ਪੰਜਾਬ ਸੁਰੱਖਿਅਤ ਹੱਥਾਂ ‘ਚ, ਸੂਬੇ ਵਿੱਚ ਅਮਨ ਤੇ ਭਾਈਚਾਰੇ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ – ਮਾਨ

  • ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਉਤੇ ਮੈਲੀ ਅੱਖ ਰੱਖਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ
  • ਸੂਬਾ ਸਰਕਾਰ ਰੋਜ਼ਗਾਰ, ਸਿੱਖਿਆ ਅਤੇ ਸਿਹਤ ਨੂੰ ਤਰਜੀਹ ਦੇ ਰਹੀ ਹੈ ਜਦਕਿ ਕੁਝ ਦੇਸ਼ ਵਿਰੋਧੀ ਅਨਸਰ ਨੌਜਵਾਨਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਉਕਸਾ ਰਹੇ ਨੇ
  • ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਪੰਜਾਬੀਆਂ ਦਾ ਕੀਤਾ ਧੰਨਵਾਦ

ਚੰਡੀਗੜ੍ਹ, 21 ਮਾਰਚ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸੁਰੱਖਿਅਤ ਅਤੇ ਮਜ਼ਬੂਤ ਹੱਥਾਂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਦੇ ਨਾਮ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਹੈ ਕਿਉਂਕਿ ਇਸ ਪਵਿੱਤਰ ਧਰਤੀ ਤੋਂ ਮਹਾਨ ਸਿੱਖ ਗੁਰੂਆਂ ਨੇ ਸਰਬ ਸਾਂਝੀਵਾਲਤਾ ਅਤੇ ਹਰ ਵਰਗ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਅਤੇ ਫਿਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੱਕ ਪੰਜਾਬੀਆਂ ਨੇ ਸੰਕਟ ਸਮੇਂ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਕਿਸੇ ਵੀ ਮੁਸੀਬਤ ਵਿੱਚ ਮਦਦ ਦਾ ਹੱਥ ਵਧਾਉਣ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਧਰਤੀ ਨੇ ਦੁਨੀਆ ਨੂੰ ਪਿਆਰ ਅਤੇ ਸ਼ਾਂਤੀ ਦਾ ਰਾਹ ਦਿਖਾਇਆ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀਤੇ ਕਿਸੇ ਨੂੰ ਵੀ ਮੈਲੀ ਅੱਖ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਦੇਸ਼ ਵਿਰੋਧੀ ਅਨਸਰ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਸੂਬੇ ਵਿੱਚ ਨਫ਼ਰਤ ਦੀ ਭਾਵਨਾ ਭੜਕਾਉਣ ਦੀ ਫਿਰਾਕ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਤੋਂ ਜਾਣੂ ਹੈ ਕਿ ਜਿਸ ਕਿਸੇ ਨੇ ਵੀ ਸੂਬੇ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਪੰਜਾਬੀਆਂ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇੱਕ ਪਾਸੇ ਸੂਬਾ ਸਰਕਾਰ ਲੋਕਾਂ ਨੂੰ ਰੋਜ਼ਗਾਰ, ਸਿੱਖਿਆ, ਲੈਪਟਾਪ, ਕਿਤਾਬਾਂ, ਸਿਹਤ ਸੰਭਾਲ, ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਦੇਣ ਨੂੰ ਤਰਜੀਹ ਦੇ ਰਹੀ ਹੈ ਅਤੇ ਦੂਜੇ ਪਾਸੇ ਅਜਿਹੇ ਪੰਜਾਬ ਵਿਰੋਧੀ ਅਨਸਰ ਨੌਜਵਾਨਾਂ ਨੂੰ ਦੇਸ਼ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਉਲਝਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਇਹ ਦੇਸ਼ ਭਗਤ ਅਤੇ ਧਰਮ ਨਿਰਪੱਖ ਸਰਕਾਰ ਅਜਿਹੀਆਂ ਸਾਰੀਆਂ ਦੇਸ਼ ਵਿਰੋਧੀ ਕਾਰਵਾਈਆਂ ਪ੍ਰਤੀ ਮੂਕ ਦਰਸ਼ਕ ਨਹੀਂ ਬਣ ਸਕਦੀ, ਜਿਸ ਕਾਰਨ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਵਾਸਤੇ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪ੍ਰਣ ਕੀਤਾ ਕਿ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹੁਣ ਅਤੇ ਇਸ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕੁਝ ਟਕਸਾਲੀ ਤਾਕਤਾਂ ਸੂਬੇ ਦੀ ਸ਼ਾਂਤੀ ਅਤੇ ਤਰੱਕੀ ਨੂੰ ਲੀਹੋਂ ਲਾਹੁਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਇਸ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਵੱਲੋਂ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ

ਅੰਮ੍ਰਿਤਪਾਲ ਦੇ ਖਿਲਾਫ਼ ਗ਼ੈਰ-ਜ਼ਮਾਨਤੀ ਵਰੰਟ ਜਾਰੀ