ਚੰਡੀਗੜ੍ਹ, 22 ਮਾਰਚ 2023 – ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਕਈ ਪ੍ਰਸਤਾਵ ਪੇਸ਼ ਕੀਤੇ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਅੱਜ ਕਈ ਪ੍ਰਸਤਾਵਾਂ ‘ਤੇ ਮੋਹਰ ਲੱਗ ਸਕਦੀ ਹੈ। ਇਨ੍ਹਾਂ ਵਿੱਚ ਐਸਸੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਲਈ ਬਿੱਲ ਪਾਸ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਬਿੱਲ ‘ਤੇ ਵੀ ਮੋਹਰ ਲਗਾਈ ਜਾ ਸਕਦੀ ਹੈ।
ਇਸ ਦੇ ਨਾਲ ਹੀ ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦਾ ਬਾਈਕਾਟ ਅੱਜ ਵੀ ਜਾਰੀ ਰਹੇਗਾ। ‘ਆਪ’ ਵੱਲੋਂ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਦੇ ਰੋਸ ਵਜੋਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ‘ਆਪ’ ਦੀ ਸਮੁੱਚੀ ਲੀਡਰਸ਼ਿਪ ਅਤੇ ਮਹਿਲਾ ਵਰਕਰ ਵਿਧਾਨ ਸਭਾ ਦਾ ਘਿਰਾਓ ਕਰਨਗੇ।
ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਅੱਜ ਦੀ ਕਾਰਵਾਈ ‘ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ਾਮਲ ਹੋਣਗੇ। ਉਹ ਲੁਧਿਆਣਾ ਸਥਿਤ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਤੋਂ ਇਲਾਵਾ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਰਾਜਗੁਰੂ ਸੁਖਦੇਵ ਦਿਵਸ ਮਨਾਉਣ ਦਾ ਪ੍ਰਸਤਾਵ ਵੀ ਪਾਸ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਉਠਾਏ ਗਏ ਪਾਣੀਆਂ ਦੇ ਮੁੱਦੇ ਦਾ ਵਿਰੋਧ ਕਰਨ ਦਾ ਮਤਾ ਵੀ ਲਿਆ ਸਕਦੇ ਹਨ। ਇਸ ਦੇ ਨਾਲ ਹੀ ਕਈ ਹੋਰ ਮਾਮਲਿਆਂ ਸਬੰਧੀ ਵੀ ਕਾਰਵਾਈ ਕੀਤੀ ਜਾ ਸਕਦੀ ਹੈ।