ਚੰਡੀਗੜ੍ਹ, 10 ਮਾਰਚ 2023 – ਪੰਜਾਬ ਦੇ ਬਜਟ ‘ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕੇ ਟਰਾਂਸਪੋਰਟ ਦੇ ਖੇਤਰ ‘ਚ ਵੱਡੇ ਸੁਧਾਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਸਰਕਾਰ ਵੱਲੋਂ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਹਾਲ ਹੀ ‘ਚ ਨੋਟੀਫਾਈ ਕੀਤਾ ਜਾ ਚੁੱਕਾ ਹੈ। ਇਸ ਦਾ ਉਦੇਸ਼ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਤੋਂ ਬਿਨਾ ਸਰਕਾਰ ਨੇ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਰਜਿਸਟਰਡ ਵਾਹਨਾਂ ਨੂੰ ਸਕ੍ਰੈਪਿੰਗ ਸਹੂਲਤ ਲਾਗੂ ਕੀਤੀ ਹੈ। ਸਕ੍ਰੈਪਿੰਗ ਸਹੂਲਤ ਸਥਾਪਤ ਕਰਨ ਲਈ ਸੰਭਾਵਿਤ ਸਥਾਨਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਵਿੱਤੀ ਸਾਲ 2023-24 ‘ਚ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਸਾਰੇ ਡਿਪੂਆਂ ‘ਚ ਏਕੀਕ੍ਰਿਤ ਡਿਪੂ ਪ੍ਰਬੰਧਨ ਪ੍ਰਣਾਲੀ ਸ਼ੁਰੂ ਕਰਨ ਦਾ ਪ੍ਰਸਤਾਵ ਰੱਖਿਆ ਹੈ।
ਇਸ ਤੋਂ ਇਲਾਵਾ ਬਜਟ 2023 ‘ਚ ਮਾਈਨਿੰਗ ਨੂੰ ਲੈ ਕੇ ਵੀ ਅਹਿਮ ਫ਼ੈਸਲੇ ਲਏ ਗਏ ਹਨ। ਜਿਸ ‘ਚ ਪਹਿਲੀ ਵਾਰ ਸਰਕਾਰ ਨੇ ਜ਼ਿਲ੍ਹਾ ਲੁਧਿਆਣਾ, ਫਾਜ਼ਿਲਕਾ, ਤਰਨਤਾਰਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ‘ਚ 33 ਜਨਤਕ ਮਾਈਨਿੰਗ ਖੱਡਾਂ ਨੂੰ ਆਮ ਲੋਕਾਂ ਲਈ ਸ਼ੁਰੂ ਕੀਤਾ ਹੈ ਅਤੇ ਹੋਰ 117 ਜਨਤਰ ਮਾਈਨਿੰਗ ਸਾਈਟਾਂ ਜਲਦ ਹੀ ਸ਼ੁਰੂ ਹੋ ਜਾਣਗੀਆਂ। ਇਸ ਦੇ ਨਾਲ ਹੀ ਨਿਊ ਪੰਜਾਬ ਸਟੇਟ ਸੈਂਡ ਐਂਡ ਗ੍ਰੇਵਲ ਮਾਈਨਿੰਗ ਪਾਲਿਸੀ, 2023 ਨੂੰ ਨੋਟੀਫਾਈ ਕੀਤਾ ਗਿਆ ਹੈ ਜਿਸ ਰਾਹੀਂ ਸਰਕਾਰ ਨੇ ਰੇਤੇ ਤੇ ਬਜਰੀ ਨੂੰ ਲੋਕਾਂ ਲਈ ਕਿਫਾਇਤੀ ਰੇਟਾਂ ਤੇ ਉਪਲਬੱਧ ਕਰਵਾਉਣ ਲਈ ਪਿਟ ਹੈੱਡ ਰੇਟ 9 ਰੁਪਏ/ਪ੍ਰਤੀ ਘਣ ਫੁੱਟ ਤੋਂ ਘਟਾ ਕੇ 5.5 ਰੁਪਏ/ ਪ੍ਰਤੀ ਘਣ ਫੁੱਟ ਕਰ ਦਿੱਤਾ ਹੈ।