- ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਣਗੇ
ਚੰਡੀਗੜ੍ਹ, 6 ਅਪ੍ਰੈਲ 2023 – ਪੰਜਾਬ ‘ਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਦੇ ਹੋਏ ਨੁਕਸਾਨ ਸਬੰਧੀ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮੀਟਿੰਗ ਕਰਨਗੇ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਹੋਵੇਗੀ। ਇਸ ਵਿੱਚ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ।
ਸੀ.ਐਮ ਮਾਨ ਇਸ ਦੌਰਾਨ ਹੁਣ ਤੱਕ ਹੋਏ ਫ਼ਸਲੀ ਨੁਕਸਾਨ ਦੇ ਸਬੰਧ ਵਿੱਚ ਕੀਤੀ ਗਿਰਦਾਵਰੀ ਬਾਰੇ ਜਾਣਕਾਰੀ ਹਾਸਲ ਕਰਨਗੇ। ਪੰਜਾਬ ਸਰਕਾਰ ਅਨੁਸਾਰ ਵਿਸਾਖੀ ਤੋਂ ਪਹਿਲਾਂ ਸਾਰੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਜਮ੍ਹਾਂ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮੁਆਵਜ਼ੇ ਦੀ ਰਾਸ਼ੀ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ੇ ਦੀ ਰਕਮ ਜਮ੍ਹਾਂ ਕਰਵਾਉਣ ਬਾਰੇ ਦੱਸਿਆ ਸੀ। ਮਾਨ ਨੇ ਕਿਹਾ ਕਿ ਜੋ ਵੀ ਕਿਸਾਨ ਮੌਜੂਦਾ ਸਮੇਂ ਵਿਚ ਖੇਤੀ ਕਰ ਰਿਹਾ ਹੈ, ਉਸ ਦੇ ਬੈਂਕ ਖਾਤੇ ਵਿਚ ਮੁਆਵਜ਼ੇ ਦੀ ਰਕਮ ਜਮ੍ਹਾ ਕਰਵਾਈ ਜਾਵੇਗੀ, ਭਾਵੇਂ ਖੇਤ ਦਾ ਮਾਲਕ ਕੋਈ ਹੋਰ ਹੋਵੇ।
ਸੀਐਮ ਮਾਨ ਨੇ ਪੰਜਾਬ ਸਰਕਾਰ ਵੱਲੋਂ ਦਿਹਾੜੀਦਾਰ ਮਜ਼ਦੂਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ।