੇ ਰਿਜ਼ੋਰਟ ਹਨ, ਜਦੋਂ ਕਿ ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੇ ਅੱਜ ਖ਼ੁਦ ਨੂੰ `ਪਾਣੀਆਂ ਦੇ ਰਾਖੇ’ ਅਖਵਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਖ਼ਾਤਰ ਸੂਬੇ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਲੋਕਾਂ ਦੀ ਭਲਾਈ ਲਈ ਕੁਝ ਵੀ ਕਰ ਸਕਦੇ ਹਨ ਅਤੇ ਕੋਈ ਵੀ ਅੜਿੱਕਾ ਉਨ੍ਹਾਂ ਨੂੰ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਤੋਂ ਨਹੀਂ ਰੋਕ ਸਕਦਾ। ਉਨਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਸੀ.ਬੀ.ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਡਰਾਵਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਨਿਰਭੈ ਹੋ ਕੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਫ਼ਲ ਨਹੀਂ ਹੋਣ ਦਿੱਤੀ ਜਾਵੇਗੀ।

ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇ ਆਜ਼ਾਦੀ ਤੋਂ ਪਹਿਲਾਂ ਦੇ ਦੌਰ ਵਿੱਚ ਅੰਗਰੇਜ਼ਾਂ ਨਾਲ ਮਿਲੀਭੁਗਤ ਕਰ ਕੇ ਸੂਬੇ ਦੇ ਬੇਕਸੂਰ ਲੋਕਾਂ ਨੂੰ ਗੋਲੀਆਂ ਨਾਲ ਮਾਰਿਆ ਅਤੇ ਫਿਰ ਆਜ਼ਾਦੀ ਤੋਂ ਬਾਅਦ ਦੇ ਦੌਰ ਵਿੱਚ ਨੌਜਵਾਨਾਂ ਨੂੰ ਨਸ਼ੇ ਦੀਆਂ ਗੋਲੀਆਂ ਨਾਲ ਬਰਬਾਦ ਕੀਤਾ, ਉਹ ਹੁਣ ਉਨ੍ਹਾਂ `ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਕਿਉਂਕਿ ਇਹ ਪੰਜਾਬ ਦੇ ਦੋਖੀ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਗੱਦਾਰਾਂ ਨੂੰ ਉਨ੍ਹਾਂ ਦੇ ਪੰਜਾਬ ਵਿਰੋਧੀ ਪੈਂਤੜਿਆਂ ਲਈ ਕਦੇ ਮੁਆਫ਼ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਇਹ ਲੋਕ ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਕਦੇ ਵੀ ਸੁਹਿਰਦ ਨਹੀਂ ਰਹੇ ਕਿਉਂਕਿ ਇਨ੍ਹਾਂ ਨੇ ਆਪਣੇ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਯਾਦ ਦਿਵਾਇਆ ਕਿ ਜਦੋਂ ਕੇਂਦਰ ਸਰਕਾਰ ਨੇ ਕਾਲੇ ਖੇਤੀ ਕਾਨੂੰਨ ਬਣਾਏ ਸਨ ਤਾਂ ਇਸ ਪਰਿਵਾਰ ਨੇ ਇਨ੍ਹਾਂ ਕਾਨੂੰਨਾਂ ਲਈ ਆਪਣੀ ਸਹਿਮਤੀ ਦਿੱਤੀ ਸੀ ਅਤੇ ਇਸ ਪਰਿਵਾਰ ਅਤੇ ਇਸ ਦੀ ਕੇਂਦਰੀ ਮੰਤਰੀ ਇਕ ਮੈਂਬਰ ਨੇ ਵੀਡੀਓ ਸੰਦੇਸ਼ ਰਾਹੀਂ ਇਨ੍ਹਾਂ ਕਾਨੂੰਨਾਂ ਦੀ ਤਾਰੀਫ਼ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੂਰਾ ਪੰਜਾਬ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਹੋ ਗਿਆ ਤਾਂ ਇਸ ਪਰਿਵਾਰ ਨੇ ਲੋਕਾਂ ਨੂੰ ਮੂਰਖ ਬਣਾਉਣ ਲਈ ਆਪਣਾ ਪੈਂਤੜਾ ਬਦਲ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਘਰ ਦਾ ਪੁੱਤ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਪੈਂਤੜੇ ਕਾਰਨ ਉਨ੍ਹਾਂ ਦਾ ਸਫਾਇਆ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਹੁਣ ਲੋਕਾਂ ਨੂੰ ਗੁਮਰਾਹ ਕਰਨ ਲਈ ਇਕ ਦੂਜੇ ਨਾਲ ਗੰਢ-ਤੁੱਪ ਕਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

Tiktok ‘ਤੇ ਪਾਬੰਦੀ ਲਗਾਉਣ ਦੀ ਤਿਆਰੀ ‘ਚ ਅਮਰੀਕਾ, ਵ੍ਹਾਈਟ ਹਾਊਸ ਨੇ ਦਿੱਤੀ ਸਹਿਮਤੀ

AG ਦੇ ਦਫ਼ਤਰ ’ਚ ਨਿਯੁਕਤੀਆਂ ਨੂੰ ਲੈ ਕੇ ਅਕਾਲੀ ਦਲ ਨੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