- ਅੰਮ੍ਰਿਤਪਾਲ ਤੇ ਉਸਦੇ ਸਾਥੀਆ ਤੇ ਪੰਜਾਬ ਸਰਕਾਰ ਕਰੇ ਸਖਤ ਕਾਰਵਾਈ : ਫਤਿਹਜੰਗ ਸਿੰਘ ਬਾਜਵਾ
ਜਲੰਧਰ: 12 ਮਾਰਚ 2023 – ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਰਾਜੇਸ਼ ਬਾਘਾ ਅਤੇ ਵਾਈਸ ਪ੍ਰਧਾਨ ਫਾਹਿਹਜੰਗ ਸਿੰਘ ਬਾਜਵਾ ਨੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਹੇਠ ਉਲੀਕੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬੜੇ ਚਿੰਤਾਜਨਕ ਬਣ ਚੁੱਕੇ ਹਨ। ਗੈਂਗਸਟਰ ਅਤੇ ਵੱਖਵਾਦੀ ਤਾਕਤਾਂ ਬੇਲਗਾਮ ਹੋ ਕੇ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਲੋਕਾਂ ‘ਚ ਡਰ ਅਤੇ ਸਹਿਮ ਦਾ ਮਾਹੌਲ ਬਣ ਚੁੱਕਾ ਹੈ।
ਫਾਹਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਜਿੰਨਾ ਪੁਲਿਸ ਥਾਣੇ ਤੇ ਕਬਜ਼ਾ ਕਰਕੇ ਪੰਜਾਬ ਪੁਲਿਸ ਤੇ ਹਮਲਾ ਕੀਤਾ ਤੇ ਪੰਜਾਬ ਵਿੱਚ ਡਰ ਤੇ ਸਹਿਮ ਦਾ ਮਾਹੌਲ ਬਣਾਇਆ, ਪੰਜਾਬ ਸਰਕਾਰ ਸਾਰਿਆਂ ਖਿਲਾਫ਼ ਤੁਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਉਹਨਾਂ ਨੂੰ ਗਿਰਫਤਾਰ ਕਰੇ। ਉਹਨਾਂ ਨੇ ਕਿਹਾ ਕਿ ਡੀਜੀਪੀ ਨੇ ਖੁਦ ਦੱਸਿਆ ਕਿ ਹਥਿਆਰਾਂ ਦੇ ਜ਼ੋਰ ਤੇ ਥਾਣੇ ਤੇ ਕਬਜ਼ਾ ਕੀਤਾ ਗਿਆ ਤੇ ਪੁਲਿਸ ਦੀ ਕੁੱਟ-ਮਾਰ ਕੀਤੀ ਗਈ, ਪਰ 17 ਦਿਨ ਬੀਤ ਜਾਣ ਦੇ ਬਾਅਦ ਵੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ।
ਉਹਨਾਂ ਕਿਹਾ ਕਿ ਜਿਸ ਤਰਾਂ ਸਰਕਾਰ ਨੇ ਵੱਖਵਾਦੀ ਤੇ ਸ਼ਮਾਜ ਵਿਰੋਧੀ ਅਨਸਰਾਂ ਨੂੰ ਇਕੱਠੇ ਹੋਣ ਦਿੱਤਾ ਅਤੇ ਉਹਨਾਂ ਨੂੰ ਕਾਨੂੰਨ ਦੀਆਂ ਧੱਜੀਆਂ ਉਡਾਉਣ ਦੀ ਖੁੱਲ ਦਿੱਤੀ, ਉਸ ਨਾਲ ਭਗਵੰਤ ਮਾਨ ਦੀ ਸਰਕਾਰ ਸ਼ੱਕ ਦੇ ਘੇਰੇ ਵਿੱਚ ਆਉਂਦੀ ਹੈ। ਉਹਨਾਂ ਕਿਹਾ ਕਿ ਜਿਸ ਤਰਾਂ ਅੰਮ੍ਰਿਤਪਾਲ ਤੇ ਉਸਦੇ ਸਾਥੀ ਇੰਨੀ ਵੱਡੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਧੜੱਲੇ ਨਾਲ ਖੁਲੇਆਮ ਘੁੰਮ ਰਹੇ ਹਨ, ਇਸ ਨਾਲ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਬੁਲੰਦ ਹੋਣਗੇ ਤੇ ਕਾਨੂੰਨ ਦਾ ਡਰ ਖਤਮ ਹੋ ਜਾਵੇਗਾ, ਜੋ ਕਿ ਸਾਰੀਆਂ ਲਈ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਫਾਹਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰਾਂ ਵੱਖਵਾਦੀ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆੜ ਲੈ ਕੇ ਘਟਨਾ ਨੂੰ ਅੰਜਾਮ ਦਿੱਤਾ ਇਹ ਵੀ ਇੱਕ ਵੱਡੀ ਬੇਅਦਬੀ ਹੈ। ਇਸ ਨੇ ਸਮੁੱਚੇ ਸਿੱਖ ਜਗਤ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਾਰੇ ਦੋਸ਼ੀਆਂ ਨੂੰ ਤੁਰੰਤ ਗਿਰਫਤਾਰ ਕਰੇ।
ਰਾਜੇਸ਼ ਬਾਘਾ ਨੇ ਕਿਹਾ ਕਿ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ 11 ਮਹੀਨਿਆਂ ਦੇ ਰਾਜ ਦੌਰਾਨ ਪੰਜਾਬ ਦੇ ਹਾਲਾਤ ਬਹੁਤ ਚਿੰਤਾਜਨਕ ਬਣ ਗਏ ਹਨ। ਪੰਜਾਬ ਵਿੱਚ ਕਾਨੂੰਨ-ਵਿਵਸਥਾ ਢਹਿ-ਢੇਰ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਲੈ ਕੇ ਲਗਾਤਾਰ ਕੋਰਾ ਝੂਠ ਬੋਲ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਦੇਸ਼ ਵਿਰੋਧੀ ਤਾਕਤਾ, ਵੱਖਵਾਦੀਆਂ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਅੱਗ ਲਾਉਣ ਵਾਲਿਆਂ ਦੀਆਂ ਕਾਰਵਾਈਆਂ ਵਿੱਚ ਭਾਰੀ ਵਾਧਾ ਹੋਇਆ ਹੈ। ੳਹਨਾਂ ਕਿਹਾ ਕਿ ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਕਤਲਾਂ, ਫਿਰੌਤੀ ਮੰਗਣ ਅਤੇ ਨਾ ਦੇਣ ਬਦਲੇ ਕਤਲ ਦੀਆਂ ਘਟਨਾਵਾਂ, ਪੁਲਿਸ ਦੀ ਨੱਕ ਹੇਠ ਡਕੈਤੀਆਂ, ਲੁਟਾਂ-ਖੋਹਾਂ ਆਦਿ ਕਾਰਨ ਪੰਜਾਬ ਦੇ ਲੋਕ ਬਹੁਤ ਡਰੇ ਹੋਏ ਹਨ।
ਉਹਨਾਂ ਕਿਹਾ ਕਿ ਮੈ ਇੰਨੀ ਕਮਜ਼ੋਰ ਸਰਕਾਰ ਕਦੇ ਨਹੀਂ ਦੇਖੀ, ਜਿਸ ਨੇ ਬਹਾਦਰ ਪੁਲਿਸ ਦਾ ਮਨੋਬਲ ਤੋੜ ਦਿੱਤਾ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜਿਸ ਤਰਾਂ ਸਰੇਆਮ ਲੋਕਾ ਦੇ ਭਾਰੀ ਇਕੱਠ ਵਿੱਚ ਕਬੱਡੀ ਖਿਡਾਰੀ ਸੰਦੀਪ ਅੰਬੀਆਂ ਦਾ ਕਤਲ, ਦੇਸ਼ ਦੇ ਮਸਹੂਰ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲੇ ਦੀ ਹੱਤਿਆ ‘ਤੇ ਨਕੋਦਰ ਦੇ ਵਪਾਰੀ ਤੇ ਗੰਨਮੈਨ ਦੀ ਹੱਤਿਆ ਕੀਤੀ ਗਈ ਹੈ, ‘ਤੋਂ ਪਤਾ ਚੱਲਦਾ ਹੈ ਕਿ ਅਪਰਾਧੀਆਂ ਦੇ ਹੌਸਲੇ ਮੌਜੂਦਾ ਸਰਕਾਰ ਦੇ ਰਾਜ ਵਿੱਚ ਕਿੰਨੇ ਬੁਲੰਦ ਹਨ। ਕਿਸੇ ਨੂੰ ਕਾਨੂੰਨ ਦਾ ਬਿਲਕੁਲ ਵੀ ਡਰ ਨਹੀਂ ਹੈ।
