- ਪੰਜਾਬ ਨੇ ਪਹਿਲਾਂ ਹੀ ਬਹੁਤ ਸੰਤਾਪ ਹੰਢਾਇਆ ਹੈ
- ਨੌਜਵਾਨ ਕਿਸੇ ਦੇ ਝਾਂਸੇ ‘ਚ ਆਉਣ ਤੋਂ ਗੁਰੇਜ ਕਰਨ
- ਦੇਸ਼ ਦੀ ਆਜ਼ਾਦੀ ‘ਚ ਸਿੱਖਾਂ ਦੀ ਅਹਿਮ ਭੂਮਿਕਾ
ਅੰਮ੍ਰਿਤਸਰ, 19 ਮਾਰਚ 2023 – ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਜੋ ਕਾਰਵਾਈ ਕੀਤੀ ਗਈ ਹੈ ਉਸ ਬਾਰੇ ਬੋਲਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਆਪਣੇ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਅੱਗੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ, ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ। ਹੁਣ ਤੱਕ ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ, ਅਤੇ ਪੰਜਾਬ ਦੇ ਚੇਤਿਆਂ ਵਿਚ ਅਤੀਤ ਦੀਆਂ ਹਕੂਮਤਾਂ ਦੇ ਜਬਰ ਦੇ ਡੂੰਘੇ ਜ਼ਖ਼ਮ ਮੌਜੂਦ ਹਨ ਅਤੇ ਇਨ੍ਹਾਂ ਨੂੰ ਭਰਨ ਲਈ ਕਦੇ ਵੀ ਕਿਸੇ ਸਰਕਾਰ ਨੇ ਗੰਭੀਰਤਾ ਨਹੀਂ ਅਪਨਾਈ। ਪਰ ਹੁਣ ਚੰਗੇਰੇ ਭਵਿੱਖ ਵੱਲ ਤੁਰਨ ਦੀ ਲੋੜ ਹੈ।
ਹੁਣ ਅੰਮ੍ਰਿਤਪਾਲ ਸਿੰਘ ‘ਤੇ ਕਾਰਵਾਈ ਤੋਂ ਬਾਅਦ ਪੰਜਾਬ ‘ਚ ਜੋ ਮਾਹੌਲ ਬਣ ਗਿਆ ਹੈ ਉਸ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਵੀ ਟਕਰਾਅ ਦਾ ਰਾਹ ਨਾ ਅਪਨਾਉਣ ਦੀ ਥਾਂ ਕੌਮ ਦੇ ਸੁਨਹਿਰੇ ਭਵਿੱਖ ਨੂੰ ਸੰਭਾਲਣ ਦਾ ਸੱਦਾ ਦਿੱਤਾ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਵਲੋਂ ਸਿੱਖਾਂ ਨੂੰ ਧਾਰਮਿਕ ਤੇ ਰਾਜਨੀਤਕ ਤੌਰ ‘ਤੇ ਕਮਜ਼ੋਰ ਕਰਨ ਦੀ ਨੀਤੀ ਸਿੱਖਾਂ ਅੰਦਰ ਖਲਾਅ ਤੇ ਬੇਚੈਨੀ ਪੈਦਾ ਕਰਦੀ ਹੈ ਅਤੇ ਇਹ ਅਮਲ ਨਾ ਤਾਂ ਸਰਕਾਰਾਂ ਦੇ ਅਤੇ ਨਾ ਹੀ ਪੰਜਾਬ ਦੇ ਹਿਤ ਵਿਚ ਹੈ। ਇਸ ਬਾਰੇ ਸਾਨੂੰ ਸਭ ਨੂੰ ਸੋਚਣ ਦੀ ਲੋੜ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਅੰਦਰ ਇਸ ਦੇਸ਼ ਵਿਚ ਅਲਹਿਦਗੀ ਦਾ ਅਹਿਸਾਸ ਭਰਨ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਸਿਆਸੀ ਵਿਤਕਰਿਆਂ ਨੇ ਵੱਡੀ ਭੂਮਿਕਾ ਨਿਭਾਈ ਹੈ ਪਰ ਅੱਜ ਸਮਾਂ ਮੰਗ ਕਰ ਰਿਹਾ ਹੈ ਕਿ ਅਤੀਤ ਦੀਆਂ ਗਲਤੀਆਂ ਤੋਂ ਸਬਕ ਸਿੱਖ ਕੇ ਸਰਕਾਰਾਂ ਦੁਆਰਾ ਸਿੱਖਾਂ ਦੇ ਚਿਰੋਕਣੇ ਧਾਰਮਿਕ, ਰਾਜਨੀਤਕ ਅਤੇ ਆਰਥਿਕ ਮਸਲਿਆਂ ਦਾ ਸਰਲੀਕਰਨ ਕਰਕੇ ਸਿੱਖਾਂ ਅੰਦਰ ਬੇਗਾਨਗੀ ਦੇ ਅਹਿਸਾਸ ਨੂੰ ਖਤਮ ਕੀਤਾ ਜਾਵੇ।