ਅੰਮ੍ਰਿਤਸਰ, 29 ਮਾਰਚ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਮਤਿਆਂ ’ਚ ਸਿੱਖਾਂ ਨੂੰ ਆਪਣੇ ਬੱਚਿਆਂ ਦੇ ਨਾਂ ਰੱਖਣ ਸਮੇਂ ਸਿੰਘ ਅਤੇ ਕੌਰ ਲਗਾਉਣ, ਸਿੱਖ ਨੌਜੁਆਨੀ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨ ਵਾਸਤੇ ਸੰਗਤ ਨੂੰ ਸਹਿਯੋਗ ਕਰਨ ਅਤੇ ਸਿੱਖ ਜੋੜ ਮੇਲਿਆਂ ਮੌਕੇ ਗੁਰਮਤਿ ਦੀ ਭਾਵਨਾ ਅਨੁਸਾਰ ਸ਼ਮੂਲੀਅਤ ਕਰਨ ਦੀ ਅਪੀਲ ਦੇ ਨਾਲ-ਨਾਲ ਕਈ ਸਿੱਖ ਮਸਲਿਆਂ ’ਤੇ ਗੱਲ ਕੀਤੀ ਗਈ ਹੈ।
ਸਿੱਖ ਕੌਮ ਨੂੰ ਅਪੀਲ ਕਰਦੇ ਮਤੇ ਵਿਚ ਕਿਹਾ ਗਿਆ ਕਿ ਹਰ ਸਿੱਖ ਆਪਣੇ ਬੱਚਿਆਂ ਦਾ ਨਾਂ ਰੱਖਣ ਸਮੇਂ ਸਿੰਘ ਅਤੇ ਕੌਰ ਜ਼ਰੂਰ ਲਗਾਉਣ। ਇਸ ਤੋਂ ਬਿਨਾਂ ਨਾਂ ਰੱਖਣੇ ਸਿੱਖ ਮਰਯਾਦਾ ਦੇ ਵਿਰੁੱਧ ਹੈ। ਸਿੱਖਾਂ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਸੋਸ਼ਲ ਮੀਡੀਆ ਖਾਤਿਆਂ ਵਿਚ ਵੀ ਉਹ ਆਪਣੇ ਨਾਂ ਨੂੰ ਸਿੰਘ ਅਤੇ ਕੌਰ ਤੋਂ ਬਿਨਾਂ ਨਾ ਲਿਖਣ। ਇਸ ਮਤੇ ਰਾਹੀਂ ਮੀਡੀਆ ਅਦਾਰਿਆਂ ਨੂੰ ਸਿੱਖ ਸ਼ਖ਼ਸੀਅਤਾਂ ਦੇ ਨਾਂ ਸਿੰਘ ਅਤੇ ਕੌਰ ਸਮੇਤ ਲਿਖੇ/ਪੜ੍ਹੇ ਅਤੇ ਪ੍ਰਕਾਸ਼ਤ ਕੀਤੇ ਜਾਣ ਲਈ ਆਖਿਆ ਗਿਆ ਹੈ।