ਉਹਨਾਂ ਕਿਹਾ ਕਿ ਜਿਸ ਤਰਾਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ‘ਚ ਆਏ ਐਨਆਰਆਈ ਨੌਜਵਾਨ ਦਾ ਨਹਿੰਗ ਬਾਣੇ ਵਿੱਚ ਕਤਲ ਕੀਤਾ ਗਿਆ ਹੈ, ਇਸ ਨਾਲ ਵਿਦੇਸ਼ਾਂ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਬਹੁਤ ਚਿੰਤਤ ਹੈ। ਉਹਨਾਂ ਕਿਹਾ ਇਹ ਬਹੁਤ ਨਿੰਦਣਯੋਗ ਹੈ, ਪੰਜਾਬ ਭਾਜਪਾ ਇਸਦੀ ਪੁਰਜੋਰ ਨਿੰਦਾ ਕਰਦੀ ਹੋਈ ਦੋਸ਼ੀਆ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਹੈ। ਪੰਜਾਬ ਦੀਆਂ ਜੇਲ੍ਹਾਂ ਵੀ ਸੁਰੱਖਿਅਤ ਨਹੀਂ ਹਨ, ਉੱਥੇ ਵੀ ਗੈਂਗਵਾਰ ਹੋ ਰਹੀ ਹੈ ਅਤੇ ਗੈੰਗਸਟਰ ਇੱਕ ਦੂਜੇ ਨੂੰ ਮਾਰ ਰਹੇ ਹਨ। ਸੂਬੇ ਵਿੱਚ ਅਰਾਜਕਤਾ ਦਾ ਮਾਹੌਲ ਹੈ।
ਰਾਜੇਸ਼ ਬਾਘਾ ਨੇ ਕਿਹਾ ਕਿ ਅਗਰ ਸਮਾਂ ਰਹਿੰਦੇ ਇਸ ਤੇ ਕੰਟਰੋਲ ਨਾ ਕੀਤਾ ਗਿਆ ਤਾਂ ਪੰਜਾਬ ਨੂੰ ਬਰਬਾਦ ਹੋਣ ਤੋ ਕੋਈ ਨਹੀਂ ਬਚਾ ਸਕੇਗਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਵਪਾਰੀ ਵਰਗ ਨਾਲ ਹਮੇਸ਼ਾ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਹਨਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਅਦੇ ਪੂਰੇ ਕਰਨ ਲਈ ਕੁਝ ਸਮਾਂ ਮੰਗਿਆ ਸੀ, ਪਰ ਇਕ ਸਾਲ ਬੀਤ ਜਾਣ ਦੇ ਬਾਅਦ ਸਰਕਾਰ ਨੇ ਜੋ ਕੱਲ ਬਜਟ ਪੇਸ਼ ਕੀਤਾ, ਉਸਨੇ ਸਾਰੇ ਪੰਜਾਬੀਆ ਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸੇ ਵੀ ਵਰਗ ਲਈ ਕੁਝ ਵੀ ਨਹੀਂ ਦਿੱਤਾ ‘ਤੇ ਨਾ ਹੀ ਆਪਣੇ ਵਾਅਦੇ ਪੂਰੇ ਕੀਤੇ। ਉਹਨਾਂ ਕਿਹਾ ਕਿ ਪੰਜਾਬੀ ਇਸ ਸਰਕਾਰ ਤੋਂ ਅੱਕ-ਥੱਕ ਚੁੱਕੇ ਹਨ ‘ਤੇ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ।
ਇਸ ਮੌਕੇ ਸੂਬਾ ਸਕੱਤਰ ਅਨਿਲ ਸੱਚਰ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਸੂਬਾਈ ਬੁਲਾਰੇ ਮਹਿੰਦਰ ਭਗਤ, ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ ਆਦਿ ਹਾਜ਼ਰ ਸਨ।